Home » ਨਵੀਂ ਦਿੱਲੀ » ਬੇਅਦਬੀਆਂ ਦੇ ਆੜ ‘ਚ ਪੰਜਾਬ ਨੂੰ ਅਸ਼ਾਂਤ ਕਰਨ ਦੀ ਸਾਜ਼ਿਸ਼, ਦੋਸ਼ੀ ਤੱਤਾਂ ਨੂੰ ਤੁਰੰਤ ਕੀਤਾ ਜਾਵੇ ਬੇਨਕਾਬ: ਸ਼੍ਰੋਮਣੀ ਰਾਗੀ ਸਭਾ ਸ਼੍ਰੀ ਅੰਮ੍ਰਿਤਸਰ

ਬੇਅਦਬੀਆਂ ਦੇ ਆੜ ‘ਚ ਪੰਜਾਬ ਨੂੰ ਅਸ਼ਾਂਤ ਕਰਨ ਦੀ ਸਾਜ਼ਿਸ਼, ਦੋਸ਼ੀ ਤੱਤਾਂ ਨੂੰ ਤੁਰੰਤ ਕੀਤਾ ਜਾਵੇ ਬੇਨਕਾਬ: ਸ਼੍ਰੋਮਣੀ ਰਾਗੀ ਸਭਾ ਸ਼੍ਰੀ ਅੰਮ੍ਰਿਤਸਰ

SHARE ARTICLE

10 Views

👉 ਬੇਅਦਬੀ ਕਾਂਡਾਂ ‘ਚ ਮੋਹਰੇ ਹੀ ਹੁੰਦੇ ਹਨ ਕਾਬੂ, ਪਰਦੇ ਪਿੱਛੇ ਬੈਠੇ ਮਾਸਟਰਮਾਈਂਡ ਹਰ ਵਾਰ ਕਿਵੇਂ ਬਚ ਜਾਂਦੇ ਹਨ..?

