ਨਵੀਂ ਦਿੱਲੀ, 11 ਜੂਨ (ਮਨਪ੍ਰੀਤ ਸਿੰਘ ਖਾਲਸਾ):- ਸਵਿਸ ਯੂਨੀਵਰਸਿਟੀ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਦਾ ਇੱਕ ਵਫ਼ਦ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗੁਰਦੁਆਰਾ ਸਾਹਿਬ ਡੈਨੀਕਨ ਵਿਖੇ ਸਿੱਖ ਧਰਮ, ਸਿੱਖ ਇਤਿਹਾਸ ਅਤੇ ਗੁਰਮਤਿ ਪਰੰਪਰਾਵਾਂ ਬਾਰੇ ਜਾਣਕਾਰੀ ਹਾਸਲ ਕਰਨ ਲਈ ਪਹੁੰਚਿਆ। ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵੱਲੋਂ ਮਹਿਮਾਨਾਂ ਦਾ ਨਿੱਘਾ ਸਵਾਗਤ ਕੀਤਾ ਗਿਆ।ਇਸ ਮੌਕੇ ਜਾਣਕਾਰੀ ਦਿੰਦਿਆਂ ਸਰਦਾਰ ਪ੍ਰਿਤਪਾਲ ਸਿੰਘ ਖਾਲਸਾ ਨੇ ਦੱਸਿਆ ਕਿ ਪਿਛਲੇ ਕਈ ਸਾਲਾਂ ਤੋਂ ਸਵਿਸ ਯੂਨੀਵਰਸਿਟੀ ਦੇ ਵਿਦਿਆਰਥੀ ਅਤੇ ਅਧਿਆਪਕ ਗੁਰਦੁਆਰਾ ਸਾਹਿਬ ਡੈਨੀਕਨ ਵਿਖੇ ਆ ਕੇ ਸਿੱਖ ਧਰਮ ਬਾਰੇ ਜਾਣਕਾਰੀ ਪ੍ਰਾਪਤ ਕਰਦੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਦੌਰੇ ਵੱਖ-ਵੱਖ ਧਰਮਾਂ ਅਤੇ ਸਭਿਆਚਾਰਾਂ ਵਿਚਕਾਰ ਆਪਸੀ ਸਮਝ ਅਤੇ ਸਾਂਝ ਨੂੰ ਮਜ਼ਬੂਤ ਕਰਦੇ ਹਨ। ਓਨ੍ਹਾ ਦਸਿਆ ਸਭ ਤੋਂ ਪਹਿਲਾਂ ਮਹਿਮਾਨਾਂ ਨੂੰ ਲੰਗਰ ਹਾਲ ਵਿੱਚ ਲਿਜਾਇਆ ਗਿਆ, ਜਿੱਥੇ ਉਨ੍ਹਾਂ ਦੀ ਚਾਹ, ਪਾਣੀ ਅਤੇ ਬ੍ਰੈਡ-ਪਕੌੜਿਆਂ ਨਾਲ ਸੇਵਾ ਕੀਤੀ ਗਈ। ਇਸ ਤੋਂ ਬਾਅਦ ਉਨ੍ਹਾਂ ਨੂੰ ਦੀਵਾਨ ਹਾਲ ਵਿੱਚ ਲਿਆਂਦਾ ਗਿਆ, ਜਿੱਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਹਜ਼ੂਰੀ ਵਿੱਚ ਸਾਰਿਆਂ ਨੇ ਸ਼ਰਧਾ ਨਾਲ ਨਤਮਸਤਕ ਹੋ ਕੇ ਸਤਿਕਾਰ ਪ੍ਰਗਟਾਇਆ। ਸਰਦਾਰ ਪ੍ਰਿਤਪਾਲ ਸਿੰਘ ਖਾਲਸਾ ਨੇ ਲਗਭਗ ਇੱਕ ਘੰਟੇ ਤੱਕ ਸਿੱਖ ਧਰਮ ਦੇ ਮੁੱਢਲੇ ਸਿਧਾਂਤਾਂ, ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ, ਖਾਲਸਾ ਪੰਥ ਦੀ ਸਥਾਪਨਾ ਅਤੇ ਮਨੁੱਖਤਾ ਦੀ ਭਲਾਈ ਲਈ ਸਿੱਖ ਧਰਮ ਦੇ ਯੋਗਦਾਨ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਇਸ ਦੌਰਾਨ ਵਿਦਿਆਰਥੀਆਂ ਵੱਲੋਂ ਪੁੱਛੇ ਗਏ ਸਵਾਲਾਂ ਦੇ ਵੀ ਤਸੱਲੀਬਖ਼ਸ਼ ਜਵਾਬ ਦਿੱਤੇ ਗਏ। ਇਸ ਮੌਕੇ ਭਾਈ ਸਾਹਿਬ ਗ੍ਰੰਥੀ ਸਿੰਘ ਨੇ ਹੁਕਮਨਾਮੇ ਦਾ ਪਾਵਨ ਸ਼ਬਦ ਸਰਵਣ ਕਰਵਾਇਆ, ਜਿਸ ਨੂੰ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਬੜੀ ਸ਼ਰਧਾ ਅਤੇ ਸ਼ਾਂਤੀ ਨਾਲ ਸੁਣਿਆ ਉਪਰੰਤ ਸਰਦਾਰ ਪ੍ਰਿਤਪਾਲ ਸਿੰਘ ਖਾਲਸਾ ਨੇ ਹੁਕਮਨਾਮੇ ਦੀ ਮਹੱਤਤਾ ਅਤੇ ਸਿੱਖ ਜੀਵਨ ਵਿੱਚ ਇਸ ਦੀ ਅਹਿਮ ਭੂਮਿਕਾ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ਮਹਿਮਾਨਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਰਿਕਰਮਾ ਵੀ ਕੀਤੀ। ਪ੍ਰੋਗਰਾਮ ਦੇ ਅੰਤ ਵਿੱਚ ਸਮੂਹ ਵੱਲੋਂ ਯਾਦਗਾਰੀ ਤਸਵੀਰ ਖਿਚਵਾਈ ਗਈ। ਇਸ ਤੋਂ ਬਾਅਦ ਸਾਰੇ ਮਹਿਮਾਨਾਂ ਨੇ ਲੰਗਰ ਹਾਲ ਵਿੱਚ ਪੰਗਤ ਵਿਚ ਬੈਠ ਕੇ ਗੁਰੂ ਕਾ ਲੰਗਰ ਛਕਿਆ ਅਤੇ ਸਿੱਖ ਧਰਮ ਦੀ ਲੰਗਰ ਪਰੰਪਰਾ ਦੀ ਭਰਪੂਰ ਸ਼ਲਾਘਾ ਕੀਤੀ। ਅਖੀਰ ਵਿੱਚ ਵਫ਼ਦ ਦੀ ਅਧਿਆਪਕਾ ਨੇ ਸਰਦਾਰ ਪ੍ਰਿਤਪਾਲ ਸਿੰਘ ਖਾਲਸਾ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਧੰਨਵਾਦ ਕਰਦਿਆਂ ਆਉਣੀ ਵਿਥ ਅਨੁਸਾਰ ਗੁਰੂ ਘਰ ਲਈ ਭੇਟ ਵਜੋਂ ਮਾਇਆ ਅਰਪਣ ਕੀਤੀ। ਇਸ ਸਮੁੱਚੇ ਪ੍ਰੋਗਰਾਮ ਨੂੰ ਸਫਲ ਬਣਾਉਣ ਵਿੱਚ ਸਰਦਾਰ ਤਰਸੇਮ ਸਿੰਘ ਨੇ ਵੀ ਵਿਸ਼ੇਸ਼ ਯੋਗਦਾਨ ਪਾਇਆ।
Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।








