ਖਾਲੜਾ 24 ਜੁਲਾਈ (ਖਿੜਿਆ ਪੰਜਾਬ) ਫਰੀਡਮ ਫਾਈਟਰਜ ਉਤਰਾਧਿਕਾਰੀ ਸੰਸਥਾ ਪੰਜਾਬ ( ਰਜਿ: 196 ) ਜਿਲ੍ਹਾ ਅੰਮ੍ਰਿਤਸਰ ਵੱਲੋਂ ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਸਿੰਘ ਮਾਨ ਵੱਲੋਂ ਫਰੀਡਮ ਫਾਈਟਰਜ ਸੰਸਥਾ ਨੂੰ ਮੀਟਿੰਗ ਲਈ ਸਮਾਂ ਨਾਂ ਦੇਣ ਸੰਬੰਧੀ ਪੰਜਾਬ ਦੇ ਰਾਜਪਾਲ, ਸਪੀਕਰ ਪੰਜਾਬ ਵਿਧਾਨ ਸਭਾ, ਮੁੱਖ ਮੰਤਰੀ ਪੰਜਾਬ ਅਤੇ ਕੈਬਨਿਟ ਮੰਤਰੀ ਸੁਤੰਤਰਤਾ ਸੰਗਰਾਮੀ ਵਿਭਾਗ ਪੰਜਾਬ ਨੂੰ ਏ ਡੀ ਸੀ ਪੱਲਵੀ ਮਿਸ਼ਰਾ ਜੀ ਰਾਹੀਂ ਮੰਗ ਪੱਤਰ ਦਿੱਤੇ ਗਏ। ਇਹ ਮੰਗ ਪੱਤਰ ਫਰੀਡਮ ਫਾਈਟਰਜ ਸੰਸਥਾ ਜਿਲ੍ਹਾ ਅੰਮ੍ਰਿਤਸਰ ਦੇ ਪ੍ਰਧਾਨ ਸ੍ਰ ਰਾਮਪਾਲ ਸਿੰਘ ਪੰਨੂੰ ਦੀ ਅਗਵਾਈ ਹੇਠ ਵਫਦ ਵੱਲੋਂ ਏ ਡੀ ਸੀ ਅੰਮ੍ਰਿਤਸਰ ਪੱਲਵੀ ਮਿਸ਼ਰਾ ਜੀ ਨੂੰ ਦਿੱਤਾ ਗਿਆ। ਇਸ ਮੌਕੇ ਜਿਲ੍ਹਾ ਪ੍ਰਧਾਨ ਸ੍ਰ ਰਾਮਪਾਲ ਸਿੰਘ ਪੰਨੂੰ ਨੇ ਪ੍ਰੈਸ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਸੰਸਥਾ ਵੱਲੋਂ ਸੁਤੰਤਰਤਾ ਸੰਗਰਾਮੀਆਂ ਦੀਆਂ ਹੱਕੀ ਮੰਗਾਂ ਸੰਬੰਧੀ ਮੁੱਖ ਮੰਤਰੀ ਪੰਜਾਬ ਤੋਂ ਗੱਲਬਾਤ ਲਈ ਕਈ ਵਾਰ ਸਮਾਂ ਮੰਗਿਆ ਗਿਆ ਪਰ ਤਿੰਨ ਵਾਰ ਟਾਈਮ ਦੇ ਕੇ ਵੀ ਸੰਸਥਾ ਨਾਲ ਕੋਈ ਮੀਟਿੰਗ ਨਹੀਂ ਕੀਤੀ ਗਈ ਜਿਸ ਕਾਰਨ ਆਜ਼ਾਦੀ ਘੁਲਾਟੀਏ ਪਰਿਵਾਰਾਂ ਵਿੱਚ ਰੋਸ ਪਾਇਆ ਜਾ ਰਿਹਾ ਹੈ। ਜੇਕਰ ਪੰਜਾਬ ਸਰਕਾਰ ਨੇ 2 ਅਗਸਤ 2026 ਤੱਕ ਮੀਟਿੰਗ ਦਾ ਸਮਾਂ ਦੇ ਕੇ ਸੰਸਥਾ ਦੀਆਂ ਹੱਕੀ ਮੰਗਾਂ ਦੀ ਸੁਣਵਾਈ ਨਹੀਂ ਕੀਤੀ ਤਾਂ ਫਰੀਡਮ ਫਾਈਟਰਜ ਸੰਸਥਾ ਸੂਬਾ ਸਰਕਾਰ ਵਿਰੁੱਧ ਤਿੱਖੇ ਸੰਘਰਸ਼ ਦੀ ਰੂਪ ਰੇਖਾ ਉਲੀਕਣ ਲਈ ਮਜਬੂਰ ਹੋਵੇਗੀ ਜਿਸ ਵਿਚ ਸਮੁੱਚੇ ਸੂਬੇ ਵਿੱਚੋਂ ਸੁਤੰਤਰਤਾ ਸੰਗਰਾਮੀ ਅਤੇ ਉਨ੍ਹਾਂ ਦੇ ਵਾਰਿਸ ਸਾਮਿਲ ਹੋਣਗੇ। ਅਗਰ ਫਰੀਡਮ ਫਾਈਟਰ ਸੰਸਥਾ ਨਾਲ ਗੱਲਬਾਤ ਕਰਕੇ ਮੰਗਾਂ ਸੰਬੰਧੀ ਕੋਈ ਹੱਲ ਨਹੀਂ ਕੀਤਾ ਜਾਂਦਾ ਤਾਂ 15 ਅਗਸਤ ਦੇ ਜਿਲ੍ਹਾ ਸਮਾਗਮਾਂ ਵਿੱਚ ਫਰੀਡਮ ਫਾਈਟਰਜ ਪਰਿਵਾਰ ਸਾਮਿਲ ਨਹੀਂ ਹੋਣਗੇ ਅਤੇ ਸਨਮਾਨ ਨਹੀਂ ਲੈਣਗੇ। ਇਸ ਵਫਦ ਵਿੱਚ ਜਿਲ੍ਹਾ ਪ੍ਰਧਾਨ ਸ੍ਰ ਰਾਮਪਾਲ ਸਿੰਘ ਪੰਨੂੰ ਨਾਲ ਮੀਤ ਪ੍ਰਧਾਨ ਜਸਬੀਰ ਸਿੰਘ, ਮਹਿੰਦਰਪਾਲ ਸਿੰਘ, ਸੰਤੋਖ ਸਿੰਘ, ਜਸਵਿੰਦਰ ਸਿੰਘ, ਜਗਜੀਤ ਸਿੰਘ, ਬਸੰਤ ਸਿੰਘ, ਸਿਮਰਨਜੀਤ ਸਿੰਘ, ਮਨਜੀਤ ਸਿੰਘ ਵੇਰਕਾ, ਸਤਪਾਲ ਸਿੰਘ ਪੰਨੂੰ, ਤਰਸੇਮ ਸਿੰਘ ਕੋਹਰੀ, ਚੰਦਰ ਮੋਹਨ, ਸੁਰਜੀਤ ਸਿੰਘ, ਮਨਜੀਤ ਸਿੰਘ, ਪ੍ਰਵੀਨ ਕੌਰ, ਕਸ਼ਮੀਰ ਕੌਰ, ਕੁਲਵੰਤ ਸਿੰਘ, ਗੁਰਪਾਲ ਸਿੰਘ ਆਦਿ ਹਾਜ਼ਰ ਸਨ।
Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।








