ਪਾਕਿਸਤਾਨ, 17 ਜੂਨ (ਮਨਪ੍ਰੀਤ ਸਿੰਘ ਖਾਲਸਾ):- ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ (ਪੀਐਸਜੀਪੀਸੀ) ਵੱਲੋਂ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਬੀਤੇ ਦਿਨ ਇਤਿਹਾਸਕ ਗੁਰਦੁਆਰਾ ਡੇਹਰਾ ਸਾਹਿਬ, ਲਾਹੌਰ ਵਿਖੇ ਬੜੀ ਸ਼ਰਧਾ, ਭਾਵਨਾ ਅਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਪਾਵਨ ਅਵਸਰ ਮੌਕੇ ਭਾਰਤ ਸਮੇਤ ਵੱਖ-ਵੱਖ ਦੇਸ਼ਾਂ ਤੋਂ ਆਈਆਂ ਸੰਗਤਾਂ ਨੇ ਵੱਡੀ ਗਿਣਤੀ ਵਿੱਚ ਹਾਜ਼ਰੀ ਭਰ ਕੇ ਗੁਰੂ ਚਰਨਾਂ ਵਿੱਚ ਨਤਮਸਤਕ ਹੋਣ ਦਾ ਸੁਭਾਗ ਪ੍ਰਾਪਤ ਕੀਤਾ। ਇਥੇ ਦੱਸਣਯੋਗ ਹੈ ਕਿ ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਰੱਦ ਕੀਤੇ ਗਏ ਨਾਨਕਸ਼ਾਹੀ ਕੈਲੰਡਰ ਮੁਤਾਬਿਕ ਹਰ ਸਾਲ 16 ਜੂਨ ਨੂੰ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਗੁਰਪੁਰਬ ਮਨਾਉਂਦੀ ਹੈ। ਭਾਰਤ ਤੋਂ ਸੰਗਤਾਂ ਦੇ ਜੱਥੇ 10 ਜੂਨ ਨੂੰ ਪਾਕਿਸਤਾਨ ਪੁੱਜੇ ਸਨ ਅਤੇ ਉਨ੍ਹਾਂ ਦੀ ਵਾਪਸੀ 19 ਜੂਨ ਨੂੰ ਨਿਰਧਾਰਤ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਹਰਜੋਤ ਸ਼ਾਹ ਸਿੰਘ ਨੇ ਦੱਸਿਆ ਕਿ ਸਮਾਗਮ ਦੌਰਾਨ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਉਪਰੰਤ ਗੁਰਮਤਿ ਸਮਾਗਮ ਸਜਾਏ ਗਏ। ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਸਿੰਘਾਂ ਨੇ ਵਿਸ਼ੇਸ਼ ਤੌਰ ‘ਤੇ ਹਾਜ਼ਰੀ ਭਰਦਿਆਂ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਜੋੜਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਦੇਸ਼-ਵਿਦੇਸ਼ ਤੋਂ ਪਹੁੰਚੀਆਂ ਸੰਗਤਾਂ ਨੇ ਕੀਰਤਨ ਸਰਵਣ ਕਰਕੇ ਗੁਰੂ ਸਾਹਿਬ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਤਿਕਾਰ ਭੇਟ ਕੀਤਾ। ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਰਮੇਸ਼ ਸਿੰਘ ਅਰੋੜਾ ਨੇ ਵਿਦੇਸ਼ਾਂ ਤੋਂ ਆਈਆਂ ਸੰਗਤਾਂ ਨੂੰ ਜੀ ਆਇਆਂ ਆਖਿਆ ਅਤੇ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਮੌਕੇ ਪਾਕਿਸਤਾਨ ਸਥਿਤ ਗੁਰਦੁਆਰਾ ਸਾਹਿਬਾਨਾਂ ਦੇ ਦਰਸ਼ਨ-ਦੀਦਾਰੇ ਲਈ ਸੰਗਤਾਂ ਦੇ ਜੱਥੇ ਭੇਜਣ ਵਾਸਤੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਦਾ ਵਿਸ਼ੇਸ਼ ਧੰਨਵਾਦ ਕੀਤਾ। ਉਨ੍ਹਾਂ ਆਸ ਪ੍ਰਗਟਾਈ ਕਿ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਵੱਡੀ ਗਿਣਤੀ ਵਿੱਚ ਸੰਗਤਾਂ ਦੇ ਜੱਥੇ ਪਾਕਿਸਤਾਨ ਆਉਂਦੇ ਰਹਿਣਗੇ ਅਤੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਦੇ ਰਹਿਣਗੇ। ਅੰਤ ਵਿੱਚ ਉਨ੍ਹਾਂ ਦੱਸਿਆ ਕਿ ਵਿਦੇਸ਼ਾਂ ਤੋਂ ਆਈਆਂ ਸੰਗਤਾਂ ਦੀ ਸੁਰੱਖਿਆ ਅਤੇ ਹੋਰ ਲੋੜੀਂਦੇ ਪ੍ਰਬੰਧਾਂ ਲਈ ਪਾਕਿਸਤਾਨੀ ਪ੍ਰਸ਼ਾਸਨ ਵੱਲੋਂ ਵੀ ਵਿਸ਼ੇਸ਼ ਇੰਤਜ਼ਾਮ ਕੀਤੇ ਗਏ ਸਨ। ਇਸ ਮੌਕੇ ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਈਵੈਕੂਈ ਟਰੱਸਟ ਪ੍ਰਾਪਰਟੀ ਬੋਰਡ ਦੇ ਕਈ ਪਤਵੰਤੇ ਸੱਜਣਾਂ ਨੇ ਵੀ ਹਾਜ਼ਰੀ ਭਰ ਕੇ ਸੰਗਤਾਂ ਦੇ ਦਰਸ਼ਨ ਕੀਤੇ।
Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।








