Home » ਪੰਜਾਬ » ਸਤਿਕਾਰ ਕਾਨੂੰਨ ‘ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਵੱਡਾ ਫ਼ੈਸਲਾ, ਇੱਕ ਮਹੀਨੇ ਵਿੱਚ ਸੋਧ ਕਰਨ ਦੇ ਆਦੇਸ਼

ਸਤਿਕਾਰ ਕਾਨੂੰਨ ‘ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਵੱਡਾ ਫ਼ੈਸਲਾ, ਇੱਕ ਮਹੀਨੇ ਵਿੱਚ ਸੋਧ ਕਰਨ ਦੇ ਆਦੇਸ਼

SHARE ARTICLE

5 Views

👉’ਬਿੱਲ ਪੜ੍ਹੇ ਬਿਨਾਂ ਪਾਸ ਕੀਤਾ’—ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਵਿਧਾਇਕਾਂ ਦੀ ਕਬੂਲੀਅਤ, ਸੋਧ ਕਰਣ ਲਈ ਸਹਿਮਤੀ

ਅੰਮ੍ਰਿਤਸਰ, 29 ਜੂਨ (ਮਨਪ੍ਰੀਤ ਸਿੰਘ ਖਾਲਸਾ):- ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਸਬੰਧੀ ਹੋਈ ਵਿਸ਼ੇਸ਼ ਇਕੱਤਰਤਾ ਦੌਰਾਨ ਪੰਜ ਸਿੰਘ ਸਾਹਿਬਾਨ ਨੇ ਪੰਜਾਬ ਸਰਕਾਰ ਨੂੰ ਕਾਨੂੰਨ ਵਿੱਚ ਸਿੱਖ ਭਾਵਨਾਵਾਂ ਅਨੁਸਾਰ ਸੋਧ ਕਰਨ ਲਈ ਇੱਕ ਮਹੀਨੇ ਦਾ ਸਮਾਂ ਦਿੱਤਾ ਹੈ। ਨਾਲ ਹੀ ਆਦੇਸ਼ ਕੀਤਾ ਗਿਆ ਕਿ ਜਦੋਂ ਤੱਕ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਹਿਮਤੀ ਅਨੁਸਾਰ ਸੋਧ ਨਹੀਂ ਕੀਤੀ ਜਾਂਦੀ, ਉਦੋਂ ਤੱਕ ਇਸ ਕਾਨੂੰਨ ਦੀ ਕਾਰਵਾਈ ਮੁਲਤਵੀ ਰੱਖੀ ਜਾਵੇ। ਇਕੱਤਰਤਾ ਦੀ ਅਗਵਾਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕੀਤੀ। ਇਕੱਤਰਤਾ ਦੌਰਾਨ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਮੰਤਰੀ ਇੰਦਰਬੀਰ ਸਿੰਘ ਨਿੱਝਰ, ਗੁਰਮੀਤ ਸਿੰਘ ਖੁੱਡੀਆਂ, ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ, ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ, ਪਰਗਟ ਸਿੰਘ, ਮਨਪ੍ਰੀਤ ਸਿੰਘ ਅਯਾਲੀ ਸਮੇਤ ਵੱਖ-ਵੱਖ ਪਾਰਟੀਆਂ ਦੇ ਮੰਤਰੀਆਂ ਅਤੇ ਵਿਧਾਇਕਾਂ ਨੇ ਆਪਣੇ ਵਿਚਾਰ ਰੱਖੇ। ਚਰਚਾ ਦੌਰਾਨ ਕਈ ਵਿਧਾਇਕਾਂ ਅਤੇ ਮੰਤਰੀਆਂ ਨੇ ਮੰਨਿਆ ਕਿ ਵਿਧਾਨ ਸਭਾ ਵਿੱਚ ਸੋਧ ਬਿੱਲ ਪਾਸ ਕਰਨ ਤੋਂ ਪਹਿਲਾਂ ਉਨ੍ਹਾਂ ਨੇ ਨਾ ਤਾਂ ਇਸ ਦਾ ਖਰੜਾ ਪੜ੍ਹਿਆ ਸੀ ਅਤੇ ਨਾ ਹੀ ਉਸ ‘ਤੇ ਵਿਸਥਾਰ ਨਾਲ ਵਿਚਾਰ ਕੀਤਾ ਸੀ। ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਇੰਨੇ ਸੰਵੇਦਨਸ਼ੀਲ ਮਾਮਲੇ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਿੱਖ ਸੰਸਥਾਵਾਂ ਨਾਲ ਸਲਾਹ-ਮਸ਼ਵਰਾ ਕੀਤੇ ਬਿਨਾਂ ਕਾਨੂੰਨ ਪਾਸ ਕਰਨਾ ਪੰਜਾਬ ਸਰਕਾਰ ਦੀ ਗੰਭੀਰ ਅਣਗਹਿਲੀ ਹੈ। ਉਨ੍ਹਾਂ ਕਿਹਾ ਕਿ ਕਾਨੂੰਨ ਵਿੱਚ ਸਿੱਖ ਮਰਯਾਦਾ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਅਧਿਕਾਰ ਖੇਤਰ ਅਤੇ ਸ਼੍ਰੋਮਣੀ ਕਮੇਟੀ ਦੇ ਅੰਦਰੂਨੀ ਮਾਮਲਿਆਂ ਵਿੱਚ ਦਖ਼ਲ ਦੇਣ ਵਾਲੀਆਂ ਇਤਰਾਜ਼ਯੋਗ ਧਾਰਾਵਾਂ ਨੂੰ ਹਟਾਇਆ ਜਾਣਾ ਚਾਹੀਦਾ ਹੈ। ਨਾਲ ਹੀ ਇਹ ਵੀ ਸੁਝਾਅ ਦਿੱਤਾ ਗਿਆ ਕਿ ਜੇਕਰ ਕਿਸੇ ਸਿੱਖ-ਵਿਰੋਧੀ ਡੇਰੇ ਨਾਲ ਸਬੰਧਤ ਵਿਅਕਤੀ ਵੱਲੋਂ ਜਾਣਬੁੱਝ ਕੇ ਬੇਅਦਬੀ ਕੀਤੀ ਜਾਂਦੀ ਹੈ ਤਾਂ ਸਬੰਧਤ ਡੇਰੇ ਦੇ ਮੁਖੀ ਵਿਰੁੱਧ ਵੀ ਕਾਨੂੰਨੀ ਕਾਰਵਾਈ ਦੀ ਵਿਵਸਥਾ ਕੀਤੀ ਜਾਵੇ। ਇਕੱਤਰਤਾ ਦੇ ਅੰਤ ਵਿੱਚ ਪੰਜ ਸਿੰਘ ਸਾਹਿਬਾਨ ਵੱਲੋਂ ਜੈਕਾਰਿਆਂ ਦੀ ਗੂੰਜ ਵਿੱਚ ਹਾਜ਼ਰ ਸਿੱਖ ਮੰਤਰੀਆਂ ਅਤੇ ਵਿਧਾਇਕਾਂ ਤੋਂ ਸਿੱਖ ਭਾਵਨਾਵਾਂ ਅਨੁਸਾਰ ਕਾਨੂੰਨ ਵਿੱਚ ਲੋੜੀਂਦੀਆਂ ਸੋਧਾਂ ਕਰਨ ਲਈ ਸਹਿਮਤੀ ਲਈ ਗਈ, ਜਿਸ ‘ਤੇ ਸਾਰਿਆਂ ਨੇ ਹੱਥ ਖੜ੍ਹੇ ਕਰਕੇ ਸਮਰਥਨ ਪ੍ਰਗਟਾਇਆ। ਜਥੇਦਾਰ ਗੜਗੱਜ ਨੇ 2015 ਬਰਗਾੜੀ ਬੇਅਦਬੀ ਅਤੇ 2017 ਮੌੜ ਬੰਬ ਧਮਾਕਾ ਮਾਮਲਿਆਂ ਵਿੱਚ ਇਨਸਾਫ਼ ਨਾ ਮਿਲਣ ਦਾ ਮੁੱਦਾ ਵੀ ਉਠਾਉਂਦਿਆਂ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ। ਇਕੱਤਰਤਾ ਤੋਂ ਬਾਅਦ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਖ਼ਾਲਸਾ ਪੰਥ ਤੇ ਪੰਜਾਬ ਅਤੇ ਸਮੁੱਚੀ ਮਨੁੱਖਤਾ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ। ਇਸ ਉਪਰੰਤ ਸਿੰਘ ਸਾਹਿਬਾਨ ਨੇ ਸਮੂਹ ਵਿਧਾਇਕਾਂ ਅਤੇ ਮੰਤਰੀਆਂ ਨਾਲ ਪੰਗਤ ਵਿੱਚ ਬੈਠ ਕੇ ਲੰਗਰ ਛਕਿਆ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News