ਨਵੀਂ ਦਿੱਲੀ 27 ਮਈ (ਮਨਪ੍ਰੀਤ ਸਿੰਘ ਖਾਲਸਾ):- ਗੰਭੀਰ ਅਪਰਾਧਾਂ ਵਿੱਚ ਸਜ਼ਾ ਕੱਟ ਰਹੇ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੂੰ ਇਕ ਵਾਰ ਫਿਰ ਪਰੋਲ ਮਿਲਣ ‘ਤੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਗੁਰੂਬਾਣੀ ਰਿਸਰਚ ਫਾਊਂਡੇਸ਼ਨ ਦੇ ਮੁੱਖੀ ਅਤੇ ਦਿੱਲੀ ਕਮੇਟੀ ਦੀ ਧਰਮ ਪ੍ਰਚਾਰ ਵਿੰਗ ਦੇ ਸਾਬਕਾ ਕੋ ਚੇਅਰਮੈਨ ਭਾਈ ਪਰਮਜੀਤ ਸਿੰਘ ਵੀਰਜੀ ਨੇ ਰਾਜ ਸਰਕਾਰ ਅਤੇ ਦੇਸ਼ ਦੀ ਨਿਆਂ ਪ੍ਰਣਾਲੀ ‘ਤੇ ਸਖ਼ਤ ਸ਼ਬਦੀ ਹਮਲਾ ਕੀਤਾ ਹੈ। ਭਾਈ ਪਰਮਜੀਤ ਸਿੰਘ ਵੀਰਜੀ ਨੇ ਕਿਹਾ ਕਿ ਇੱਕ ਪਾਸੇ ਕਤਲ ਅਤੇ ਜਬਰ ਜਨਾਹ ਵਰਗੇ ਗੰਭੀਰ ਅਪਰਾਧਾਂ ਦੇ ਦੋਸ਼ੀ ਨੂੰ ਵਾਰ-ਵਾਰ ਪਰੋਲ ਦੇ ਕੇ ਖੁੱਲ੍ਹੀ ਛੂਟ ਦਿੱਤੀ ਜਾ ਰਹੀ ਹੈ, ਜਦਕਿ ਦੂਜੇ ਪਾਸੇ ਸਿੱਖ ਕੌਮ ਦੇ ਹੱਕਾਂ ਲਈ ਸੰਘਰਸ਼ ਕਰਨ ਵਾਲੇ ਬੰਦੀ ਸਿੰਘ, ਜੋ ਆਪਣੀਆਂ ਬਣਦੀਆਂ ਸਜ਼ਾਵਾਂ ਤੋਂ ਵੀ ਵੱਧ ਸਮਾਂ ਜੇਲ੍ਹਾਂ ਵਿੱਚ ਬਿਤਾ ਚੁੱਕੇ ਹਨ, ਨੂੰ ਰਿਹਾਈ ਦੇਣ ਤੋਂ ਸਰਕਾਰਾਂ ਟਾਲਮਟੋਲ ਕਰ ਰਹੀਆਂ ਹਨ। ਉਨ੍ਹਾਂ ਸਵਾਲ ਕੀਤਾ ਕਿ ਇਹ ਸਿਰਫ਼ ਕਾਨੂੰਨੀ ਵਿਤਕਰਾ ਨਹੀਂ, ਸਗੋਂ ਸਿੱਖ ਕੌਮ ਦੀਆਂ ਭਾਵਨਾਵਾਂ ਨਾਲ ਖੁੱਲ੍ਹਾ ਧੋਖਾ ਹੈ। “ਲੋਕਤੰਤਰ ਦਾ ਡੰਕਾ ਪੀਟਣ ਵਾਲੇ ਇਸ ਮੁਲਕ ਵਿੱਚ ਕਾਨੂੰਨ ਦਾ ਦੋਹਰਾ ਮਾਪਦੰਡ ਸਾਫ਼ ਨਜ਼ਰ ਆ ਰਿਹਾ ਹੈ। ਇੱਕ ਵਰਗ ਲਈ ਕਾਨੂੰਨ ਨਰਮ ਤੇ ਦੂਜੇ ਲਈ ਕਠੋਰ ਕਿਉਂ?”। ਭਾਈ ਪਰਮਜੀਤ ਸਿੰਘ ਵੀਰਜੀ ਨੇ ਦੋਸ਼ ਲਾਇਆ ਕਿ ਕੇਂਦਰ ਅਤੇ ਰਾਜ ਸਰਕਾਰਾਂ ਸਿਆਸੀ ਲਾਭ ਲਈ ਕਾਨੂੰਨ ਨੂੰ ਆਪਣੀ ਸਹੂਲਤ ਅਨੁਸਾਰ ਵਰਤ ਰਹੀਆਂ ਹਨ, ਜਿਸ ਕਾਰਨ ਸਿੱਖ ਨੌਜਵਾਨਾਂ ਅਤੇ ਪੰਥਕ ਹਲਕਿਆਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਬੰਦੀ ਸਿੰਘਾਂ ਦੇ ਮਸਲੇ ਨੂੰ ਇਨਸਾਫ਼ਪੂਰਨ ਢੰਗ ਨਾਲ ਹੱਲ ਨਾ ਕੀਤਾ ਗਿਆ ਤਾਂ ਲੋਕਾਂ ਦਾ ਭਰੋਸਾ ਨਿਆਂ ਪ੍ਰਣਾਲੀ ਤੋਂ ਪੂਰੀ ਤਰ੍ਹਾਂ ਉੱਠ ਜਾਵੇਗਾ। ਉਨ੍ਹਾਂ ਅੰਤ ਵਿੱਚ ਕਿਹਾ ਕਿ ਸਿੱਖ ਕੌਮ ਨਾਲ ਲਗਾਤਾਰ ਹੋ ਰਹੇ ਵਿਤਕਰੇ ਨੂੰ ਹੁਣ ਹੋਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।
Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।








