Home » ਨਵੀਂ ਦਿੱਲੀ » ਸ੍ਰੀ ਗੁਰੂ ਗ੍ਰੰਥ ਸਾਹਿਬ ਬੇਅਦਬੀ ਕਾਨੂੰਨ ਰੱਦ ਕਰਨ ਦੀ ਮੰਗ, ਅਕਾਲ ਤਖ਼ਤ ਤੋਂ ਧਰਮਯੁੱਧ ਮੋਰਚਾ ਲਗਾਉਣ ਦੀ ਅਪੀਲ: ਅਖੰਡ ਕੀਰਤਨੀ ਜੱਥਾ ਇੰਟਰਨੈਸ਼ਨਲ

ਸ੍ਰੀ ਗੁਰੂ ਗ੍ਰੰਥ ਸਾਹਿਬ ਬੇਅਦਬੀ ਕਾਨੂੰਨ ਰੱਦ ਕਰਨ ਦੀ ਮੰਗ, ਅਕਾਲ ਤਖ਼ਤ ਤੋਂ ਧਰਮਯੁੱਧ ਮੋਰਚਾ ਲਗਾਉਣ ਦੀ ਅਪੀਲ: ਅਖੰਡ ਕੀਰਤਨੀ ਜੱਥਾ ਇੰਟਰਨੈਸ਼ਨਲ

SHARE ARTICLE

9 Views

ਨਵੀਂ ਦਿੱਲੀ, 9 ਜੂਨ (ਮਨਪ੍ਰੀਤ ਸਿੰਘ ਖਾਲਸਾ):- ਅਖੰਡ ਕੀਰਤਨੀ ਜੱਥਾ ਇੰਟਰਨੈਸ਼ਨਲ ਵੱਲੋਂ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ 11 ਨੁਕਤਿਆਂ ਵਾਲਾ ਮੰਗ ਪੱਤਰ ਭੇਜ ਕੇ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਸਬੰਧੀ ਬਣਾਏ ਕਾਨੂੰਨ ਨੂੰ ਰੱਦ ਕਰਨ ਦੀ ਮੰਗ ਕੀਤੀ ਗਈ ਹੈ।
ਜੱਥੇ ਦੇ ਮੁੱਖੀ ਸੁਖਚੈਨ ਸਿੰਘ ਅਤੇ ਬੁਲਾਰੇ ਭਾਈ ਰਤਿੰਦਰ ਸਿੰਘ (ਇੰਦੌਰ) ਵੱਲੋਂ ਭੇਜੇ ਗਏ ਪੱਤਰ ਵਿੱਚ ਕਿਹਾ ਗਿਆ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਿੱਖਾਂ ਦੇ ਸਦੀਵੀ ਗੁਰੂ ਹਨ ਅਤੇ ਉਨ੍ਹਾਂ ਦੀ ਮਹਾਨਤਾ ਤੇ ਸਰਵਉੱਚ ਅਧਿਆਤਮਿਕ ਸਥਿਤੀ ਨੂੰ ਕਿਸੇ ਸਰਕਾਰੀ ਕਾਨੂੰਨ ਦੇ ਦਾਇਰੇ ਵਿੱਚ ਨਹੀਂ ਲਿਆਂਦਾ ਜਾ ਸਕਦਾ। ਉਨ੍ਹਾਂ ਦਲੀਲ ਦਿੱਤੀ ਕਿ ਸਿੱਖ ਇਤਿਹਾਸ ਗੁਰੂ ਸਾਹਿਬਾਨ ਤੋਂ ਲੈ ਕੇ ਅੱਜ ਤੱਕ ਧਾਰਮਿਕ ਮਰਯਾਦਾ ਅਤੇ ਗੁਰੂ ਸਾਹਿਬ ਦੇ ਸਤਿਕਾਰ ਦੀ ਰੱਖਿਆ ਲਈ ਦਿੱਤੀਆਂ ਕੁਰਬਾਨੀਆਂ ਦਾ ਗਵਾਹ ਹੈ। ਮੰਗ ਪੱਤਰ ਵਿੱਚ ਕਿਹਾ ਗਿਆ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਤੋਂ ਲੈ ਕੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਤੱਕ ਗੁਰੂ ਸਾਹਿਬਾਨ ਨੇ ਹਰ ਤਰ੍ਹਾਂ ਦੇ ਜ਼ੁਲਮ ਅਤੇ ਹਕੂਮਤੀ ਦਬਾਅ ਦਾ ਡਟ ਕੇ ਸਾਹਮਣਾ ਕੀਤਾ। ਇਸੇ ਤਰ੍ਹਾਂ ਬਾਬਾ ਬੰਦਾ ਸਿੰਘ ਬਹਾਦਰ, ਮਿਸਲਾਂ ਦੇ ਸਿੰਘਾਂ, ਮਹਾਰਾਜਾ ਰਣਜੀਤ ਸਿੰਘ, ਗਦਰੀ ਬਾਬਿਆਂ ਅਤੇ ਗੁਰਦੁਆਰਾ ਸੁਧਾਰ ਲਹਿਰ ਦੇ ਸ਼ਹੀਦਾਂ ਨੇ ਵੀ ਸਿੱਖੀ ਸਿਧਾਂਤਾਂ ਦੀ ਰੱਖਿਆ ਲਈ ਵੱਡੀਆਂ ਕੁਰਬਾਨੀਆਂ ਦਿੱਤੀਆਂ।
ਜੱਥੇ ਨੇ ਆਪਣੇ ਪੱਤਰ ਵਿੱਚ 1978 ਦੇ ਅੰਮ੍ਰਿਤਸਰ ਘਟਨਾਕ੍ਰਮ, ਜੂਨ 1984 ਦੇ ਫੌਜੀ ਹਮਲੇ ਅਤੇ ਨਵੰਬਰ 1984 ਦੇ ਸਿੱਖ ਕਤਲੇਆਮ ਦਾ ਜ਼ਿਕਰ ਕਰਦਿਆਂ ਕਿਹਾ ਕਿ ਸਿੱਖ ਕੌਮ ਨੇ ਹਰ ਦੌਰ ਵਿੱਚ ਆਪਣੇ ਧਾਰਮਿਕ ਅਸਥਾਨਾਂ, ਮਰਯਾਦਾ ਅਤੇ ਵਿਰਾਸਤ ਦੀ ਰੱਖਿਆ ਲਈ ਸੰਘਰਸ਼ ਕੀਤਾ ਹੈ।
ਮੰਗ ਪੱਤਰ ਵਿੱਚ ਜੱਥੇ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਿਰਫ਼ ਇੱਕ ਧਾਰਮਿਕ ਗ੍ਰੰਥ ਨਹੀਂ, ਸਗੋਂ ਕਰੋੜਾਂ ਸਿੱਖਾਂ ਦੀ ਆਸਥਾ, ਰੂਹਾਨੀਅਤ ਅਤੇ ਜੀਵਨ ਦਾ ਕੇਂਦਰ ਹਨ। ਜੱਥੇ ਅਨੁਸਾਰ ਸਿੱਖ ਕੌਮ ਨੇ ਆਪਣੇ ਗੁਰੂ ਦੇ ਸਤਿਕਾਰ ਅਤੇ ਮਰਯਾਦਾ ਦੀ ਰੱਖਿਆ ਲਈ ਇਤਿਹਾਸ ਭਰ ਵਿੱਚ ਅਣਗਿਣਤ ਸ਼ਹੀਦੀਆਂ ਦਿੱਤੀਆਂ ਹਨ ਅਤੇ ਭਵਿੱਖ ਵਿੱਚ ਵੀ ਇਸ ਮਾਮਲੇ ’ਤੇ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਥ ਦੀਆਂ ਭਾਵਨਾਵਾਂ ਨਾਲ ਜੁੜੇ ਇਸ ਮਸਲੇ ਦਾ ਹੱਲ ਸਿਰਫ਼ ਪੰਥਕ ਸਹਿਮਤੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਹੇਠ ਹੀ ਸੰਭਵ ਹੈ। 11 ਨੁਕਤਿਆਂ ਵਾਲੇ ਮੰਗ ਪੱਤਰ ਵਿੱਚ ਇਹ ਵੀ ਅਪੀਲ ਕੀਤੀ ਗਈ ਹੈ ਕਿ ਜੇਕਰ ਸਰਕਾਰ ਇਹ ਕਾਨੂੰਨ ਵਾਪਸ ਨਹੀਂ ਲੈਂਦੀ ਤਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਅਤੇ ਪੰਜ ਪਿਆਰੇ ਸਾਹਿਬਾਨ ਦੀ ਨਿਗਰਾਨੀ ਹੇਠ ਧਰਮਯੁੱਧ ਮੋਰਚਾ ਸ਼ੁਰੂ ਕੀਤਾ ਜਾਵੇ। ਇਸ ਮੋਰਚੇ ਵਿੱਚ ਲੰਬੇ ਸਮੇਂ ਤੋਂ ਜੇਲ੍ਹਾਂ ਵਿੱਚ ਬੰਦ ਸਿੱਖ ਕੈਦੀਆਂ ਦੀ ਰਿਹਾਈ, 1984 ਨਾਲ ਸਬੰਧਤ ਇਨਸਾਫ਼, ਸਿੱਖ ਇਤਿਹਾਸਕ ਵਿਰਾਸਤ ਦੀ ਵਾਪਸੀ, ਪੰਜਾਬ ਦੇ ਪਾਣੀਆਂ ਅਤੇ ਕਿਸਾਨਾਂ ਨਾਲ ਜੁੜੇ ਮਸਲਿਆਂ ਨੂੰ ਵੀ ਸ਼ਾਮਲ ਕਰਨ ਦੀ ਮੰਗ ਕੀਤੀ ਗਈ ਹੈ। ਜੱਥੇ ਨੇ ਸੁਝਾਅ ਦਿੱਤਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪ੍ਰਵਾਨਿਤ ਜਥੇ ਬਣਾ ਕੇ ਸੰਘਰਸ਼ ਚਲਾਇਆ ਜਾਵੇ ਅਤੇ ਪੰਜ ਪੰਜ ਸੌ ਦੇ ਜੱਥੇ ਬਣਾ ਕੇ ਹਰ ਰੋਜ ਜੇਲ੍ਹ ਭਰੋ ਅੰਦੋਲਨ ਵੀ ਸ਼ੁਰੂ ਕੀਤਾ ਜਾਏ ਤਾਂ ਜੋ ਪੰਥਕ ਏਕਤਾ ਮਜ਼ਬੂਤ ਹੋ ਸਕੇ ਅਤੇ ਸਿੱਖ ਕੌਮ ਨਾਲ ਜੁੜੇ ਲੰਬੇ ਸਮੇਂ ਤੋਂ ਲਟਕਦੇ ਮਸਲਿਆਂ ਦੇ ਹੱਲ ਲਈ ਸਰਕਾਰ ‘ਤੇ ਦਬਾਅ ਬਣਾਇਆ ਜਾ ਸਕੇ। ਅਖੰਡ ਕੀਰਤਨੀ ਜੱਥਾ ਇੰਟਰਨੈਸ਼ਨਲ ਨੇ ਕਿਹਾ ਕਿ ਇਹ ਅੰਦੋਲਨ ਨਿਰੋਲ ਧਾਰਮਿਕ ਅਤੇ ਗੈਰ-ਰਾਜਨੀਤਿਕ ਰੂਪ ਵਿੱਚ ਚਲਾਇਆ ਜਾਣਾ ਚਾਹੀਦਾ ਹੈ। ਜੱਥੇ ਨੇ ਸਮੂਹ ਪੰਥਕ ਜਥੇਬੰਦੀਆਂ, ਸੰਸਥਾਵਾਂ ਅਤੇ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਇਸ ਮੁੱਦੇ ’ਤੇ ਇਕਜੁੱਟ ਹੋ ਕੇ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਹੇਠ ਅਗਲੇ ਕਦਮਾਂ ਲਈ ਤਿਆਰ ਰਹਿਣ। ਇਥੇ ਦਸਣਯੋਗ ਹੈ ਕਿ ਭਾਈ ਰਤਿੰਦਰ ਸਿੰਘ ਇੰਦੌਰ ਵਲੋਂ ਆਰਐਸਐਸ, ਕਾਲਾ ਅਫਗਾਨਾ, ਦਸਮ ਗ੍ਰੰਥ ਅਤੇ ਕਈ ਹੋਰ ਮੁੱਦੇ ਤੇ ਅਕਾਲ ਸਾਹਿਬ ਵਲੋਂ ਆਦੇਸ਼ ਜਾਰੀ ਕਰਵਾਣ ਲਈ ਜਦੋਜਹਿਦ ਕੀਤੀ ਗਈ ਸੀ ਤੇ ਓਹ ਅਕਾਲ ਤਖਤ ਸਾਹਿਬ ਦੀ ਸਲਾਹਕਾਰ ਕਮੇਟੀ ਦੇ ਮੈਂਬਰ ਵੀ ਰਹੇ ਹਨ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News