ਨਵੀਂ ਦਿੱਲੀ 27 ਜੁਲਾਈ (ਮਨਪ੍ਰੀਤ ਸਿੰਘ ਖਾਲਸਾ):- ਪੰਜਾਬ ਦੇ ਕਾਲੇ ਦੌਰ ਨਾਲ ਜੁੜੇ ਅਨੇਕਾਂ ਪਰਿਵਾਰ ਅੱਜ ਵੀ ਇਨਸਾਫ਼ ਦੀ ਉਡੀਕ ਕਰ ਰਹੇ ਹਨ। ਉਨ੍ਹਾਂ ਵਿੱਚ ਆਮ ਆਦਮੀ ਪਾਰਟੀ ਦੀ ਵਿਧਾਇਕ ਸਰਬਜੀਤ ਕੌਰ ਮਾਣੂੰਕੇ ਦਾ ਪਰਿਵਾਰ ਵੀ ਸ਼ਾਮਲ ਹੈ। ਜਨਤਕ ਤੌਰ ‘ਤੇ ਕੀਤੇ ਜਾਂਦੇ ਦਾਅਵਿਆਂ ਅਨੁਸਾਰ ਉਨ੍ਹਾਂ ਦਾ ਭਰਾ ਉਸ ਦੌਰ ਦੌਰਾਨ ਲਾਪਤਾ ਹੋ ਗਿਆ ਸੀ ਅਤੇ ਪਰਿਵਾਰ ਸਾਲਾਂ ਤੋਂ ਇਨਸਾਫ਼ ਦੀ ਉਡੀਕ ਕਰ ਰਿਹਾ ਹੈ। ਸਰਬਜੀਤ ਕੌਰ ਮਾਣੂੰਕੇ ਦੇ ਛੋਟੇ ਭਰਾ ਦਾ ਨਾਮ ਸ਼ਿਵਚਰਨਜੀਤ ਸਿੰਘ ਸੀ, ਜਿਸ ਨੂੰ 9 ਜੁਲਾਈ 1989 ਨੂੰ ਪੰਜਾਬ ਪੁਲਿਸ ਵੱਲੋਂ ਘਰੋਂ ਚੁੱਕਿਆ ਗਿਆ ਸੀ ਅਤੇ 18 ਜੁਲਾਈ 1989 ਨੂੰ ਪੁਲਿਸ ਹੱਥੋਂ ਹਲਾਕ (ਮੁਕਾਬਲੇ ਵਿੱਚ ਮਾਰ ਦਿੱਤਾ) ਕਰ ਦਿੱਤਾ ਗਿਆ ਸੀ। ਇਸ ਮਾਮਲੇ ਸਬੰਧੀ ਭਾਈ ਰਤਿੰਦਰ ਸਿੰਘ ਇੰਦੌਰ ਨੇ ਕਿਹਾ ਕਿ ਜਥੇਦਾਰ ਕੁਲਦੀਪ ਸਿੰਘ ਗੜਗਜ ਨੂੰ ਇਸ ਮਾਮਲੇ ਵਿੱਚ ਦਖ਼ਲ ਦੇ ਕੇ ਸਰਬਜੀਤ ਕੌਰ ਮਾਣੂੰਕੇ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਅੱਗੇ ਆਉਣਾ ਚਾਹੀਦਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਪੰਜਾਬ ਸਰਕਾਰ ਸੱਚਮੁੱਚ ਇਨਸਾਫ਼ ਦੀ ਗੱਲ ਕਰਦੀ ਹੈ ਤਾਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਆਪਣੀ ਹੀ ਪਾਰਟੀ ਦੀ ਵਿਧਾਇਕ ਦੇ ਪਰਿਵਾਰ ਨਾਲ ਜੁੜੇ ਇਸ ਮਾਮਲੇ ਦੀ ਨਿਰਪੱਖ ਅਤੇ ਕਾਨੂੰਨੀ ਤੌਰ ‘ਤੇ ਜਾਂਚ ਕਰਵਾਉਣੀ ਚਾਹੀਦੀ ਹੈ। ਭਾਈ ਰਤਿੰਦਰ ਸਿੰਘ ਇੰਦੌਰ ਨੇ ਅੱਗੇ ਕਿਹਾ ਕਿ ਜਨਤਕ ਤੌਰ ‘ਤੇ ਇਸ ਮਾਮਲੇ ਵਿੱਚ ਸਾਬਕਾ ਪੁਲਿਸ ਅਧਿਕਾਰੀ ਦਾ ਨਾਮ ਲਿਆ ਜਾਂਦਾ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਇਸ ਮਾਮਲੇ ਦੀ ਪੂਰੀ ਤਹਿਕੀਕਾਤ ਕਰਵਾਈ ਜਾਵੇ ਅਤੇ ਜੇਕਰ ਜਾਂਚ ਵਿੱਚ ਕਿਸੇ ਵੀ ਵਿਅਕਤੀ ਦੀ ਕਾਨੂੰਨੀ ਜ਼ਿੰਮੇਵਾਰੀ ਸਾਬਤ ਹੁੰਦੀ ਹੈ ਤਾਂ ਉਸ ਖ਼ਿਲਾਫ਼ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇ। ਹੁਣ ਸਭ ਤੋਂ ਵੱਡਾ ਸਵਾਲ ਇਹ ਹੈ ਕਿ ਕੀ ਮੁੱਖ ਮੰਤਰੀ ਭਗਵੰਤ ਮਾਨ ਆਪਣੀ ਹੀ ਪਾਰਟੀ ਦੀ ਵਿਧਾਇਕ ਸਰਬਜੀਤ ਕੌਰ ਮਾਣੂੰਕੇ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਠੋਸ ਕਦਮ ਚੁੱਕਣਗੇ? ਕੀ ਇਸ ਮਾਮਲੇ ਦੀ ਨਿਰਪੱਖ ਜਾਂਚ ਕਰਵਾ ਕੇ ਸੱਚ ਨੂੰ ਸਾਹਮਣੇ ਲਿਆਂਦਾ ਜਾਵੇਗਾ? ਜਾਂ ਕਾਲੇ ਦੌਰ ਦੇ ਹਜ਼ਾਰਾਂ ਹੋਰ ਪੀੜਤ ਪਰਿਵਾਰਾਂ ਵਾਂਗ ਇਹ ਮਾਮਲਾ ਵੀ ਸਿਰਫ਼ ਸਵਾਲ ਬਣ ਕੇ ਰਹਿ ਜਾਵੇਗਾ? ਓਨ੍ਹਾ ਕਿਹਾ ਕੁਕੀ ਗਿੱਲ ਜਿਨ੍ਹਾਂ ਉਪਰ ਇਸ ਸਮੇਂ ਪੰਥਕ ਸੰਘਰਸ਼ ਵਿਰੁੱਧ ਬੋਲਣ ਦੇ ਇਲਜਾਮ ਲਗ ਰਹੇ ਹਨ ਕਿ ਓਹ ਮਾਮਲੇ ਤੇ ਕੁਝ ਬੋਲਣਗੇ.?
Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।








