Home » ਨਵੀਂ ਦਿੱਲੀ » ਪੰਜਾਬ ਦੀ ਸਿਆਸਤ ‘ਚ ਵੱਡਾ ਧਮਾਕਾ! ਜਥੇਦਾਰ ਭਾਈ ਰਣਜੀਤ ਸਿੰਘ ਦੀ ਸਿਆਸਤ ‘ਚ ਐਂਟਰੀ ਦੇ ਸੰਕੇਤ

ਪੰਜਾਬ ਦੀ ਸਿਆਸਤ ‘ਚ ਵੱਡਾ ਧਮਾਕਾ! ਜਥੇਦਾਰ ਭਾਈ ਰਣਜੀਤ ਸਿੰਘ ਦੀ ਸਿਆਸਤ ‘ਚ ਐਂਟਰੀ ਦੇ ਸੰਕੇਤ

SHARE ARTICLE

5 Views

👉 ਜੀਵਨ ਸਿੰਘ ਤਾਮਿਲ ਨਾਲ ਗੁਪਤ ਮੁਲਾਕਾਤ ਨੇ ਛੇੜੀ ਨਵੀਂ ਚਰਚਾ

ਨਵੀਂ ਦਿੱਲੀ 27 ਜੂਨ (ਮਨਪ੍ਰੀਤ ਸਿੰਘ ਖਾਲਸਾ):- ਪੰਜਾਬ ਦੀ ਸਿਆਸਤ ਵਿੱਚ ਇੱਕ ਵੱਡੇ ਬਦਲਾਅ ਦੀ ਆਹਟ ਸੁਣਾਈ ਦੇ ਰਹੀ ਹੈ। ਸਿੱਖ ਹੱਕਾਂ ਦੀ ਬੁਲੰਦ ਆਵਾਜ਼ ਅਤੇ ਸਾਬਕਾ ਜਥੇਦਾਰ ਭਾਈ ਰਣਜੀਤ ਸਿੰਘ ਅਤੇ ਸਰਦਾਰ ਜੀਵਨ ਸਿੰਘ ਤਾਮਿਲ ਵਿਚਾਲੇ ਹੋਈ ਲੰਬੀ ਤੇ ਅਹਿਮ ਮੁਲਾਕਾਤ ਨੇ ਸਿਆਸੀ ਹਲਕਿਆਂ ਵਿੱਚ ਨਵੀਂ ਚਰਚਾ ਛੇੜ ਦਿੱਤੀ ਹੈ। ਇਸ ਮੁਲਾਕਾਤ ਨੂੰ ਪੰਜਾਬ ਦੀ ਰਾਜਨੀਤੀ ਦੇ ਭਵਿੱਖ ਲਈ ਇੱਕ ਮਹੱਤਵਪੂਰਨ ਮੋੜ ਵਜੋਂ ਦੇਖਿਆ ਜਾ ਰਿਹਾ ਹੈ। ਦੋਵਾਂ ਆਗੂਆਂ ਨੇ ਪੰਜਾਬ ਦੇ ਮੌਜੂਦਾ ਸਿਆਸੀ, ਸਮਾਜਿਕ ਅਤੇ ਸੱਭਿਆਚਾਰਕ ਹਾਲਾਤਾਂ ‘ਤੇ ਡੂੰਘੀ ਵਿਚਾਰ-ਵਟਾਂਦਰਾ ਕੀਤਾ। ਸੂਬੇ ਨੂੰ ਦਰਪੇਸ਼ ਚੁਣੌਤੀਆਂ, ਸਿੱਖ ਕੌਮ ਦੇ ਮੁੱਦਿਆਂ ਅਤੇ ਪੰਜਾਬ ਦੇ ਭਵਿੱਖ ਲਈ ਇੱਕ ਮਜ਼ਬੂਤ ਵਿਕਲਪਕ ਸਿਆਸੀ ਦਿਸ਼ਾ ‘ਤੇ ਵੀ ਵਿਸਥਾਰ ਨਾਲ ਗੱਲਬਾਤ ਹੋਈ। ਮੁਲਾਕਾਤ ਦਾ ਸਭ ਤੋਂ ਮਹੱਤਵਪੂਰਨ ਪੱਖ ਉਹ ਵੇਲਾ ਰਿਹਾ ਜਦੋਂ ਸਰਦਾਰ ਜੀਵਨ ਸਿੰਘ ਤਾਮਿਲ ਨੇ ਭਾਈ ਰਣਜੀਤ ਸਿੰਘ ਨੂੰ ਸਿੱਧੀ ਸਿਆਸਤ ਵਿੱਚ ਆਉਣ ਦੀ ਜ਼ੋਰਦਾਰ ਅਪੀਲ ਕੀਤੀ। ਉਨ੍ਹਾਂ ਕਿਹਾ ਕਿ “ਪੰਜਾਬ ਨੂੰ ਮਨੁਵਾਦੀ ਸੋਚ, ਕੇਂਦਰੀ ਦਖ਼ਲਅੰਦਾਜ਼ੀ ਅਤੇ ਤਾਨਾਸ਼ਾਹੀ ਰੁਝਾਨਾਂ ਤੋਂ ਬਚਾਉਣ ਲਈ ਮਜ਼ਬੂਤ, ਨਿਡਰ ਅਤੇ ਸਿਧਾਂਤਕ ਸਿਆਸੀ ਲੀਡਰਸ਼ਿਪ ਦੀ ਲੋੜ ਹੈ। ਹੁਣ ਸਮਾਂ ਆ ਗਿਆ ਹੈ ਕਿ ਤੁਸੀਂ ਸਿੱਧੇ ਤੌਰ ‘ਤੇ ਰਾਜਨੀਤੀ ਵਿੱਚ ਆ ਕੇ ਪੰਜਾਬ ਦੀ ਅਗਵਾਈ ਕਰੋ।” ਸਰਦਾਰ ਜੀਵਨ ਸਿੰਘ ਤਾਮਿਲ ਦੀ ਅਪੀਲ ਦਾ ਜਵਾਬ ਦਿੰਦਿਆਂ ਭਾਈ ਰਣਜੀਤ ਸਿੰਘ ਨੇ ਕਿਹਾ ਕਿ ਉਹ ਇਸ ਮਾਮਲੇ ਨੂੰ ਬਹੁਤ ਗੰਭੀਰਤਾ ਨਾਲ ਵਿਚਾਰ ਰਹੇ ਹਨ। ਉਨ੍ਹਾਂ ਦੱਸਿਆ ਕਿ ਆਉਣ ਵਾਲੇ ਦਿਨਾਂ ਵਿੱਚ ਉਹ ਪੰਜਾਬ ਦੀ ਸਿਆਸਤ ਨਾਲ ਜੁੜੀਆਂ ਕਈ ਅਹਿਮ ਸ਼ਖ਼ਸੀਅਤਾਂ ਨਾਲ ਮੁਲਾਕਾਤਾਂ ਕਰਨਗੇ ਅਤੇ ਉਸ ਤੋਂ ਬਾਅਦ ਅਗਲੀ ਰਣਨੀਤੀ ਬਾਰੇ ਫ਼ੈਸਲਾ ਲਿਆ ਜਾਵੇਗਾ। ਇਸ ਮੁਲਾਕਾਤ ਤੋਂ ਬਾਅਦ ਸਿਆਸੀ ਹਲਕਿਆਂ ਵਿੱਚ ਚਰਚਾ ਤੇਜ਼ ਹੋ ਗਈ ਹੈ ਕਿ ਕੀ ਭਾਈ ਰਣਜੀਤ ਸਿੰਘ ਜਲਦ ਹੀ ਸਿੱਧੀ ਸਿਆਸਤ ਵਿੱਚ ਉਤਰ ਕੇ ਨਵੀਂ ਸਿਆਸੀ ਧਿਰ ਜਾਂ ਵੱਡੇ ਮੋਰਚੇ ਦੀ ਅਗਵਾਈ ਕਰਨਗੇ.? ਜੇਕਰ ਅਜਿਹਾ ਹੁੰਦਾ ਹੈ ਤਾਂ ਪੰਜਾਬ ਦੀ ਮੌਜੂਦਾ ਸਿਆਸਤ ਵਿੱਚ ਨਵੇਂ ਸਮੀਕਰਨ ਬਣ ਸਕਦੇ ਹਨ ਅਤੇ ਕਈ ਰਵਾਇਤੀ ਸਿਆਸੀ ਧਿਰਾਂ ਲਈ ਇਹ ਵੱਡੀ ਚੁਣੌਤੀ ਸਾਬਤ ਹੋ ਸਕਦੀ ਹੈ। ਫ਼ਿਲਹਾਲ ਸਭ ਦੀਆਂ ਨਜ਼ਰਾਂ ਭਾਈ ਰਣਜੀਤ ਸਿੰਘ ਦੇ ਅਗਲੇ ਕਦਮ ‘ਤੇ ਟਿਕੀਆਂ ਹੋਈਆਂ ਹਨ। ਜੇ ਇਹ ਮੁਲਾਕਾਤ ਕਿਸੇ ਵੱਡੇ ਸਿਆਸੀ ਫ਼ੈਸਲੇ ਦਾ ਮੁਕੱਦਮਾ ਸਾਬਤ ਹੁੰਦੀ ਹੈ, ਤਾਂ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਦੀ ਰਾਜਨੀਤੀ ਇੱਕ ਨਵੇਂ ਦੌਰ ਵਿੱਚ ਦਾਖ਼ਲ ਹੋ ਸਕਦੀ ਹੈ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News