ਫਰੈਂਕਫਰਟ, 23 ਅਗਸਤ (ਖਿੜਿਆ ਪੰਜਾਬ) ਗੁਰਦੁਆਰਾ ਸਿੱਖ ਸੈਂਟਰ ਫਰੈਂਕਫਰਟ ਵਿਖੇ ਐਤਵਾਰ ਦੇ ਹਫ਼ਤਾਵਾਰੀ ਗੁਰਮਤਿ ਸਮਾਗਮ ਬੜੀ ਸ਼ਰਧਾ, ਉਤਸ਼ਾਹ ਅਤੇ ਗੁਰਮਤਿ ਮਰਿਆਦਾ ਅਨੁਸਾਰ ਕਰਵਾਏ ਗਏ। ਵੱਡੀ ਗਿਣਤੀ ਵਿੱਚ ਸੰਗਤਾਂ ਨੇ ਗੁਰੂ ਘਰ ਹਾਜ਼ਰੀ ਭਰ ਕੇ ਗੁਰਬਾਣੀ ਕੀਰਤਨ, ਕਥਾ ਅਤੇ ਗੁਰਮਤਿ ਵਿਚਾਰਾਂ ਦਾ ਲਾਹਾ ਪ੍ਰਾਪਤ ਕੀਤਾ।
ਗੁਰੂ ਘਰ ਦੇ ਹਜ਼ੂਰੀ ਕੀਰਤਨੀ ਜਥੇ ਵੱਲੋਂ ਭਾਈ ਇੰਦਰਜੀਤ ਸਿੰਘ ਜੀ (ਸਿਰਸਾ), ਭਾਈ ਸੁਖਦੇਵ ਸਿੰਘ ਜੀ ਅਤੇ ਭਾਈ ਕੁਲਦੀਪ ਸਿੰਘ ਜੀ ਨੇ ਸਵੇਰੇ 11:00 ਵਜੇ ਤੋਂ 12:00 ਵਜੇ ਤੱਕ ਰਸਭਿੰਨੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ।
ਇਸ ਉਪਰੰਤ ਸਤਿਕਾਰਯੋਗ ਗਿਆਨੀ ਰਘਬੀਰ ਸਿੰਘ ਜੀ ਨੇ ਦੁਪਹਿਰ 1:00 ਵਜੇ ਤੋਂ 2:15 ਵਜੇ ਤੱਕ ਗੁਰਮਤਿ ਕਥਾ ਕਰਦਿਆਂ ਗੁਰਬਾਣੀ, ਸਿੱਖ ਇਤਿਹਾਸ ਅਤੇ ਗੁਰੂ ਸਾਹਿਬਾਨ ਦੇ ਉਪਦੇਸ਼ਾਂ ਸਬੰਧੀ ਵਿਚਾਰ ਸੰਗਤਾਂ ਨਾਲ ਸਾਂਝੇ ਕੀਤੇ। ਸੰਗਤਾਂ ਨੇ ਬੜੀ ਇਕਾਗਰਤਾ ਨਾਲ ਗੁਰਮਤਿ ਵਿਚਾਰ ਸਰਵਣ ਕੀਤੇ।
ਇਸ ਮੌਕੇ ਗੁਰਦੁਆਰਾ ਸਿੱਖ ਸੈਂਟਰ ਫਰੈਂਕਫਰਟ ਦੀ ਪ੍ਰਬੰਧਕ ਕਮੇਟੀ ਵੱਲੋਂ ਸਤਿਕਾਰਯੋਗ ਗਿਆਨੀ ਰਘਬੀਰ ਸਿੰਘ ਜੀ ਨੂੰ ਗੁਰੂ ਘਰ ਦੀ ਬਖ਼ਸ਼ਿਸ਼ ਸਿਰੋਪਾ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਪ੍ਰਬੰਧਕ ਕਮੇਟੀ ਵੱਲੋਂ ਉਨ੍ਹਾਂ ਦੀਆਂ ਗੁਰਮਤਿ ਅਤੇ ਪੰਥਕ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਗੁਰੂ ਸਾਹਿਬ ਅੱਗੇ ਉਨ੍ਹਾਂ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਗਈ।
ਇਸ ਮੌਕੇ ਸਮਾਗਮ ਦੌਰਾਨ ਸਟੇਜ ਦੀ ਸੇਵਾ ਭਾਈ ਹੀਰਾ ਸਿੰਘ ਜੀ ਨੇ ਬਾਖੂਬੀ ਨਿਭਾਈ ਅਤੇ ਸਮਾਗਮ ਦੀ ਕਾਰਵਾਈ ਨੂੰ ਸੁਚੱਜੇ ਢੰਗ ਨਾਲ ਚਲਾਉਂਦਿਆਂ ਸੰਗਤਾਂ ਨਾਲ ਗੁਰਮਤਿ ਅਤੇ ਪੰਥਕ ਵਿਚਾਰਾਂ ਦੀ ਸਾਂਝ ਪਾਈ।
ਅੱਜ ਦੇ ਸਮਾਗਮਾਂ ਦੀ ਸੇਵਾ ਸਤਿਕਾਰਯੋਗ ਸਰਦਾਰ ਹਰਨੇਕ ਸਿੰਘ ਜੀ, ਕੈਲੀਫੋਰਨੀਆ, ਅਮਰੀਕਾ (USA) ਵੱਲੋਂ ਬੜੀ ਸ਼ਰਧਾ ਅਤੇ ਪਿਆਰ ਸਹਿਤ ਲਈ ਗਈ। ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਮੂਹ ਸਾਧ ਸੰਗਤ ਵੱਲੋਂ ਸਰਦਾਰ ਹਰਨੇਕ ਸਿੰਘ ਜੀ ਅਤੇ ਉਨ੍ਹਾਂ ਦੇ ਸਮੂਹ ਪਰਿਵਾਰ ਦਾ ਧੰਨਵਾਦ ਕਰਦਿਆਂ ਗੁਰੂ ਮਹਾਰਾਜ ਜੀ ਅੱਗੇ ਪਰਿਵਾਰ ਦੀ ਸੁੱਖ-ਸ਼ਾਂਤੀ, ਤੰਦਰੁਸਤੀ ਅਤੇ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਗਈ।
ਸਮਾਗਮ ਦੀ ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ। ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਸਾਧ ਸੰਗਤ ਨੂੰ ਬੇਨਤੀ ਕੀਤੀ ਗਈ ਕਿ ਇਸੇ ਤਰ੍ਹਾਂ ਪਰਿਵਾਰਾਂ ਸਮੇਤ ਗੁਰੂ ਘਰ ਨਾਲ ਜੁੜ ਕੇ ਹਫ਼ਤਾਵਾਰੀ ਦੀਵਾਨਾਂ ਵਿੱਚ ਹਾਜ਼ਰੀਆਂ ਭਰਦੇ ਹੋਏ ਗੁਰਬਾਣੀ ਅਤੇ ਗੁਰਮਤਿ ਦਾ ਲਾਹਾ ਪ੍ਰਾਪਤ ਕਰਦੇ ਰਹਿਣ।
Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।








