Home » ਨਵੀਂ ਦਿੱਲੀ » ਹੇਮਕੁੰਟ ਸਾਹਿਬ ਯਾਤਰਾ ਦੌਰਾਨ ਨਿਹੰਗ ਸਿੰਘਾਂ ਨਾਲ ਹੋਈ ਘਟਨਾ ਦੀ ਜਾਂਚ ਹਰਿਦੁਆਰ ਐਸਐਸਪੀ ਨੂੰ ਸੌਂਪੀ

ਹੇਮਕੁੰਟ ਸਾਹਿਬ ਯਾਤਰਾ ਦੌਰਾਨ ਨਿਹੰਗ ਸਿੰਘਾਂ ਨਾਲ ਹੋਈ ਘਟਨਾ ਦੀ ਜਾਂਚ ਹਰਿਦੁਆਰ ਐਸਐਸਪੀ ਨੂੰ ਸੌਂਪੀ

SHARE ARTICLE

5 Views

👉 ਗ੍ਰਿਫਤਾਰ ਨਿਹੰਗ ਸਿੰਘਾਂ ਦੀ ਜ਼ਮਾਨਤ ਲਈ ਕੇਸ ਦੀ ਪੈਰਵੀ ਦਿੱਲੀ ਗੁਰਦੁਆਰਾ ਕਮੇਟੀ ਕਰੇਗੀ: ਕਾਲਕਾ, ਕਾਹਲੋਂ

ਨਵੀਂ ਦਿੱਲੀ, 22 ਜੂਨ (ਮਨਪ੍ਰੀਤ ਸਿੰਘ ਖਾਲਸਾ): ਉੱਤਰਾਖੰਡ ਦੇ ਚਮੌਲੀ ਵਿੱਚ ਸ੍ਰੀ ਹੇਮਕੁੰਟ ਸਾਹਿਬ ਯਾਤਰਾ ਦੌਰਾਨ ਨਿਹੰਗ ਸਿੰਘਾਂ ਨਾਲ ਹੋਈ ਕੁੱਟਮਾਰ ਅਤੇ ਪੁਲਿਸ ਕਾਰਵਾਈ ਦੇ ਮਾਮਲੇ ਸਬੰਧੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਫ਼ਦ ਨੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਦੀ ਅਗਵਾਈ ਹੇਠ ਉੱਤਰਾਖੰਡ ਦੇ ਡੀਜੀਪੀ ਦੀਪਮ ਸੇਠ ਨਾਲ ਮੁਲਾਕਾਤ ਕੀਤੀ। ਕਮੇਟੀ ਨੇ ਦੱਸਿਆ ਕਿ 16 ਜੂਨ ਨੂੰ ਕਰਨਪ੍ਰਯਾਗ ਵਿੱਚ ਚਾਰ ਨਿਹੰਗ ਸਿੰਘਾਂ ਨਾਲ ਸਥਾਨਕ ਲੋਕਾਂ ਵੱਲੋਂ ਮਾਰਕੁੱਟ ਕੀਤੀ ਗਈ ਸੀ, ਜਿਸ ਤੋਂ ਬਾਅਦ ਪੁਲਿਸ ਨੇ ਉਨ੍ਹਾਂ ਖ਼ਿਲਾਫ਼ ਕੇਸ ਦਰਜ ਕਰਕੇ ਗ੍ਰਿਫ਼ਤਾਰ ਕਰ ਲਿਆ ਸੀ। ਵਫ਼ਦ ਨੇ ਸਥਾਨਕ ਲੋਕਾਂ ਅਤੇ ਸੰਬੰਧਿਤ ਪੁਲਿਸ ਕਰਮਚਾਰੀਆਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ। ਡੀਜੀਪੀ ਨੇ ਦੋਵੇਂ ਮਾਮਲਿਆਂ ਦੀ ਜਾਂਚ ਚਮੌਲੀ ਪੁਲਿਸ ਤੋਂ ਹਟਾ ਕੇ ਹਰਿਦੁਆਰ ਦੇ ਐੱਸਐੱਸਪੀ ਨਵਨੀਤ ਸਿੰਘ ਭੁੱਲਰ ਨੂੰ ਸੌਂਪ ਦਿੱਤੀ ਹੈ। ਇਸ ਤੋਂ ਇਲਾਵਾ, ਨਿਹੰਗ ਸਿੰਘਾਂ ਨੂੰ ਨੰਗੇ ਸਿਰ ਅਦਾਲਤ ਵਿੱਚ ਪੇਸ਼ ਕਰਨ ਅਤੇ ਥਾਣੇ ਵਿੱਚ ਕਥਿਤ ਮਾਰਕੁੱਟ ਦੇ ਦੋਸ਼ਾਂ ਦੀ ਜਾਂਚ ਡੀਆਈਜੀ ਯਸ਼ਵੰਤ ਸਿੰਘ ਕਰਨਗੇ। ਕਮੇਟੀ ਨੇ ਹਿਰਾਸਤ ਵਿੱਚ ਬੰਦ ਨਿਹੰਗ ਸਿੰਘਾਂ ਦੀ ਜਲਦ ਜ਼ਮਾਨਤ ਅਤੇ ਉਨ੍ਹਾਂ ਖ਼ਿਲਾਫ਼ ਲਗਾਈ ਗਈ ਧਾਰਾ 307 ਨੂੰ ਰੱਦ ਕਰਨ ਦੀ ਵੀ ਮੰਗ ਕੀਤੀ। ਡੀਜੀਪੀ ਨੇ ਭਰੋਸਾ ਦਿੱਤਾ ਕਿ ਜਾਂਚ ਦੋ ਤੋਂ ਤਿੰਨ ਹਫ਼ਤਿਆਂ ਵਿੱਚ ਮੁਕੰਮਲ ਕਰਕੇ ਦੋਸ਼ੀਆਂ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ। ਹੇਮਕੁੰਟ ਸਾਹਿਬ ਯਾਤਰਾ ਦੌਰਾਨ ਯਾਤਰੀਆਂ ਦੀ ਸਹਾਇਤਾ ਲਈ ਦੋ ਨੋਡਲ ਅਫ਼ਸਰ ਨਿਯੁਕਤ ਕਰਨ ਅਤੇ ਹੈਲਪਲਾਈਨ ਨੰਬਰ ਜਾਰੀ ਕਰਨ ਬਾਰੇ ਵੀ ਸਹਿਮਤੀ ਬਣੀ ਹੈ। ਕਮੇਟੀ ਨੇ ਕਿਹਾ ਕਿ ਉਹ ਇਸ ਮਾਮਲੇ ਦੀ ਕਾਨੂੰਨੀ ਪੈਰਵੀ ਜਾਰੀ ਰੱਖੇਗੀ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News