ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੋਸ਼ਲ ਮੀਡੀਆ ਪਲੇਟਫਾਰਮ ਐਕਸ/ਟਵਿੱਟਰ ਨੂੰ ਭੇਜੇ ਕਾਨੂੰਨੀ ਨੋਟਿਸ ਮਗਰੋਂ ਕੰਪਨੀ ਵੱਲੋਂ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਦੇ ਨਾਂ ’ਤੇ ਬਣਾਏ ਗਏ ਇਕ ਫ਼ਰਜ਼ੀ/ਪੈਰੋਡੀ ਖਾਤੇ @SGPCAmritsar_ ਨੂੰ ਬੰਦ ਕਰ ਦਿੱਤਾ ਹੈ।
ਇਹ ਜਾਣਕਾਰੀ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਅਤੇ ਬੁਲਾਰੇ ਸ. ਹਰਜਭਨ ਸਿੰਘ ਵਕਤਾ ਨੇ ਦਿੱਤੀ ਹੈ।ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਾਂ ’ਤੇ ਇਸ ਪੈਰੋਡੀ ਖਾਤੇ ਰਾਹੀਂ ਐਕਸ/ਟਵਿੱਟਰ ’ਤੇ ਸਿੱਖ ਸੰਸਥਾ ਅਤੇ ਸਿੱਖ ਕੌਮ ਵਿਰੁੱਧ ਨਫ਼ਰਤੀ ਪ੍ਰਚਾਰ ਕੀਤਾ ਜਾ ਰਿਹਾ ਸੀ, ਜਿਸ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਨੇ ਸਖ਼ਤ ਨੋਟਿਸ ਲੈਂਦਿਆਂ ਕਾਨੂੰਨੀ ਕਾਰਵਾਈ ਕਰਨ ਦਾ ਫੈਸਲਾ ਲਿਆ ਸੀ।
ਉਨ੍ਹਾਂ ਦੱਸਿਆ ਕਿ ਮੁੱਢਲੇ ਤੌਰ ’ਤੇ ਸ਼੍ਰੋਮਣੀ ਕਮੇਟੀ ਦੇ ਕਾਨੂੰਨੀ ਸਲਾਹਕਾਰ ਐਡਵੋਕੇਟ ਅਮਨਬੀਰ ਸਿੰਘ ਸਿਆਲੀ ਰਾਹੀਂ ਭੇਜੇ ਗਏ ਕਾਨੂੰਨੀ ਨੋਟਿਸ ਮਗਰੋਂ ਬੀਤੇ ਕੱਲ੍ਹ ਐਕਸ ਵੱਲੋਂ ਇਹ ਫ਼ਰਜ਼ੀ ਖਾਤਾ ਬੰਦ ਕਰਨ ਦੀ ਜਾਣਕਾਰੀ ਬਾਰੇ ਇਕ ਈਮੇਲ ਪ੍ਰਾਪਤ ਹੋਈ ਹੈ।
ਸ. ਹਰਭਜਨ ਸਿੰਘ ਵਕਤਾ ਨੇ ਕਿਹਾ ਹਾਲਾਂਕਿ ਐਕਸ/ਟਵਿੱਟਰ ਵੱਲੋਂ ਸ਼੍ਰੋਮਣੀ ਕਮੇਟੀ ਦੇ ਨਾਂ ’ਤੇ ਫ਼ਰਜ਼ੀ/ਪੈਰੋਡੀ ਖਾਤਾ ਬੰਦ ਕਰ ਦਿੱਤਾ ਗਿਆ ਹੈ, ਪਰ ਇਸ ਨੂੰ ਚਲਾਉਣ ਵਾਲੇ ਸ਼ਰਾਰਤੀ ਅਨਸਰਾਂ ਦਾ ਪਤਾ ਲਗਾਉਣ ਬਾਰੇ ਵੀ ਕਾਰਵਾਈ ਜਾਰੀ ਰੱਖੀ ਜਾਵੇਗੀ। ਇਸ ਸਬੰਧ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਨਿਰਦੇਸ਼ਾਂ ਅਨੁਸਾਰ ਕਾਨੂੰਨੀ ਸਲਾਹਕਾਰ ਐਡਵੋਕੇਟ ਅਮਨਬੀਰ ਸਿੰਘ ਸਿਆਲੀ ਅਗਲੀ ਕਾਰਵਾਈ ਕਰਨਗੇ।
Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।