ਜਰਮਨੀ 5 ਜੁਲਾਈ (ਖਿੜਿਆ ਪੰਜਾਬ) ਗੁਰਦੁਆਰਾ ਸਿੱਖ ਸੈਂਟਰ ਫਰੈਂਕਫਰਟ ਵਿਖੇ ਦਲ ਖਾਲਸਾ ਜਥੇਬੰਦੀ ਵੱਲੋਂ ਜਲਾਵਤਨੀ ਭਾਈ ਗਜਿੰਦਰ ਸਿੰਘ ਜੀ ਅਤੇ ਸ਼ਹੀਦ ਭਾਈ ਹਰਦੀਪ ਸਿੰਘ ਨਿੱਝਰ ਦੀ ਨਿੱਘੀ-ਮਿੱਠੀ ਯਾਦ ਨੂੰ ਸਮਰਪਿਤ ਇੱਕ ਵਿਸ਼ਾਲ ਗੁਰਮਤਿ ਸਮਾਗਮ ਕਰਵਾਇਆ ਗਿਆ। ਖਾਲਿਸਤਾਨ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਸਮੂਹ ਸਿੰਘ-ਸਿੰਘਣੀਆਂ ਨੂੰ ਸ਼ਰਧਾਂਜਲੀ ਭੇਟ ਕਰਨ ਦੇ ਉਦੇਸ਼ ਨਾਲ ਕਰਵਾਏ ਗਏ ਇਸ ਸਮਾਗਮ ਵਿੱਚ ਜਰਮਨੀ, ਸਵਿਟਜ਼ਰਲੈਂਡ ਅਤੇ ਬੈਲਜੀਅਮ ਤੋਂ ਵੱਡੀ ਗਿਣਤੀ ਵਿੱਚ ਸੰਗਤਾਂ ਅਤੇ ਸਿੱਖ ਆਗੂਆਂ ਨੇ ਸ਼ਮੂਲੀਅਤ ਕੀਤੀ।
ਸਮਾਗਮ ਦੀ ਸ਼ੁਰੂਆਤ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਨਾਲ ਹੋਈ। ਉਪਰੰਤ ਗੁਰੂ ਘਰ ਦੇ ਗ੍ਰੰਥੀ ਭਾਈ ਸੁਖਦੇਵ ਸਿੰਘ ਜੀ, ਭਾਈ ਇੰਦਰਜੀਤ ਸਿੰਘ ਜੀ (ਸਿਰਸਾ) ਅਤੇ ਭਾਈ ਕੁਲਦੀਪ ਸਿੰਘ ਜੀ ਵੱਲੋਂ ਗੁਰਬਾਣੀ ਦਾ ਰਸਭਿੰਨਾ ਕੀਰਤਨ ਕੀਤਾ ਗਿਆ।
ਇਸ ਮੌਕੇ ਪੰਜਾਬ ਦੀ ਪਵਿੱਤਰ ਧਰਤੀ ਤੋਂ ਵਿਸ਼ੇਸ਼ ਤੌਰ ’ਤੇ ਪਹੁੰਚੇ ਉੱਘੇ ਕਥਾਵਾਚਕ ਭਾਈ ਕੁਲਵਿੰਦਰ ਸਿੰਘ ਭੋਗਪੁਰ ਵਾਲਿਆਂ ਨੇ ਜਲਾਵਤਨੀ ਭਾਈ ਗਜਿੰਦਰ ਸਿੰਘ ਜੀ ਅਤੇ ਸ਼ਹੀਦ ਭਾਈ ਹਰਦੀਪ ਸਿੰਘ ਜੀ ਨਿੱਝਰ ਦੇ ਜੀਵਨ, ਯੋਗਦਾਨ ਅਤੇ ਕੁਰਬਾਨੀਆਂ ’ਤੇ ਚਾਨਣਾ ਪਾਇਆ। ਇਸ ਦੇ ਨਾਲ ਹੀ ਉਨ੍ਹਾਂ ਨੇ ਸਿੱਖ ਇਤਿਹਾਸ ਦੇ ਮਹਾਨ ਸ਼ਹੀਦਾਂ ਦੀਆਂ ਲਾਸਾਨੀ ਕੁਰਬਾਨੀਆਂ ਅਤੇ ਬਹਾਦਰੀ ਭਰੇ ਕਾਰਨਾਮਿਆਂ ਬਾਰੇ ਵੀ ਸੰਗਤਾਂ ਨਾਲ ਵਿਚਾਰ ਸਾਂਝੇ ਕੀਤੇ।
ਗੁਰਦੁਆਰਾ ਸਾਹਿਬ ਦੇ ਜਨਰਲ ਸਕੱਤਰ ਭਾਈ ਹੀਰਾ ਸਿੰਘ ਮਤੇਵਾਲ ਵੱਲੋਂ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ। ਇਸ ਤੋਂ ਬਾਅਦ ਦਲ ਖਾਲਸਾ ਜਥੇਬੰਦੀ ਦੇ ਆਗੂ ਭਾਈ ਨਿਰਮਲ ਸਿੰਘ ਹੰਸਪਾਲ ਨੂੰ ਸਟੇਜ ਦੀ ਸੇਵਾ ਸੌਂਪੀ ਗਈ, ਜਿਸ ਨੂੰ ਉਨ੍ਹਾਂ ਨੇ ਬੇਖੂਬੀ ਨਿਭਾਇਆ।
ਸਮਾਗਮ ਦੌਰਾਨ ਭਾਈ ਮੇਜਰ ਸਿੰਘ ਹੀਰਾ ਦੇ ਢਾਡੀ ਜਥੇ ਵੱਲੋਂ ਢਾਡੀ ਵਾਰਾਂ ਰਾਹੀਂ ਇਤਿਹਾਸਕ ਪ੍ਰਸੰਗ ਪੇਸ਼ ਕਰਕੇ ਸੰਗਤਾਂ ਨੂੰ ਆਪਣੇ ਅਮੀਰ ਵਿਰਸੇ ਨਾਲ ਜੋੜਿਆ ਗਿਆ।
