ਨਵੀਂ ਦਿੱਲੀ, 9 ਅਗਸਤ (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਮਾਨ ਵੱਲੋਂ ਭਾਈ ਜਗਤਾਰ ਸਿੰਘ ਹਵਾਰਾ ਨੂੰ 10 ਦਿਨਾਂ ਦੀ ਪੈਰੋਲ ਦੇਣ ਲਈ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਪੱਤਰ ਲਿਖਣ ਦਾ ਸਵਾਗਤ ਕੀਤਾ ਹੈ। ਸਰਦਾਰ ਕਾਲਕਾ ਨੇ ਕਿਹਾ ਕਿ ਭਾਈ ਹਵਾਰਾ ਦੀ ਮਾਤਾ ਬਿਮਾਰ ਹੋਣ ਕਾਰਨ ਉਨ੍ਹਾਂ ਨੂੰ 10 ਦਿਨਾਂ ਦੀ ਪੈਰੋਲ ਦੇਣ ਦੀ ਮੰਗ ਮਨੁੱਖਤਾ ਦੇ ਆਧਾਰ ’ਤੇ ਤੁਰੰਤ ਵਿਚਾਰੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵੱਲੋਂ ਇਸ ਮਾਮਲੇ ਵਿੱਚ ਪਹਿਲ ਕਰਨਾ ਪੰਜਾਬੀਆਂ ਅਤੇ ਸਿੱਖ ਸੰਗਤ ਦੀਆਂ ਭਾਵਨਾਵਾਂ ਦੀ ਕਦਰ ਕਰਨ ਵਾਲਾ ਕਦਮ ਹੈ।
ਉਨ੍ਹਾਂ ਕਿਹਾ ਕਿ ਭਾਈ ਹਵਾਰਾ ਦੀ ਪੈਰੋਲ ਦੇ ਮਾਮਲੇ ਵਿੱਚ ਪਹਿਲਾਂ ਵੀ ਸੁਪਰੀਮ ਕੋਰਟ ਅਤੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਵੱਲੋਂ ਸਬੰਧਤ ਅਦਾਲਤਾਂ ਨੂੰ ਸਮੇਂ ਸਿਰ ਫੈਸਲਾ ਲੈਣ ਲਈ ਕਿਹਾ ਜਾ ਚੁੱਕਾ ਹੈ। ਅਜਿਹੇ ਵਿੱਚ ਬਿਮਾਰ ਮਾਤਾ ਦੀ ਦੇਖਭਾਲ ਲਈ ਉਨ੍ਹਾਂ ਨੂੰ ਪਰਿਵਾਰ ਕੋਲ ਜਾਣ ਦਾ ਮੌਕਾ ਮਿਲਣਾ ਮਨੁੱਖੀ ਪੱਖੋਂ ਬੇਹੱਦ ਜ਼ਰੂਰੀ ਹੈ। ਸਰਦਾਰ ਕਾਲਕਾ ਨੇ ਕਿਹਾ ਕਿ ਜੇਕਰ ਸਰਕਾਰਾਂ ਅਤੇ ਪ੍ਰਸ਼ਾਸਨ ਮਨੁੱਖਤਾ ਦੇ ਆਧਾਰ ’ਤੇ ਅਜਿਹੇ ਮਾਮਲਿਆਂ ਨੂੰ ਹੱਲ ਕਰਨ ਲਈ ਪਹਿਲ ਕਰਨ ਤਾਂ ਲੰਮੇ ਸਮੇਂ ਤੋਂ ਜੇਲ੍ਹਾਂ ਵਿੱਚ ਬੰਦ ਬੰਦੀ ਸਿੰਘਾਂ ਦੇ ਮਾਮਲਿਆਂ ਵਿੱਚ ਵੀ ਨਵਾਂ ਰਾਹ ਖੁੱਲ੍ਹ ਸਕਦਾ ਹੈ। ਉਨ੍ਹਾਂ ਕਿਹਾ ਕਿ ਬੰਦੀ ਸਿੰਘਾਂ ਨਾਲ ਸਬੰਧਤ ਮਾਮਲਿਆਂ ਨੂੰ ਸਿਆਸੀ ਵਖਰੇਵਿਆਂ ਤੋਂ ਉੱਪਰ ਉੱਠ ਕੇ ਕਾਨੂੰਨ, ਸੰਵਿਧਾਨਕ ਹੱਕਾਂ ਅਤੇ ਮਨੁੱਖਤਾ ਦੇ ਆਧਾਰ ’ਤੇ ਵਿਚਾਰਨ ਦੀ ਲੋੜ ਹੈ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕਰਦਿਆਂ ਆਸ ਪ੍ਰਗਟਾਈ ਕਿ ਰਾਜਪਾਲ ਵੱਲੋਂ ਵੀ ਭਾਈ ਹਵਾਰਾ ਦੀ ਪੈਰੋਲ ਦੀ ਮੰਗ ’ਤੇ ਹਮਦਰਦੀ ਨਾਲ ਵਿਚਾਰ ਕਰਦਿਆਂ ਜਲਦ ਫੈਸਲਾ ਲਿਆ ਜਾਵੇਗਾ।
Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।








