👉 ਮਾਮਲਾ ਨਵੇਂ ਕਾਨੂੰਨ ਜਾਗ੍ਰਤ ਜੋਤ ਸ਼੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਤਹਿਤ ਹੋਵੇ ਦਰਜ
ਨਵੀਂ ਦਿੱਲੀ 13 ਜੂਨ (ਮਨਪ੍ਰੀਤ ਸਿੰਘ ਖਾਲਸਾ):- ਗੁਰਦੁਆਰਾ ਬਾਬਾ ਗੁਰਬਖ਼ਸ਼ ਸਿੰਘ ਵਿਖੇ ਬੀਤੇ ਦਿਨ ਵਾਪਰੀ ਬੇਅਦਬੀ ਦੀ ਘਟਨਾ ਸਬੰਧੀ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਦੇ ਸਾਬਕਾ ਹਜੂਰੀ ਰਾਗੀ ਭਾਈ ਗੁਰਦੇਵ ਸਿੰਘ ਕੋਹਾੜਕਾ ਨੇ ਗੰਭੀਰ ਚਿੰਤਾ ਪ੍ਰਗਟ ਕਰਦਿਆਂ ਕਿਹਾ ਹੈ ਕਿ ਲਗਾਤਾਰ ਵਾਪਰ ਰਹੀਆਂ ਬੇਅਦਬੀ ਦੀਆਂ ਘਟਨਾਵਾਂ ਸਿੱਖ ਕੌਮ ਦੀਆਂ ਧਾਰਮਿਕ ਭਾਵਨਾਵਾਂ ਨੂੰ ਗਹਿਰੀ ਠੇਸ ਪਹੁੰਚਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਮਾਮਲਿਆਂ ਵਿੱਚ ਸੱਚਾਈ ਨੂੰ ਸਾਹਮਣੇ ਲਿਆਉਣ ਅਤੇ ਅਸਲ ਦੋਸ਼ੀਆਂ ਨੂੰ ਬੇਨਕਾਬ ਕਰਨ ਲਈ ਲੋੜੀਂਦੀ ਗੰਭੀਰਤਾ ਅਜੇ ਤੱਕ ਨਹੀਂ ਦਿਖਾਈ ਗਈ। ਭਾਈ ਕੋਹਾੜਕਾ ਨੇ ਕਿਹਾ ਕਿ ਜਦੋਂ ਤੱਕ ਪਿਛਲੀਆਂ ਬੇਅਦਬੀ ਘਟਨਾਵਾਂ ਦੀ ਨਿਰਪੱਖ ਜਾਂਚ ਕਰਕੇ ਸੱਚਾਈ ਸਾਹਮਣੇ ਨਹੀਂ ਲਿਆਂਦੀ ਜਾਂਦੀ ਅਤੇ ਦੋਸ਼ੀਆਂ ਨੂੰ ਕਾਨੂੰਨ ਅਨੁਸਾਰ ਸਜ਼ਾ ਨਹੀਂ ਮਿਲਦੀ, ਉਦੋਂ ਤੱਕ ਅਜਿਹੀਆਂ ਘਟਨਾਵਾਂ ਦੇ ਦੁਹਰਾਏ ਜਾਣ ਦਾ ਖ਼ਤਰਾ ਬਣਿਆ ਰਹੇਗਾ। 2015 ਦੀਆਂ ਬੇਅਦਬੀ ਘਟਨਾਵਾਂ ਤੋਂ ਲੈ ਕੇ ਦਰਬਾਰ ਸਾਹਿਬ ਕੰਪਲੈਕਸ ਅਤੇ ਹੋਰ ਥਾਵਾਂ ’ਤੇ ਵਾਪਰੀਆਂ ਘਟਨਾਵਾਂ ਬਾਰੇ ਅੱਜ ਵੀ ਸੰਗਤ ਇਹ ਜਾਣਨਾ ਚਾਹੁੰਦੀ ਹੈ ਕਿ ਅਸਲ ਦੋਸ਼ੀ ਕੌਣ ਸਨ ਅਤੇ ਉਨ੍ਹਾਂ ਦੇ ਪਿੱਛੇ ਕਿਹੜੀਆਂ ਤਾਕਤਾਂ ਸਰਗਰਮ ਸਨ। ਉਨ੍ਹਾਂ ਕਿਹਾ ਕਿ ਗੁਰਦੁਆਰਾ ਬਾਬਾ ਗੁਰਬਖ਼ਸ਼ ਸਿੰਘ ਵਿਖੇ ਹੋਈ ਤਾਜ਼ਾ ਬੇਅਦਬੀ ਦੀ ਘਟਨਾ ਵਿੱਚ ਭਾਰਤੀ ਨਿਆਂ ਸੰਹਿਤਾ ਦਾ ਨਵਾਂ ਖਰੜਾ ਲਾਗੂ ਹੋਣ ਦੇ ਬਾਵਜੂਦ ਪੁਰਾਣੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਜਾਣਾ ਨਵੇਂ ਕਾਨੂੰਨੀ ਢਾਂਚੇ ਦੀ ਭਾਵਨਾ ਦੇ ਉਲਟ ਹੈ। ਉਨ੍ਹਾਂ ਕਿਹਾ ਕਿ ਜਦੋਂ ਨਵਾਂ ਫੌਜਦਾਰੀ ਕਾਨੂੰਨੀ ਢਾਂਚਾ ਲਾਗੂ ਹੋ ਚੁੱਕਾ ਹੈ ਤਾਂ ਅਜਿਹੇ ਸੰਵੇਦਨਸ਼ੀਲ ਅਤੇ ਗੰਭੀਰ ਮਾਮਲਿਆਂ ਵਿੱਚ ਕਾਰਵਾਈ ਵੀ ਮੌਜੂਦਾ ਕਾਨੂੰਨ ਅਨੁਸਾਰ ਹੀ ਕੀਤੀ ਜਾਣੀ ਚਾਹੀਦੀ ਹੈ। ਭਾਈ ਗੁਰਦੇਵ ਸਿੰਘ ਕੋਹਾੜਕਾ ਨੇ ਪੰਜਾਬ ਰਾਜ ਸਰਕਾਰ ਤੋਂ ਮੰਗ ਕੀਤੀ ਕਿ ਇਸ ਮਾਮਲੇ ਦੀ ਕਾਨੂੰਨੀ ਪੱਖੋਂ ਮੁੜ ਸਮੀਖਿਆ ਕਰਵਾਈ ਜਾਵੇ ਅਤੇ ਮਾਮਲੇ ਨੂੰ ਭਾਰਤੀ ਨਿਆਂ ਸੰਹਿਤਾ ਦੀਆਂ ਸੰਬੰਧਿਤ ਸੋਧ ਕੀਤੀਆਂ ਧਾਰਾਵਾਂ ਤਹਿਤ ਦਰਜ ਕਰਕੇ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ। ਉਨ੍ਹਾਂ ਕਿਹਾ ਕਿ ਬੇਅਦਬੀ ਵਰਗੇ ਮਾਮਲਿਆਂ ਵਿੱਚ ਕਾਨੂੰਨੀ ਅਸਪਸ਼ਟਤਾ ਜਾਂ ਲਾਪਰਵਾਹੀ ਕਿਸੇ ਵੀ ਹਾਲਤ ਵਿੱਚ ਸਵੀਕਾਰ ਨਹੀਂ ਕੀਤੀ ਜਾ ਸਕਦੀ। ਉਨ੍ਹਾਂ ਕਿਹਾ ਕਿ ਬੇਅਦਬੀ ਦੀ ਹਰ ਘਟਨਾ ਸਿਰਫ਼ ਇੱਕ ਅਪਰਾਧ ਨਹੀਂ, ਸਗੋਂ ਕਰੋੜਾਂ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ’ਤੇ ਸਿੱਧਾ ਹਮਲਾ ਹੈ। ਇਸ ਲਈ ਪੰਜਾਬ ਰਾਜ ਸਰਕਾਰ, ਜਾਂਚ ਏਜੰਸੀਆਂ ਅਤੇ ਸੰਬੰਧਿਤ ਸੰਸਥਾਵਾਂ ਨੂੰ ਚਾਹੀਦਾ ਹੈ ਕਿ ਉਹ ਹਰ ਬੇਅਦਬੀ ਮਾਮਲੇ ਦੀ ਪਾਰਦਰਸ਼ੀ, ਨਿਰਪੱਖ ਅਤੇ ਸਮੇਂਬੱਧ ਜਾਂਚ ਯਕੀਨੀ ਬਣਾਉਣ, ਸੱਚਾਈ ਨੂੰ ਸੰਗਤ ਸਾਹਮਣੇ ਲਿਆਉਣ ਅਤੇ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾਵਾਂ ਦਿਵਾਉਣ। ਭਾਈ ਕੋਹਾੜਕਾ ਨੇ ਕਿਹਾ ਕਿ ਜੇਕਰ ਬੇਅਦਬੀ ਦੇ ਮਾਮਲਿਆਂ ਵਿੱਚ ਇਨਸਾਫ਼ ਅਤੇ ਜਵਾਬਦੇਹੀ ਨੂੰ ਯਕੀਨੀ ਨਾ ਬਣਾਇਆ ਗਿਆ ਤਾਂ ਸੰਗਤ ਦੇ ਮਨਾਂ ਵਿੱਚ ਮੌਜੂਦ ਸ਼ੱਕ-ਸੰਦੇਹ ਹੋਰ ਗਹਿਰੇ ਹੋਣਗੇ ਅਤੇ ਲੋਕਾਂ ਦਾ ਭਰੋਸਾ ਕਾਨੂੰਨੀ ਅਤੇ ਪ੍ਰਸ਼ਾਸਨਿਕ ਪ੍ਰਣਾਲੀ ਤੋਂ ਉੱਠਦਾ ਜਾਵੇਗਾ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸਮੇਂ ਦੀ ਮੰਗ ਹੈ ਕਿ ਗੁਰਦੁਆਰਾ ਬਾਬਾ ਗੁਰਬਖ਼ਸ਼ ਸਿੰਘ ਵਿਖੇ ਹੋਈ ਤਾਜ਼ਾ ਬੇਅਦਬੀ ਦੀ ਘਟਨਾ ਸਮੇਤ ਸਾਰੇ ਲੰਬਿਤ ਬੇਅਦਬੀ ਮਾਮਲਿਆਂ ਦੀ ਸੱਚਾਈ ਸਾਹਮਣੇ ਲਿਆ ਕੇ ਕੌਮ ਨੂੰ ਇਨਸਾਫ਼ ਪ੍ਰਦਾਨ ਕੀਤਾ ਜਾਵੇ।
Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।







