ਨਵੀਂ ਦਿੱਲੀ, 26 ਮਈ (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਅਕਾਲੀ ਦਲ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਸੀਬੀਆਈ ਦੇ ਡਾਇਰੈਕਟਰ ਪ੍ਰਵੀਣ ਸੂਦ ਨਾਲ ਮੁਲਾਕਾਤ ਲਈ ਸਮਾਂ ਮੰਗਿਆ ਹੈ। ਸਰਨਾ ਨੇ ਭਾਈ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਦਾ ਵਿਰੋਧ ਕਰਨ ਅਤੇ ਦੂਜੇ ਪਾਸੇ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੂੰ ਵਾਰ-ਵਾਰ ਪੈਰੋਲ ਮਿਲਣ ‘ਤੇ ਸਵਾਲ ਖੜ੍ਹੇ ਕੀਤੇ ਹਨ। ਸੀਬੀਆਈ ਡਾਇਰੈਕਟਰ ਨੂੰ ਲਿਖੇ ਪੱਤਰ ਵਿੱਚ ਸਰਨਾ ਨੇ ਕਿਹਾ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਹਵਾਰਾ ਦੀ ਪੈਰੋਲ ਦਾ ਵਿਰੋਧ ਕਰਨ ਨਾਲ ਸਿੱਖ ਭਾਈਚਾਰੇ ਵਿੱਚ ਗੰਭੀਰ ਚਿੰਤਾ ਪੈਦਾ ਹੋਈ ਹੈ। ਉਨ੍ਹਾਂ ਕਿਹਾ ਕਿ ਰਾਮ ਰਹੀਮ, ਜੋ ਬਲਾਤਕਾਰ ਮਾਮਲੇ ਵਿੱਚ 20 ਸਾਲ ਦੀ ਸਜ਼ਾ ਕੱਟ ਰਿਹਾ ਹੈ, ਨੂੰ 2017 ਤੋਂ ਹੁਣ ਤੱਕ 16 ਵਾਰ ਪੈਰੋਲ ਜਾਂ ਫਰਲੋ ਮਿਲ ਚੁੱਕੀ ਹੈ ਅਤੇ ਉਹ ਮੁੜ 30 ਦਿਨਾਂ ਦੀ ਪੈਰੋਲ ‘ਤੇ ਜੇਲ੍ਹ ਤੋਂ ਬਾਹਰ ਆਇਆ ਹੈ। ਸਰਨਾ ਨੇ ਕਿਹਾ ਕਿ ਇਕ ਪਾਸੇ ਗੰਭੀਰ ਅਪਰਾਧਾਂ ਵਿੱਚ ਦੋਸ਼ੀ ਕਰਾਰ ਦਿੱਤੇ ਵਿਅਕਤੀ ਨੂੰ ਵਾਰ-ਵਾਰ ਰਾਹਤ ਮਿਲ ਰਹੀ ਹੈ, ਜਦਕਿ ਭਾਈ ਜਗਤਾਰ ਸਿੰਘ ਹਵਾਰਾ ਦੇ ਮਾਮਲੇ ਵਿੱਚ ਪੈਰੋਲ ਦਾ ਵਿਰੋਧ ਕੀਤਾ ਜਾ ਰਿਹਾ ਹੈ। ਇਸ ਨਾਲ ਕਾਨੂੰਨੀ ਮਾਪਦੰਡਾਂ ਦੇ ਚੁਣਿੰਦੇ ਤਰੀਕੇ ਨਾਲ ਲਾਗੂ ਹੋਣ ਦੀ ਧਾਰਣਾ ਮਜ਼ਬੂਤ ਹੋ ਰਹੀ ਹੈ ਅਤੇ ਸਿੱਖਾਂ ਵਿੱਚ ਨਾਰਾਜ਼ਗੀ ਵਧ ਰਹੀ ਹੈ। ਸਰਨਾ ਨੇ ਆਪਣੇ ਸਾਥੀਆਂ ਦੇ ਵਫ਼ਦ ਸਮੇਤ ਸੀਬੀਆਈ ਡਾਇਰੈਕਟਰ ਨਾਲ ਮੁਲਾਕਾਤ ਕਰਕੇ ਇਸ ਮਾਮਲੇ ‘ਚ ਸਪਸ਼ਟੀਕਰਨ ਮੰਗਣ ਦੀ ਗੱਲ ਕਹੀ ਹੈ।
Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।







