Home » ਨਵੀਂ ਦਿੱਲੀ » ਤਖ਼ਤ ਸ੍ਰੀ ਹਜ਼ੂਰ ਸਾਹਿਬ ਦੀ ਧਾਰਮਿਕ ਖ਼ੁਦਮੁਖਤਿਆਰੀ ‘ਤੇ ਕਿਸੇ ਵੀ ਸਰਕਾਰੀ ਦਖ਼ਲ ਨੂੰ ਸਿੱਖ ਪੰਥ ਕਦੇ ਬਰਦਾਸ਼ਤ ਨਹੀਂ ਕਰੇਗਾ — ਅਖੰਡ ਕੀਰਤਨੀ ਜਥਾ

ਤਖ਼ਤ ਸ੍ਰੀ ਹਜ਼ੂਰ ਸਾਹਿਬ ਦੀ ਧਾਰਮਿਕ ਖ਼ੁਦਮੁਖਤਿਆਰੀ ‘ਤੇ ਕਿਸੇ ਵੀ ਸਰਕਾਰੀ ਦਖ਼ਲ ਨੂੰ ਸਿੱਖ ਪੰਥ ਕਦੇ ਬਰਦਾਸ਼ਤ ਨਹੀਂ ਕਰੇਗਾ — ਅਖੰਡ ਕੀਰਤਨੀ ਜਥਾ

SHARE ARTICLE

5 Views

👉 ਗੁਰੂ ਸਾਹਿਬਾਨ ਅਤੇ ਸ਼ਹੀਦਾਂ ਦੀ ਅਮਾਨਤ ਦੀ ਰਾਖੀ ਲਈ ਹਰ ਕੁਰਬਾਨੀ ਦੇਣ ਨੂੰ ਤਿਆਰ ਹੈ ਸਿੱਖ ਪੰਥ

ਨਵੀਂ ਦਿੱਲੀ, 27 ਜੂਨ (ਮਨਪ੍ਰੀਤ ਸਿੰਘ ਖਾਲਸਾ): ਅਖੰਡ ਕੀਰਤਨੀ ਜਥਾ ਦੀ ਪੰਜ ਮੈਂਬਰੀ ਕਮੇਟੀ ਦੇ ਮੈਂਬਰ ਭਾਈ ਅਵਤਾਰ ਸਿੰਘ ਮਲੀਆ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਮਹਾਰਾਸ਼ਟਰ ਸਰਕਾਰ ਵੱਲੋਂ ਤਖ਼ਤ ਸ੍ਰੀ ਸੱਚਖੰਡ ਸ੍ਰੀ ਹਜ਼ੂਰ ਅਬਚਲਨਗਰ ਸਾਹਿਬ ਦੇ ਪ੍ਰਬੰਧ ਨਾਲ ਸੰਬੰਧਿਤ 1956 ਦੇ ਐਕਟ ਨੂੰ ਰੱਦ ਕਰਕੇ ਨਵਾਂ ਕਾਨੂੰਨ ਲਿਆਉਣ ਦੀਆਂ ਸਾਹਮਣੇ ਆ ਰਹੀਆਂ ਖ਼ਬਰਾਂ ਸਿੱਖਾਂ ਦੇ ਧਾਰਮਿਕ ਅਦਾਰਿਆਂ ਦੀ ਖ਼ੁਦਮੁਖਤਿਆਰੀ ਵਿੱਚ ਸਰਕਾਰੀ ਦਖ਼ਲ ਦੀ ਕੋਸ਼ਿਸ਼ ਨੂੰ ਸਪੱਸ਼ਟ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਇਹ ਸਿਰਫ਼ ਇੱਕ ਕਾਨੂੰਨੀ ਤਬਦੀਲੀ ਨਹੀਂ, ਸਗੋਂ ਸਿੱਖ ਪੰਥ ਦੀ ਮਰਿਆਦਾ, ਰਵਾਇਤ ਅਤੇ ਧਾਰਮਿਕ ਅਧਿਕਾਰਾਂ ਨੂੰ ਚੁਣੌਤੀ ਦੇਣ ਵਾਲਾ ਕਦਮ ਹੈ। ਉਨ੍ਹਾਂ ਕਿਹਾ ਕਿ ਇੱਕ ਪਾਸੇ ਗੁਰੂ ਸਾਹਿਬਾਨਾਂ ਦੀ ਬਖ਼ਸ਼ਿਸ਼ ਕਿਰਪਾਨਾਂ ਅਤੇ ਰਵਾਇਤੀ ਸ਼ਸਤਰਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ, ਜਦਕਿ ਦੂਜੇ ਪਾਸੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਪ੍ਰਬੰਧ ਵਿੱਚ ਸਰਕਾਰੀ ਦਖ਼ਲ ਦਾ ਰਾਹ ਤਿਆਰ ਕੀਤਾ ਜਾ ਰਿਹਾ ਹੈ। ਸਿੱਖ ਕੌਮ ਇਨ੍ਹਾਂ ਘਟਨਾਵਾਂ ਨੂੰ ਵੱਖ-ਵੱਖ ਨਹੀਂ, ਸਗੋਂ ਇੱਕੋ ਸੋਚੀ-ਸਮਝੀ ਲੜੀ ਦਾ ਹਿੱਸਾ ਮੰਨਦੀ ਹੈ। ਸਿੱਖ ਇਤਿਹਾਸ ਇਸ ਗੱਲ ਦਾ ਗਵਾਹ ਹੈ ਕਿ ਇਸ ਕੌਮ ਨੇ ਆਪਣੇ ਗੁਰੂ ਘਰਾਂ ਦੀ ਆਜ਼ਾਦੀ ਅਤੇ ਮਰਿਆਦਾ ਦੀ ਰਾਖੀ ਲਈ ਸਿਰ ਕਟਾਏ ਹਨ, ਪਰ ਕਦੇ ਸਿਰ ਨਹੀਂ ਝੁਕਾਏ। ਜਿਨ੍ਹਾਂ ਮਹਾਨ ਸ਼ਹੀਦਾਂ ਨੇ ਜ਼ੁਲਮ ਅੱਗੇ ਝੁਕਣ ਦੀ ਬਜਾਏ ਸ਼ਹਾਦਤਾਂ ਚੁਣੀਆਂ, ਉਨ੍ਹਾਂ ਦੇ ਵਾਰਸ ਆਪਣੇ ਤਖ਼ਤਾਂ ਦੀ ਖ਼ੁਦਮੁਖਤਿਆਰੀ ‘ਤੇ ਕਿਸੇ ਵੀ ਤਰ੍ਹਾਂ ਦੀ ਸਰਕਾਰੀ ਛਾਂ ਨੂੰ ਕਦੇ ਵੀ ਕਬੂਲ ਨਹੀਂ ਕਰਨਗੇ। ਉਨ੍ਹਾਂ ਸਮੁੱਚੇ ਸਿੱਖ ਪੰਥ ਨੂੰ ਅਪੀਲ ਕਰਦਿਆਂ ਕਿਹਾ ਕਿ ਇਹ ਸਮਾਂ ਚੁੱਪ ਰਹਿਣ ਜਾਂ ਢਿੱਲ ਵਰਤਣ ਦਾ ਨਹੀਂ, ਸਗੋਂ ਗੁਰੂ ਘਰਾਂ ਦੀ ਖ਼ੁਦਮੁਖਤਿਆਰੀ ਅਤੇ ਪੰਥਕ ਮਰਿਆਦਾ ਦੀ ਰਾਖੀ ਲਈ ਇੱਕ ਨਿਸ਼ਾਨ ਸਾਹਿਬ ਹੇਠ ਇਕੱਠੇ ਹੋਣ ਦਾ ਹੈ। ਉਨ੍ਹਾਂ ਕਿਹਾ ਕਿ ਜੇ ਅੱਜ ਤਖ਼ਤਾਂ ਦੀ ਆਜ਼ਾਦੀ ‘ਤੇ ਹੋ ਰਹੇ ਹਮਲਿਆਂ ਵਿਰੁੱਧ ਪੰਥ ਇੱਕਜੁੱਟ ਨਾ ਹੋਇਆ ਤਾਂ ਆਉਣ ਵਾਲੀਆਂ ਪੀੜ੍ਹੀਆਂ ਕਦੇ ਮਾਫ਼ ਨਹੀਂ ਕਰਨਗੀਆਂ। ਉਨ੍ਹਾਂ ਦੇ ਅਨੁਸਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਹੇਠ ਪੰਥਕ ਮੋਰਚਾ ਹੀ ਇਸ ਚੁਣੌਤੀ ਦਾ ਸਭ ਤੋਂ ਮਜ਼ਬੂਤ ਅਤੇ ਕਰਾਰਾ ਜਵਾਬ ਹੈ। ਜੱਥੇ ਨੇ ਮਹਾਰਾਸ਼ਟਰ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਪ੍ਰਬੰਧ, ਸਿੱਖ ਧਾਰਮਿਕ ਸੰਸਥਾਵਾਂ ਦੀ ਆਜ਼ਾਦੀ ਅਤੇ ਗੁਰੂ ਦੀ ਬਖ਼ਸ਼ਿਸ਼ ਕਕਾਰਾਂ ਨਾਲ ਛੇੜਛਾੜ ਕਰਨ ਦੀ ਹਰ ਕੋਸ਼ਿਸ਼ ਤੁਰੰਤ ਵਾਪਸ ਲਈ ਜਾਵੇ। ਜੇਕਰ ਸਰਕਾਰ ਇਸ ਰਾਹ ‘ਤੇ ਅੱਗੇ ਵਧਦੀ ਹੈ ਤਾਂ ਸਮੁੱਚਾ ਸਿੱਖ ਪੰਥ ਸੰਵਿਧਾਨਕ, ਸ਼ਾਂਤਮਈ ਅਤੇ ਲੋਕਤੰਤਰੀ ਢੰਗ ਨਾਲ ਵਿਆਪਕ ਪੰਥਕ ਵਿਰੋਧ ਖੜ੍ਹਾ ਕਰੇਗਾ, ਜਿਸ ਦੀ ਪੂਰੀ ਜ਼ਿੰਮੇਵਾਰੀ ਸਰਕਾਰ ਦੀ ਹੋਵੇਗੀ। ਉਨ੍ਹਾਂ ਅੰਤ ਵਿੱਚ ਕਿਹਾ ਕਿ ਸਿੱਖਾਂ ਦੇ ਤਖ਼ਤ, ਸਿੱਖਾਂ ਦੀ ਮਰਿਆਦਾ ਅਤੇ ਧਾਰਮਿਕ ਆਜ਼ਾਦੀ ਕੋਈ ਸਰਕਾਰੀ ਰਹਿਮੋ-ਕਰਮ ਨਾਲ ਮਿਲੇ ਅਧਿਕਾਰ ਨਹੀਂ ਹਨ, ਸਗੋਂ ਗੁਰੂ ਸਾਹਿਬਾਨ ਅਤੇ ਲੱਖਾਂ ਸ਼ਹੀਦਾਂ ਦੀਆਂ ਕੁਰਬਾਨੀਆਂ ਨਾਲ ਹਾਸਲ ਕੀਤੀ ਅਮਾਨਤ ਹਨ। ਗੁਰੂ ਸਾਹਿਬਾਨ ਅਤੇ ਸ਼ਹੀਦਾਂ ਦੀ ਇਸ ਅਮਾਨਤ ਦੀ ਰਾਖੀ ਲਈ ਸਿੱਖ ਪੰਥ ਹਰ ਕੁਰਬਾਨੀ ਦੇਣ ਲਈ ਤਿਆਰ ਹੈ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News