Home » ਨਵੀਂ ਦਿੱਲੀ » ਇਤਿਹਾਸਿਕ ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਸਿੱਖ ਮਰਿਆਦਾ ਦੀ ਉਲੰਘਣਾ ਬਰਦਾਸ਼ਤ ਨਹੀਂ—ਦੋਸ਼ੀਆਂ ਖ਼ਿਲਾਫ਼ ਹੋਵੇ ਸਖ਼ਤ ਕਾਰਵਾਈ: ਪਰਮਜੀਤ ਸਿੰਘ ਵੀਰਜੀ

ਇਤਿਹਾਸਿਕ ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਸਿੱਖ ਮਰਿਆਦਾ ਦੀ ਉਲੰਘਣਾ ਬਰਦਾਸ਼ਤ ਨਹੀਂ—ਦੋਸ਼ੀਆਂ ਖ਼ਿਲਾਫ਼ ਹੋਵੇ ਸਖ਼ਤ ਕਾਰਵਾਈ: ਪਰਮਜੀਤ ਸਿੰਘ ਵੀਰਜੀ

SHARE ARTICLE

18 Views

 

ਨਵੀਂ ਦਿੱਲੀ, 17 ਸਤੰਬਰ (ਮਨਪ੍ਰੀਤ ਸਿੰਘ ਖਾਲਸਾ): ਇਤਿਹਾਸਿਕ ਗੁਰਦੁਆਰਾ ਸ੍ਰੀ ਸੀਸ ਗੰਜ ਸਾਹਿਬ ਵਿਖੇ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿੱਚ ਇੱਕ ਸਾਧ-ਵਿਅਕਤੀ ਅੱਗੇ ਲੋਕਾਂ ਵੱਲੋਂ ਮੱਥਾ ਟੇਕਣ ਅਤੇ ਉਸਦੇ ਨਾਲ ਆਏ ਵਿਅਕਤੀਆਂ ਵੱਲੋਂ ਚੁਨਰੀਆਂ ਵਾਲੀਆਂ ਸੋਟੀਆਂ ਲੈ ਕੇ ਗੁਰਦੁਆਰਾ ਸਾਹਿਬ ਵਿੱਚ ਦਾਖ਼ਲ ਹੋਣ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਸੰਗਤਾਂ ਵਿੱਚ ਰੋਸ ਪਾਇਆ ਜਾ ਰਿਹਾ ਹੈ। ਇਸ ਘਟਨਾ ਨੂੰ ਬੇਹੱਦ ਗੰਭੀਰ ਕਰਾਰ ਦਿੰਦਿਆਂ ਗੁਰੂਬਾਣੀ ਰਿਸਰਚ ਫਾਊਂਡੇਸ਼ਨ ਦੇ ਮੁਖੀ, ਦਿੱਲੀ ਕਮੇਟੀ ਦੀ ਧਰਮ ਪ੍ਰਚਾਰ ਵਿੰਗ ਦੇ ਸਾਬਕਾ ਕੋ-ਚੇਅਰਮੈਨ ਅਤੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਬੁਲਾਰੇ ਸਰਦਾਰ ਪਰਮਜੀਤ ਸਿੰਘ ਵੀਰਜੀ ਨੇ ਕਿਹਾ ਕਿ ਸ੍ਰੀ ਸੀਸ ਗੰਜ ਸਾਹਿਬ ਕੋਈ ਆਮ ਧਾਰਮਿਕ ਅਸਥਾਨ ਨਹੀਂ, ਸਗੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਮਹਾਨ ਸ਼ਹਾਦਤ ਨਾਲ ਸਿੱਧੇ ਤੌਰ ’ਤੇ ਜੁੜਿਆ ਪਵਿੱਤਰ ਇਤਿਹਾਸਿਕ ਅਸਥਾਨ ਹੈ। ਉਨ੍ਹਾਂ ਕਿਹਾ ਕਿ 1675 ਵਿੱਚ ਗੁਰੂ ਸਾਹਿਬ ਨੇ ਧਰਮ ਅਤੇ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਆਪਣਾ ਸੀਸ ਕੁਰਬਾਨ ਕੀਤਾ ਸੀ। ਅਜਿਹੇ ਮਹਾਨ ਸ਼ਹੀਦੀ ਅਸਥਾਨ ਵਿਖੇ ਸਿੱਖ ਰਹਿਤ-ਮਰਿਆਦਾ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਸੰਗਤ ਲਈ ਗੰਭੀਰ ਚਿੰਤਾ ਦਾ ਵਿਸ਼ਾ ਹੈ। ਸਰਦਾਰ ਪਰਮਜੀਤ ਸਿੰਘ ਵੀਰਜੀ ਨੇ ਕਿਹਾ ਕਿ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿੱਚ ਕਿਸੇ ਸਾਧ-ਵਿਅਕਤੀ ਜਾਂ ਹੋਰ ਧਾਰਮਿਕ ਪਰੰਪਰਾ ਨਾਲ ਸਬੰਧਤ ਚਿੰਨ੍ਹਾਂ ਨੂੰ ਇਸ ਤਰੀਕੇ ਨਾਲ ਲਿਆਉਣ ਅਤੇ ਮੱਥਾ ਟੇਕਣ ਦੀ ਇਜਾਜ਼ਤ ਦਿੱਤੇ ਜਾਣ ਸਬੰਧੀ ਪ੍ਰਬੰਧਕਾਂ ਨੂੰ ਸਪੱਸ਼ਟ ਜਵਾਬ ਦੇਣਾ ਚਾਹੀਦਾ ਹੈ। ਉਨ੍ਹਾਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਜਨਰਲ ਸਕੱਤਰ ਤੋਂ ਮੰਗ ਕੀਤੀ ਕਿ ਦੱਸਿਆ ਜਾਵੇ ਕਿ ਇਸ ਵਿਅਕਤੀ ਅਤੇ ਉਸਦੇ ਸਾਥੀਆਂ ਨੂੰ ਇਸ ਤਰੀਕੇ ਨਾਲ ਗੁਰਦੁਆਰਾ ਸਾਹਿਬ ਅੰਦਰ ਦਾਖ਼ਲ ਹੋਣ ਦੀ ਆਗਿਆ ਕਿਸ ਨੇ ਦਿੱਤੀ ਅਤੇ ਮੌਕੇ ’ਤੇ ਤਾਇਨਾਤ ਸੇਵਾਦਾਰਾਂ ਵੱਲੋਂ ਮਰਿਆਦਾ ਦੀ ਰਾਖੀ ਲਈ ਕੀ ਕਾਰਵਾਈ ਕੀਤੀ ਗਈ। ਉਨ੍ਹਾਂ ਕਿਹਾ ਕਿ ਘਟਨਾ ਦੀ ਤੁਰੰਤ ਅਤੇ ਨਿਰਪੱਖ ਜਾਂਚ ਕਰਵਾ ਕੇ ਜੇਕਰ ਕਿਸੇ ਦੀ ਲਾਪਰਵਾਹੀ ਜਾਂ ਮਰਿਆਦਾ ਦੀ ਉਲੰਘਣਾ ਸਾਹਮਣੇ ਆਉਂਦੀ ਹੈ ਤਾਂ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਨਿਯਮਾਂ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਜਾਂਚ ਦੇ ਨਤੀਜੇ ਸੰਗਤ ਸਾਹਮਣੇ ਰੱਖੇ ਜਾਣ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀ ਸ਼ਹਾਦਤ ਨਾਲ ਜੁੜੇ ਇਸ ਪਵਿੱਤਰ ਅਸਥਾਨ ਦੀ ਮਰਿਆਦਾ ਦੀ ਰਾਖੀ ਦਿੱਲੀ ਕਮੇਟੀ ਦੀ ਮੁੱਢਲੀ ਜ਼ਿੰਮੇਵਾਰੀ ਹੈ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News