ਇਸ ਮੌਕੇ ਭਾਈ ਗੁਰਦਿਆਲ ਸਿੰਘ ਲਾਲੀ ਨੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਭਾਈ ਗੁਰਚਰਨ ਸਿੰਘ ਗੁਰਾਇਆ ਅਤੇ ਭਾਈ ਜਗਤਾਰ ਸਿੰਘ ਮਾਹਲ ਨੇ ਸੰਗਤਾਂ ਨਾਲ ਆਪਣੇ ਵਿਚਾਰ ਸਾਂਝੇ ਕੀਤੇ।
ਭਾਈ ਅਵਤਾਰ ਸਿੰਘ ਬੱਬਰ ਵੱਲੋਂ ਵੀ ਮਹਾਨ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ ਅਤੇ ਸੰਗਤਾਂ ਨੂੰ ਬੇਨਤੀ ਕੀਤੀ ਗਈ ਕਿ ਸਾਰੇ ਇਕੱਠੇ ਹੋ ਕੇ ਇਨ੍ਹਾਂ ਸ਼ਹੀਦਾਂ ਨੂੰ ਹਮੇਸ਼ਾ ਯਾਦ ਕਰਿਆ ਕਰਨ। ਇਸੇ ਤਰ੍ਹਾਂ ਭਾਈ ਨਰਿੰਦਰ ਸਿੰਘ ਘੋਤੜਾ ਨੇ ਵੀ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਆਪਣੇ ਵਿਚਾਰ ਸਾਂਝੇ ਕੀਤੇ।
ਦਲ ਖਾਲਸਾ ਦੇ ਆਗੂ ਭਾਈ ਪ੍ਰਿਤਪਾਲ ਸਿੰਘ ਜੀ (ਸਵਿਟਜ਼ਰਲੈਂਡ) ਨੇ ਵੀ ਸੰਗਤਾਂ ਨੂੰ ਸੰਬੋਧਨ ਕਰਦਿਆਂ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਸਮਾਗਮ ਵਿੱਚ ਬੈਲਜੀਅਮ ਤੋਂ ਭਾਈ ਰਸ਼ਪਾਲ ਸਿੰਘ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ।
ਦਲ ਖਾਲਸਾ ਦੇ ਆਗੂ ਭਾਈ ਸੁਰਿੰਦਰ ਸਿੰਘ ਸੇਖੋਂ ਵੱਲੋਂ ਵੀ ਸਮੂਹ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਜਰਮਨੀ ਅਤੇ ਬਾਬਾ ਦੀਪ ਸਿੰਘ ਸੰਸਥਾ ਜਰਮਨੀ ਦੇ ਆਗੂਆਂ ਵੱਲੋਂ ਵੀ ਮਹਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ।
ਸਮਾਗਮ ਦੇ ਸਫਲ ਆਯੋਜਨ ਵਿੱਚ ਦਲ ਖਾਲਸਾ ਜਥੇਬੰਦੀ ਦੇ ਆਗੂ ਭਾਈ ਅੰਗਰੇਜ ਸਿੰਘ ਜੀ, ਭਾਈ ਹਰਮੀਤ ਸਿੰਘ ਲੇਹਲ, ਭਾਈ ਗੁਰਦੀਪ ਸਿੰਘ ਪਰਦੇਸੀ, ਭਾਈ ਸੁਰਿੰਦਰ ਸਿੰਘ ਸੇਖੋਂ ਅਤੇ ਭਾਈ ਨਿਰਮਲ ਸਿੰਘ ਹੰਸਪਾਲ ਨੇ ਵਿਸ਼ੇਸ਼ ਭੂਮਿਕਾ ਨਿਭਾਈ।
ਸਮਾਗਮ ਦੇ ਅੰਤ ਵਿੱਚ ਆਗੂਆਂ ਵੱਲੋਂ ਸਮੂਹ ਸੰਗਤਾਂ ਦਾ ਸਮਾਗਮ ਵਿੱਚ ਸ਼ਮੂਲੀਅਤ ਲਈ ਧੰਨਵਾਦ ਕੀਤਾ ਗਿਆ ਅਤੇ ਸਭ ਨੂੰ ਜੀ ਆਇਆਂ ਆਖਿਆ ਗਿਆ।
ਇਸ ਮੌਕੇ ਦਲ ਖਾਲਸਾ ਦੇ ਸਹਿਯੋਗੀ ਭਾਈ ਸੁਰਜੀਤ ਸਿੰਘ ਰੰਧਾਵਾ, ਭਾਈ ਹਰਿੰਦਰ ਸਿੰਘ ਢਿੱਲੋਂ, ਭਾਈ ਰਾਜ ਸਿੰਘ ਰਾਜੂ, ਭਾਈ ਬਲਵਿੰਦਰ ਸਿੰਘ, ਮਨਜਿੰਦਰ ਸਿੰਘ ਅਤੇ ਭਾਈ ਬਲਵਿੰਦਰ ਸਿੰਘ ਪੰਮਾ ਵੀ ਹਾਜ਼ਰ ਸਨ।
Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।








