👉 ਸੁਰੱਖਿਆ ਦੇ ਨਾਂ ’ਤੇ ਸਿੱਖਾਂ ਨਾਲ ਵਿਤਕਰਾ ਬੰਦ ਹੋਵੇ; ਧਾਰਾ 14 ਤਹਿਤ ਸਭ ਧਰਮਾਂ ਨਾਲ ਬਰਾਬਰੀ ਦਾ ਵਿਹਾਰ ਕਰਨ ਦੀ ਕੀਤੀ ਮੰਗ
ਨਵੀਂ ਦਿੱਲੀ 11 ਅਗਸਤ (ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸ. ਸਿਮਰਨਜੀਤ ਸਿੰਘ ਮਾਨ ਨੇ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਸੁਰੱਖਿਆ ਕਾਰਨਾਂ ਕਰਕੇ ਬੰਦ ਕਰਨ ਅਤੇ ਜੰਮੂ-ਕਸ਼ਮੀਰ ਵਿੱਚ ਅਮਰਨਾਥ ਯਾਤਰਾ ਜਾਰੀ ਰੱਖਣ ਦੀ ਨੀਤੀ ’ਤੇ ਸਵਾਲ ਉਠਾਉਂਦਿਆਂ ਕਿਹਾ ਕਿ ਜੇਕਰ ਸੁਰੱਖਿਆ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਬੰਦ ਕਰਨ ਦਾ ਆਧਾਰ ਹੈ ਤਾਂ ਇਸੇ ਮਾਪਦੰਡ ਤਹਿਤ ਅਮਰਨਾਥ ਯਾਤਰਾ ਨੂੰ ਵੀ ਰੋਕਿਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਦੋਵਾਂ ਖੇਤਰਾਂ ਦੇ ਹਾਲਾਤ ਸੁਖਾਵੇਂ ਨਹੀਂ ਹੁੰਦੇ, ਉਦੋਂ ਤੱਕ ਸੁਰੱਖਿਆ ਦੇ ਨਾਂ ’ਤੇ ਵੱਖ-ਵੱਖ ਨੀਤੀਆਂ ਅਪਣਾਉਣਾ ਵਿਤਕਰੇ ਅਤੇ ਬੇਇਨਸਾਫ਼ੀ ਨੂੰ ਜਨਮ ਦਿੰਦਾ ਹੈ। ਉਨ੍ਹਾਂ ਕਿਹਾ ਕਿ ਗੋਲੀ ਕਿਸੇ ਵਿਅਕਤੀ ਦਾ ਧਰਮ ਦੇਖ ਕੇ ਨਹੀਂ ਚੱਲਦੀ, ਇਸ ਲਈ ਸੁਰੱਖਿਆ ਦਾ ਮਾਪਦੰਡ ਵੀ ਹਿੰਦੂ, ਸਿੱਖ ਜਾਂ ਮੁਸਲਮਾਨ ਦੇ ਆਧਾਰ ’ਤੇ ਵੱਖਰਾ ਨਹੀਂ ਹੋਣਾ ਚਾਹੀਦਾ। ਸ. ਮਾਨ ਨੇ ਕਿਹਾ ਕਿ ਭਾਰਤੀ ਸੰਵਿਧਾਨ ਦੀ ਧਾਰਾ 14 ਸਭਨਾਂ ਲਈ ਕਾਨੂੰਨ ਅੱਗੇ ਬਰਾਬਰੀ ਦਾ ਸਿਧਾਂਤ ਪੇਸ਼ ਕਰਦੀ ਹੈ, ਇਸ ਲਈ ਸਰਕਾਰ ਨੂੰ ਹਿੰਦੂਆਂ, ਸਿੱਖਾਂ ਅਤੇ ਮੁਸਲਮਾਨਾਂ ਨਾਲ ਇੱਕੋ ਜਿਹਾ ਵਿਹਾਰ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਸੁਰੱਖਿਆ ਹਾਲਾਤਾਂ ਕਾਰਨ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਨੂੰ ਬੰਦ ਕੀਤਾ ਗਿਆ ਹੈ ਤਾਂ ਅਮਰਨਾਥ ਯਾਤਰਾ ਸਬੰਧੀ ਵੀ ਉਸੇ ਤਰ੍ਹਾਂ ਦਾ ਫ਼ੈਸਲਾ ਹੋਣਾ ਚਾਹੀਦਾ ਹੈ। ਉਨ੍ਹਾਂ ਇਹ ਵੀ ਸਵਾਲ ਕੀਤਾ ਕਿ ਜਦੋਂ ਚੀਨ ਨਾਲ ਸਿਪਕਲੀ (ਹਿਮਾਚਲ ਪ੍ਰਦੇਸ਼) ਰਾਹੀਂ ਕੌਮਾਂਤਰੀ ਵਪਾਰ ਖੁੱਲ੍ਹੇ ਤੌਰ ’ਤੇ ਚੱਲ ਸਕਦਾ ਹੈ ਤਾਂ ਵਾਹਗਾ, ਅਟਾਰੀ, ਸੁਲੇਮਾਨਕੀ ਅਤੇ ਹੁਸੈਨੀਵਾਲਾ ਸਰਹੱਦਾਂ ਨੂੰ ਪੰਜਾਬ ਦੇ ਵਪਾਰ ਲਈ ਕਿਉਂ ਨਹੀਂ ਖੋਲ੍ਹਿਆ ਜਾ ਰਿਹਾ? ਉਨ੍ਹਾਂ ਮੰਗ ਕੀਤੀ ਕਿ ਸਰਹੱਦੀ ਆਵਾਜਾਈ ਅਤੇ ਵਪਾਰ ਸਬੰਧੀ ਵੀ ਇੱਕਸਾਰ ਤੇ ਤਰਕਸੰਗਤ ਨੀਤੀ ਅਪਣਾਈ ਜਾਵੇ। ਉਨ੍ਹਾਂ ਕਿਹਾ ਕਿ ਸਿੱਖ ਕੌਮ ਦੀ ਆਪਣੀ ਵਿਲੱਖਣ ਤੇ ਅਣਖੀਲੀ ਪਛਾਣ ਹੈ ਅਤੇ ਇਸ ਪਛਾਣ ਨੂੰ ਕਿਸੇ ਵੀ ਤਰ੍ਹਾਂ ਦੇ ਜਬਰੀ ਪ੍ਰੋਗਰਾਮਾਂ ਜਾਂ ਵਿਚਾਰਧਾਰਕ ਦਬਾਅ ਰਾਹੀਂ ਕਮਜ਼ੋਰ ਕਰਨ ਦੀ ਕੋਸ਼ਿਸ਼ ਨੂੰ ਸਿੱਖ ਕੌਮ ਪ੍ਰਵਾਨ ਨਹੀਂ ਕਰੇਗੀ। ਸ. ਮਾਨ ਨੇ ਕਿਹਾ ਕਿ ‘ਵੰਦੇ ਮਾਤਰਮ’, ‘ਜਨ-ਗਨ-ਮਨ’ ਅਤੇ ਤਿਰੰਗੇ ਨਾਲ ਸਬੰਧਤ ਕਿਸੇ ਵੀ ਜਬਰੀ ਥੋਪੇ ਜਾਣ ਵਾਲੇ ਪ੍ਰੋਗਰਾਮ ਨੂੰ ਸਿੱਖਾਂ ਦੀ ਵਿਲੱਖਣ ਹਸਤੀ ਦੇ ਸੰਦਰਭ ਵਿੱਚ ਨਹੀਂ ਦੇਖਿਆ ਜਾ ਸਕਦਾ ਅਤੇ ਸਿੱਖ ਆਪਣੀ ਆਜ਼ਾਦ ਤੇ ਵਿਲੱਖਣ ਪਛਾਣ ਨੂੰ ਹਰ ਕੀਮਤ ’ਤੇ ਕਾਇਮ ਰੱਖਣਗੇ। ਉਨ੍ਹਾਂ ਸਮੁੱਚੇ ਪੰਜਾਬੀਆਂ ਅਤੇ ਸਿੱਖ ਕੌਮ ਨੂੰ ਅਪੀਲ ਕੀਤੀ ਕਿ ਉਹ ਇਨਸਾਫ਼ ’ਤੇ ਆਧਾਰਿਤ ਰਾਜ ਪ੍ਰਬੰਧ ਅਤੇ ਆਪਣੀ ਸਿਆਸੀ ਮੰਜ਼ਿਲ ਦੀ ਪ੍ਰਾਪਤੀ ਲਈ ਸਹਿਯੋਗ ਕਰਨ।
Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।