ਨਵੀਂ ਦਿੱਲੀ 12 ਜੂਨ (ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਰਾਗੀ ਸਭਾ ਸ੍ਰੀ ਅੰਮ੍ਰਿਤਸਰ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਮੂਹ ਅੰਦਰ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿੱਚ ਬੇਅਦਬੀ ਕਰਨ ਦੀ ਕੋਸ਼ਿਸ਼ ਦੀ ਘੋਰ ਨਿੰਦਾ ਕਰਦਿਆਂ ਇਸ ਨੂੰ ਸਿੱਖ ਕੌਮ ਦੀਆਂ ਧਾਰਮਿਕ ਭਾਵਨਾਵਾਂ ਉੱਤੇ ਸਿੱਧਾ ਹਮਲਾ ਕਰਾਰ ਦਿੱਤਾ ਹੈ। ਇੰਨ੍ਹਾ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਰਾਗੀ ਸਭਾ ਸ਼੍ਰੀ ਅੰਮ੍ਰਿਤਸਰ ਦੇ ਪ੍ਰਧਾਨ ਅਤੇ ਸ਼੍ਰੀ ਦਰਬਾਰ ਸਾਹਿਬ ਜੀ ਦੇ ਹਜੂਰੀ ਰਾਗੀ ਭਾਈ ਉਂਕਾਰ ਸਿੰਘ ਦੇ ਨਾਲ ਭਾਈ ਸ਼ੁਭਦੀਪ ਸਿੰਘ, ਭਾਈ ਅਮਨਦੀਪ ਸਿੰਘ, ਭਾਈ ਸਤਨਾਮ ਸਿੰਘ ਕੋਹਾੜਕਾ, ਭਾਈ ਕਾਰਜ ਸਿੰਘ, ਭਾਈ ਲਖਵਿੰਦਰ ਸਿੰਘ, ਭਾਈ ਗੁਰਵਿੰਦਰ ਸਿੰਘ ਅਨੰਦਪੁਰੀ, ਭਾਈ ਪਲਵਿੰਦਰ ਸਿੰਘ, ਭਾਈ ਸਤਿੰਦਰਬੀਰ ਸਿੰਘ, ਭਾਈ ਨਵਨੀਤ ਸਿੰਘ, ਭਾਈ ਕੰਵਲਦੀਪ ਸਿੰਘ, ਭਾਈ ਬਿਕਰਮਜੀਤ ਸਿੰਘ, ਭਾਈ ਕਰਨੈਲ ਸਿੰਘ, ਭਾਈ ਸਿਮਰਨਜੀਤ ਸਿੰਘ ਨੇ ਮੀਡੀਆ ਨੂੰ ਜਾਰੀ ਕੀਤੇ ਇਕ ਬਿਆਨ ਰਾਹੀਂ ਕਿਹਾ ਕਿ ਪਿਛਲੇ ਕੁਝ ਸਾਲਾਂ ਤੋਂ ਪੰਜਾਬ ਅਤੇ ਖਾਸ ਕਰਕੇ ਸਿੱਖ ਧਾਰਮਿਕ ਅਸਥਾਨਾਂ ਨੂੰ ਨਿਸ਼ਾਨਾ ਬਣਾ ਕੇ ਵਾਰ-ਵਾਰ ਬੇਅਦਬੀ ਦੀਆਂ ਕੋਸ਼ਿਸ਼ਾਂ ਹੋ ਰਹੀਆਂ ਹਨ। ਜਦੋਂ ਕੋਈ ਵਿਅਕਤੀ ਬਿਨਾਂ ਪੂਰੀ ਜਾਂਚ-ਪੜਤਾਲ ਦੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਨੇੜੇ ਤੱਕ ਪਹੁੰਚ ਜਾਂਦਾ ਹੈ ਤਾਂ ਇਹ ਸੁਰੱਖਿਆ ਪ੍ਰਬੰਧਾਂ ਉੱਤੇ ਗੰਭੀਰ ਸਵਾਲ ਖੜ੍ਹੇ ਕਰਦਾ ਹੈ। ਸ਼੍ਰੋਮਣੀ ਰਾਗੀ ਸਭਾ ਸ਼੍ਰੀ ਅੰਮ੍ਰਿਤਸਰ ਨੇ ਸਵਾਲ ਕੀਤਾ ਕਿ ਦਸੰਬਰ 2021 ਵਿੱਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਈ ਬੇਅਦਬੀ ਦੀ ਕੋਸ਼ਿਸ਼ ਦੇ ਅਸਲ ਸੂਤਰਧਾਰ ਅੱਜ ਤੱਕ ਲੋਕਾਂ ਸਾਹਮਣੇ ਕਿਉਂ ਨਹੀਂ ਲਿਆਂਦੇ ਗਏ। ਸਭਾ ਨੇ ਕਿਹਾ ਕਿ ਬੇਅਦਬੀ ਕਾਂਡਾਂ ਪਿੱਛੇ ਕੰਮ ਕਰ ਰਹੀਆਂ ਤਾਕਤਾਂ ਨੂੰ ਅੱਜ ਤੱਕ ਬੇਨਕਾਬ ਨਾ ਕੀਤਾ ਜਾਣਾ ਚਿੰਤਾ ਦਾ ਵਿਸ਼ਾ ਹੈ। ਰਾਗੀ ਸਭਾ ਨੇ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਨੂੰ ਕਿਹਾ ਕਿ ਸਿਰਫ਼ ਦੋਸ਼ੀ ਨੂੰ ਗ੍ਰਿਫ਼ਤਾਰ ਕਰਨਾ ਕਾਫ਼ੀ ਨਹੀਂ, ਸਗੋਂ ਇਸ ਮਾਮਲੇ ਨਾਲ ਜੁੜੇ ਸਾਰੇ ਤੱਥ ਅਤੇ ਸਾਜ਼ਿਸ਼ ਵਿੱਚ ਸ਼ਾਮਲ ਲੋਕਾਂ ਨੂੰ ਵੀ ਸਾਹਮਣੇ ਲਿਆਂਦਾ ਜਾਵੇ। ਰਾਗੀ ਸਭਾ ਨੇ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ ਦੇ ਸੇਵਾਦਾਰਾਂ ਅਤੇ ਸੁਰੱਖਿਆ ਕਰਮਚਾਰੀਆਂ ਦੀ ਸਚੇਤਤਾ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਤੁਰੰਤ ਕਾਰਵਾਈ ਕਾਰਨ ਇੱਕ ਵੱਡੀ ਬੇਅਦਬੀ ਹੋਣ ਤੋਂ ਟਲ ਗਈ। ਨਾਲ ਹੀ ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਅਤੇ ਸੰਗਤਾਂ ਨੂੰ ਅਪੀਲ ਕੀਤੀ ਕਿ ਗੁਰੂ ਘਰਾਂ ਦੀ ਸੁਰੱਖਿਆ ਨੂੰ ਹੋਰ ਮਜ਼ਬੂਤ ਬਣਾਇਆ ਜਾਵੇ ਅਤੇ ਹਰ ਸ਼ੱਕੀ ਗਤੀਵਿਧੀ ਉੱਤੇ ਨਿਗਰਾਨੀ ਰੱਖੀ ਜਾਵੇ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News