ਅਕਾਲ ਤਖ਼ਤ ਸਾਹਿਬ ਜੀ ਦੀ ਸਿੱਖ ਰਹਿਤ ਮਰਯਾਦਾ ਅਤੇ ਮੂਲ ਨਾਨਕਸ਼ਾਹੀ ਕੈਲੰਡਰ ਨੂੰ ਸਮਰਪਿਤ ਪੰਥਕ ਇਕੱਤਰਤਾ ਸ਼ਲਾਘਾਯੋਗ ਉਪਰਾਲਾ: ਵਰਲਡ ਸਿੱਖ ਪਾਰਲੀਮੈਂਟ
ਸਟੁਟਗਾਰਟ: 8 ਸਤੰਬਰ: ਸਿੱਖ ਕੌਮ ਦੇ ਸੂਰਬੀਰ ਯੋਧੇ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਦੇ ਦਿਸ਼ਾ ਨਿਰਦੇਸ਼ਾਂ ਤੇ ਹੋਂਦ ਵਿੱਚ ਆਈ ਵਰਲਡ ਸਿੱਖ ਪਾਰਲੀਮੈਂਟ ਦੇ ਕੋ-ਕੋਅਰਡੀਨੇਟਰ ਭਾਈ ਗੁਰਚਰਨ ਸਿੰਘ ਗੁਰਾਇਆ, ਭਾਈ ਜਤਿੰਦਰ ਸਿੰਘ, ਭਾਈ ਗੁਰਪਾਲ ਸਿੰਘ ਪਾਲਾ ਨੇ ਕਿਹਾ ਕਿ ਜਰਮਨੀ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਬਉੱਚਤਾ ਦੀ ਪਹਿਰੇਦਾਰੀ, ਅਕਾਲ ਤਖ਼ਤ ਸਾਹਿਬ ਜੀ ਦੀ ਪ੍ਰਮਾਣਿਤ ਸਿੱਖ ਰਹਿਤ ਮਰਯਾਦਾ ਅਤੇ ਮੂਲ ਨਾਨਕਸ਼ਾਹੀ ਕੈਲੰਡਰ ਨੂੰ ਸਮਰਪਿਤ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧਕਾਂ, ਸਿੱਖ ਸੰਸਥਾਵਾਂ ਅਤੇ ਸੁਹਿਰਦ ਗੁਰਸਿੱਖਾਂ ਵੱਲੋਂ ਕੀਤੀ ਜਾ ਰਹੀ ਅਹਿਮ ਪੰਥਕ ਇਕੱਤਰਤਾ ਨੂੰ ਇੱਕ ਬਹੁਤ ਹੀ ਸ਼ਲਾਘਾਯੋਗ ਅਤੇ ਸਮੇਂ ਦੀ ਲੋੜ ਅਨੁਸਾਰ ਕੀਤਾ ਗਿਆ ਉਪਰਾਲਾ ਕਰਾਰ ਦਿੱਤਾ ਹੈ।
ਵਰਲਡ ਸਿੱਖ ਪਾਰਲੀਮੈਂਟ ਦੇ ਆਗੂਆਂ ਨੇ ਕਿਹਾ ਕਿ ਅੱਜ ਸਿੱਖ ਪੰਥ ਨੂੰ ਦਰਪੇਸ਼ ਚੁਣੌਤੀਆਂ ਦਾ ਸਾਹਮਣਾ ਕਰਨ ਲਈ ਆਪਸੀ ਮਤਭੇਦਾਂ ਤੋਂ ਉੱਪਰ ਉੱਠ ਕੇ ਗੁਰਮਤਿ ਸਿਧਾਂਤਾਂ, ਪੰਥਕ ਏਕਤਾ ਅਤੇ ਸਾਂਝੀ ਸੋਚ ਨੂੰ ਮਜ਼ਬੂਤ ਕਰਨਾ ਸਮੇਂ ਦੀ ਮੁੱਖ ਲੋੜ ਹੈ। ਗੁਰਦੁਆਰਾ ਸਾਹਿਬਾਨ ਸਿੱਖ ਕੌਮ ਦੀਆਂ ਧਾਰਮਿਕ ਅਤੇ ਪੰਥਕ ਸੰਸਥਾਵਾਂ ਹਨ ਅਤੇ ਇਨ੍ਹਾਂ ਦੇ ਪ੍ਰਬੰਧ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਬਉੱਚਤਾ ਅਤੇ ਅਕਾਲ ਤਖ਼ਤ ਸਾਹਿਬ ਜੀ ਦੀ ਪ੍ਰਮਾਣਿਤ ਸਿੱਖ ਰਹਿਤ ਮਰਯਾਦਾ ਨੂੰ ਕੇਂਦਰ ਵਿੱਚ ਰੱਖਣਾ ਹਰ ਗੁਰਸਿੱਖ ਦੀ ਸਾਂਝੀ ਜ਼ਿੰਮੇਵਾਰੀ ਹੈ।
