ਨਵੀਂ ਦਿੱਲੀ, 12 ਸਤੰਬਰ (ਮਨਪ੍ਰੀਤ ਸਿੰਘ ਖਾਲਸਾ):- ਅਮਰੀਕਾ ਦੀ ਧਰਤੀ ’ਤੇ 11 ਸਤੰਬਰ 2001 ਨੂੰ ਹੋਏ ਭਿਆਨਕ ਅੱਤਵਾਦੀ ਹਮਲਿਆਂ ਦੀ 25ਵੀਂ ਬਰਸੀ ਮੌਕੇ ਡਬਲਯੂਐੱਸਪੀ ਵੱਲੋਂ ਹਮਲਿਆਂ ਵਿੱਚ ਮਾਰੇ ਗਏ 2,977 ਨਿਰਦੋਸ਼ ਲੋਕਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ ਅਤੇ ਵਿਛੜੀਆਂ ਰੂਹਾਂ ਦੀ ਯਾਦ ਵਿੱਚ ਅਰਦਾਸ ਕੀਤੀ ਗਈ। ਇਸ ਮੌਕੇ 9/11 ਤੋਂ ਬਾਅਦ ਨਸਲੀ ਨਫ਼ਰਤ ਦਾ ਸ਼ਿਕਾਰ ਹੋਏ ਸਿੱਖਾਂ ਸਮੇਤ ਸਮੂਹ ਪੀੜਤਾਂ ਨੂੰ ਵੀ ਯਾਦ ਕੀਤਾ ਗਿਆ। ਡਬਲਯੂਐੱਸਪੀ ਨੇ ਖ਼ਾਸ ਤੌਰ ’ਤੇ ਬਲਬੀਰ ਸਿੰਘ ਸੋਢੀ ਜੀ ਨੂੰ ਸ਼ਰਧਾਂਜਲੀ ਦਿੱਤੀ, ਜਿਨ੍ਹਾਂ ਨੂੰ 15 ਸਤੰਬਰ 2001 ਨੂੰ ਐਰੀਜ਼ੋਨਾ ਵਿੱਚ ਉਨ੍ਹਾਂ ਦੀ ਦਸਤਾਰ ਅਤੇ ਸਿੱਖ ਪਛਾਣ ਕਾਰਨ ਨਸਲੀ ਨਫ਼ਰਤ ਦਾ ਨਿਸ਼ਾਨਾ ਬਣਾਇਆ ਗਿਆ ਸੀ। ਡਬਲਯੂਐੱਸਪੀ ਦੇ ਹਿੰਮਤ ਸਿੰਘ ਨੇ ਕਿਹਾ ਕਿ 9/11 ਦੀ ਤ੍ਰਾਸਦੀ ਦਾ ਦਰਦ ਅੱਜ ਵੀ ਪੀੜਤ ਪਰਿਵਾਰਾਂ ਅਤੇ ਸਮਾਜ ਦੇ ਦਿਲਾਂ ਵਿੱਚ ਮੌਜੂਦ ਹੈ ਅਤੇ ਅੱਤਵਾਦ ਦੇ ਨਾਲ-ਨਾਲ ਨਸਲੀ ਨਫ਼ਰਤ ਦਾ ਵੀ ਡਟ ਕੇ ਵਿਰੋਧ ਕੀਤਾ ਜਾਣਾ ਚਾਹੀਦਾ ਹੈ। ਹਿੰਮਤ ਸਿੰਘ ਨੇ ਕਿਹਾ ਕਿ ਕਿਸੇ ਵਿਅਕਤੀ ਦੇ ਧਰਮ, ਦਸਤਾਰ, ਨਸਲ, ਰੰਗ ਜਾਂ ਨਾਮ ਦੇ ਆਧਾਰ ’ਤੇ ਉਸ ਨੂੰ ਨਿਸ਼ਾਨਾ ਬਣਾਉਣਾ ਬਰਾਬਰੀ ਅਤੇ ਧਾਰਮਿਕ ਆਜ਼ਾਦੀ ਦੇ ਮੂਲ ਸਿਧਾਂਤਾਂ ਦੇ ਉਲਟ ਹੈ। ਹਾਲ ਹੀ ਵਿੱਚ ਅਮਰੀਕੀ ਹੋਮਲੈਂਡ ਸਕਿਉਰਿਟੀ ਵਿਭਾਗ ਦੇ ਅਧਿਕਾਰਤ ਸੋਸ਼ਲ ਮੀਡੀਆ ਖਾਤੇ ’ਤੇ ‘ਮਿਸਟਰ ਸਿੰਘ’ ਨੂੰ ਲੈ ਕੇ ਪਾਈ ਗਈ ਏਆਈ ਤਸਵੀਰ ਅਤੇ ਭਾਸ਼ਾ ’ਤੇ ਉੱਠੇ ਇਤਰਾਜ਼ਾਂ ਦਾ ਹਵਾਲਾ ਦਿੰਦਿਆਂ ਹਿੰਮਤ ਸਿੰਘ ਨੇ ਕਿਹਾ ਕਿ ਅਜਿਹੀਆਂ ਘਟਨਾਵਾਂ ਸਿੱਖ ਪਛਾਣ ਬਾਰੇ ਜਾਗਰੂਕਤਾ ਦੀ ਲੋੜ ਨੂੰ ਦਰਸਾਉਂਦੀਆਂ ਹਨ। ਕਿਹਿੰਮਤ ਸਿੰਘ ਨੇ ਕਿਹਾ ਕਿ ਸਿੱਖ ਭਾਈਚਾਰਾ ਸੇਵਾ, ਬਰਾਬਰੀ ਅਤੇ ਸਰਬੱਤ ਦੇ ਭਲੇ ਦੇ ਸਿਧਾਂਤਾਂ ਨਾਲ ਅਮਰੀਕੀ ਸਮਾਜ ਵਿੱਚ ਆਪਣਾ ਯੋਗਦਾਨ ਜਾਰੀ ਰੱਖੇਗਾ। ਇਸ ਮੌਕੇ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਗਈ ਕਿ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ਣ, ਪਰਿਵਾਰਾਂ ਨੂੰ ਭਾਣਾ ਮੰਨਣ ਦਾ ਬਲ ਦੇਣ ਅਤੇ ਸੰਸਾਰ ਨੂੰ ਅੱਤਵਾਦ, ਨਸਲਵਾਦ, ਨਫ਼ਰਤ ਤੇ ਹਿੰਸਾ ਤੋਂ ਮੁਕਤ ਕਰਕੇ ਸ਼ਾਂਤੀ, ਆਪਸੀ ਸਤਿਕਾਰ ਅਤੇ ਮਨੁੱਖੀ ਭਾਈਚਾਰੇ ਦੇ ਰਾਹ ’ਤੇ ਤੋਰਨ।
Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।








