Home » ਨਵੀਂ ਦਿੱਲੀ » ਸਰਕਾਰਾਂ ਸਿੱਖ ਸੰਸਥਾਵਾਂ ਨੂੰ ਕਮਜ਼ੋਰ ਕਰਨ ਲਈ ਕਰ ਰਹੀਆਂ ਹਨ ਕੋਝੇ ਯਤਨ : ਐਡਵੋਕੇਟ ਧਾਮੀ

ਸਰਕਾਰਾਂ ਸਿੱਖ ਸੰਸਥਾਵਾਂ ਨੂੰ ਕਮਜ਼ੋਰ ਕਰਨ ਲਈ ਕਰ ਰਹੀਆਂ ਹਨ ਕੋਝੇ ਯਤਨ : ਐਡਵੋਕੇਟ ਧਾਮੀ

SHARE ARTICLE

6 Views

ਨਵੀਂ ਦਿੱਲੀ, 23 ਜੂਨ (ਮਨਪ੍ਰੀਤ ਸਿੰਘ ਖਾਲਸਾ): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮਹਾਰਾਸ਼ਟਰ ਸਰਕਾਰ ਵੱਲੋਂ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ, ਅਬਚਲਨਗਰ ਨਾਂਦੇੜ ਦੇ ਪ੍ਰਬੰਧ ਸਬੰਧੀ 1956 ਦੇ ਐਕਟ ਨੂੰ ਰੱਦ ਕਰਕੇ ਨਵਾਂ ਕਾਨੂੰਨ ਬਣਾਉਣ ਦੇ ਫ਼ੈਸਲੇ ’ਤੇ ਗਹਿਰੀ ਚਿੰਤਾ ਪ੍ਰਗਟ ਕੀਤੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਤਖ਼ਤ ਸ੍ਰੀ ਹਜ਼ੂਰ ਸਾਹਿਬ ਸਿੱਖ ਕੌਮ ਦੇ ਪੰਜ ਤਖ਼ਤਾਂ ਵਿੱਚੋਂ ਇੱਕ ਮਹਾਨ ਪਾਵਨ ਅਸਥਾਨ ਹੈ, ਜਿਸ ਦੀ ਮਰਯਾਦਾ, ਪ੍ਰਬੰਧ ਅਤੇ ਧਾਰਮਿਕ ਖ਼ੁਦਮੁਖਤਿਆਰੀ ਨਾਲ ਜੁੜੇ ਕਿਸੇ ਵੀ ਫ਼ੈਸਲੇ ਤੋਂ ਪਹਿਲਾਂ ਸਿੱਖ ਸੰਸਥਾਵਾਂ, ਤਖ਼ਤ ਸਾਹਿਬਾਨ ਦੇ ਜਥੇਦਾਰ ਸਾਹਿਬਾਨ ਅਤੇ ਸਿੱਖਾਂ ਦੀ ਨੁਮਾਇੰਦਾ ਧਾਰਮਿਕ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ ਸਲਾਹ-ਮਸ਼ਵਰਾ ਕਰਨਾ ਲਾਜ਼ਮੀ ਹੈ। ਉਨ੍ਹਾਂ ਕਿਹਾ ਕਿ ਸਰਕਾਰਾਂ ਸਿੱਖ ਸੰਸਥਾਵਾਂ ਨੂੰ ਕਮਜ਼ੋਰ ਕਰਨ ਲਈ ਅਜਿਹੇ ਕੋਝੇ ਯਤਨ ਕਰ ਰਹੀਆਂ ਹਨ, ਜਿਨ੍ਹਾਂ ਨੂੰ ਸਿੱਖ ਸੰਗਤਾਂ ਕਦੇ ਵੀ ਪ੍ਰਵਾਨ ਨਹੀਂ ਕਰਨਗੀਆਂ। ਐਡਵੋਕੇਟ ਧਾਮੀ ਨੇ ਕਿਹਾ ਕਿ ਪ੍ਰਾਪਤ ਜਾਣਕਾਰੀ ਅਨੁਸਾਰ ਮਹਾਰਾਸ਼ਟਰ ਸਰਕਾਰ ਦੇ ਮੰਤਰੀ ਮੰਡਲ ਵੱਲੋਂ ਤਖ਼ਤ ਸ੍ਰੀ ਹਜ਼ੂਰ ਸਾਹਿਬ ਪ੍ਰਬੰਧਕੀ ਬੋਰਡ ਨਾਲ ਸਬੰਧਤ ਕਾਨੂੰਨ ਨੂੰ ਪੁਰਾਣਾ ਦੱਸ ਕੇ ਮਨਮਰਜ਼ੀ ਨਾਲ ਸੋਧ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜੋ ਗੁਰਦੁਆਰਾ ਪ੍ਰਬੰਧ ਵਿੱਚ ਸਰਕਾਰ ਦੀ ਸਿੱਧੀ ਦਖ਼ਲਅੰਦਾਜ਼ੀ ਹੈ। ਉਨ੍ਹਾਂ ਕਿਹਾ ਕਿ ਸਾਲ 2024 ਵਿੱਚ ਵੀ ਮਹਾਰਾਸ਼ਟਰ ਸਰਕਾਰ ਵੱਲੋਂ ਗੁਰਦੁਆਰਾ ਬੋਰਡ ਵਿੱਚ ਸਰਕਾਰੀ ਨਾਮਜ਼ਦ ਮੈਂਬਰਾਂ ਦੀ ਗਿਣਤੀ ਵਧਾਉਣ ਅਤੇ ਸਿੱਖ ਸੰਸਥਾਵਾਂ ਦੇ ਨੁਮਾਇੰਦਿਆਂ ਦੀ ਗਿਣਤੀ ਘਟਾਉਣ ਦਾ ਯਤਨ ਕੀਤਾ ਗਿਆ ਸੀ। ਉਸ ਸਮੇਂ ਸਿੱਖ ਸੰਗਤਾਂ ਦੇ ਤਿੱਖੇ ਵਿਰੋਧ ਮਗਰੋਂ ਸਰਕਾਰ ਨੂੰ ਆਪਣਾ ਫ਼ੈਸਲਾ ਵਾਪਸ ਲੈਣਾ ਪਿਆ ਸੀ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਨੂੰ ਅਪੀਲ ਕੀਤੀ ਕਿ ਸਿੱਖ ਗੁਰਧਾਮਾਂ ਦੇ ਪ੍ਰਬੰਧਾਂ ਵਿੱਚ ਸਰਕਾਰੀ ਪ੍ਰਭਾਵ ਵਧਾਉਣ ਵਾਲੀਆਂ ਕਾਰਵਾਈਆਂ ਨੂੰ ਤੁਰੰਤ ਬੰਦ ਕੀਤਾ ਜਾਵੇ ਅਤੇ ਸ੍ਰੀ ਹਜ਼ੂਰ ਸਾਹਿਬ ਗੁਰਦੁਆਰਾ ਬੋਰਡ ਨਾਲ ਸਬੰਧਤ 1956 ਦੇ ਐਕਟ ਨੂੰ ਰੱਦ ਕਰਨ ਦੀ ਪ੍ਰਕਿਰਿਆ ਤੁਰੰਤ ਰੋਕੀ ਜਾਵੇ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News