ਉਨ੍ਹਾਂ ਕਿਹਾ ਕਿ ਮੂਲ ਨਾਨਕਸ਼ਾਹੀ ਕੈਲੰਡਰ ਸਿੱਖ ਕੌਮ ਦੀ ਨਿਆਰੀ ਪਛਾਣ ਅਤੇ ਵਿਲੱਖਣ ਹੋਂਦ ਹਸਤੀ ਨਾਲ ਜੁੜਿਆ ਇੱਕ ਮਹੱਤਵਪੂਰਨ ਮਸਲਾ ਹੈ। ਇਸ ਲਈ ਇਸ ਸਬੰਧੀ ਪੰਥਕ ਪੱਧਰ ’ਤੇ ਸੰਜੀਦਗੀ, ਵਿਚਾਰ-ਵਟਾਂਦਰੇ ਅਤੇ ਸਾਂਝੀ ਰਣਨੀਤੀ ਦੀ ਲੋੜ ਹੈ।
ਵਰਲਡ ਸਿੱਖ ਪਾਰਲੀਮੈਂਟ ਨੇ ਜਰਮਨੀ ਦੇ ਸਮੂਹ ਗੁਰਦੁਆਰਾ ਪ੍ਰਬੰਧਕਾਂ, ਸਿੱਖ ਸੰਸਥਾਵਾਂ, ਪ੍ਰਚਾਰਕਾਂ ਅਤੇ ਸੁਹਿਰਦ ਗੁਰਸਿੱਖਾਂ ਨੂੰ ਅਪੀਲ ਕੀਤੀ ਕਿ ਉਹ 21 ਸਤੰਬਰ ਦਿਨ ਸੋਮਵਾਰ ਨੂੰ ਸਟੁਟਗਾਟ ਵਿੱਚ ਹੋ ਰਹੀ ਪੰਥਕ ਇਕੱਤਰਤਾ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਬਉੱਚਤਾ, ਅਕਾਲ ਤਖ਼ਤ ਸਾਹਿਬ ਜੀ ਦੀ ਪ੍ਰਮਾਣਿਤ ਸਿੱਖ ਰਹਿਤ ਮਰਯਾਦਾ, ਮੂਲ ਨਾਨਕਸ਼ਾਹੀ ਕੈਲੰਡਰ ਅਤੇ ਪੰਥਕ ਏਕਤਾ ਦੇ ਮੁੱਦਿਆਂ ’ਤੇ ਸਾਂਝੀ ਆਵਾਜ਼ ਬੁਲੰਦ ਕਰਨ।
ਉਨ੍ਹਾਂ ਕਿਹਾ ਕਿ ਅਜਿਹੀਆਂ ਇਕੱਤਰਤਾਵਾਂ ਸਿੱਖ ਪੰਥ ਦੇ ਸਿਧਾਂਤਾਂ, ਮਰਯਾਦਾ ਅਤੇ ਪੰਥਕ ਸਰੂਪ ਦੀ ਮਜ਼ਬੂਤੀ ਲਈ ਕਰਨੀਆਂ ਚਾਹੀਦੀਆਂ ਹਨ। ਗੁਰਮਤਿ ਦੀ ਰੌਸ਼ਨੀ ਵਿੱਚ ਸੰਵਾਦ, ਸਹਿਮਤੀ ਅਤੇ ਸਾਂਝੇ ਫੈਸਲਿਆਂ ਰਾਹੀਂ ਹੀ ਜਰਮਨੀ ਸਮੇਤ ਵਿਸ਼ਵ ਭਰ ਵਿੱਚ ਸਿੱਖ ਪੰਥ ਦੀਆਂ ਸੰਸਥਾਵਾਂ ਨੂੰ ਹੋਰ ਮਜ਼ਬੂਤ ਕੀਤਾ ਜਾ ਸਕਦਾ ਹੈ।
ਵਰਲਡ ਸਿੱਖ ਪਾਰਲੀਮੈਂਟ ਨੇ ਆਸ ਪ੍ਰਗਟ ਕੀਤੀ ਕਿ ਜਰਮਨੀ ਵਿੱਚ ਹੋਣ ਵਾਲੀ ਇਹ ਪੰਥਕ ਇਕੱਤਰਤਾ ਇੱਕ ਨਵੀਂ ਅਤੇ ਉਸਾਰੂ ਪੰਥਕ ਪਿਰਤ ਦੀ ਸ਼ੁਰੂਆਤ ਬਣੇਗੀ ਅਤੇ ਸਿੱਖ ਕੌਮ ਦੇ ਧਾਰਮਿਕ, ਇਤਿਹਾਸਕ ਅਤੇ ਪੰਥਕ ਮਸਲਿਆਂ ’ਤੇ ਆਪਸੀ ਸਹਿਯੋਗ ਅਤੇ ਏਕਤਾ ਨੂੰ ਹੋਰ ਮਜ਼ਬੂਤੀ ਮਿਲੇਗੀ।
ਵਰਲਡ ਸਿੱਖ ਪਾਰਲੀਮੈਂਟ ਨੇ ਸਮੂਹ ਗੁਰਸਿੱਖਾਂ ਨੂੰ ਸੱਦਾ ਦਿੱਤਾ ਕਿ ਆਓ, ਗੁਰੂ ਗ੍ਰੰਥ ਸਾਹਿਬ ਜੀ ਦੀ ਸਰਬਉੱਚਤਾ, ਅਕਾਲ ਤਖ਼ਤ ਸਾਹਿਬ ਜੀ ਦੀ ਮਰਯਾਦਾ ਅਤੇ ਸਿੱਖ ਕੌਮ ਦੀ ਨਿਆਰੀ ਪੰਥਕ ਪਛਾਣ ਦੀ ਰਾਖੀ ਲਈ ਇਕਜੁੱਟ ਹੋਈਏ।
Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।



