ਸੀਆਈਏ ਸਟਾਫ਼ ਨੇ ਥਾਣਾ ਖਾਲੜਾ ਅਧੀਨ ਏਰੀਏ ਵਿੱਚੋ 2 ਨੌਜਵਾਨਾਂ ਨੂੰ 7 ਕਿਲੋ 749 ਗ੍ਰਾਮ ਹੈਰੋਇਨ ਸਮੇਤ ਕੀਤਾ ਕਾਬੂ; 4 ਨਾਜਾਇਜ਼ ਪਿਸਤੌਲ, ਮੋਟਰਸਾਈਕਲ ਅਤੇ ਮੋਬਾਈਲ ਫੋਨ ਬਰਾਮਦ
ਤਰਨਤਾਰਨ ਪੁਲਿਸ ਵੱਲੋਂ ਸਰਹੱਦ ਪਾਰੋਂ ਨਸ਼ਾ ਤੇ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼

ਤਰਨਤਾਰਨ ਪੁਲਿਸ ਵੱਲੋਂ ਨਸ਼ਾ ਤਸਕਰਾਂ ਅਤੇ ਮਾੜੇ ਅਨਸਰਾਂ ਖ਼ਿਲਾਫ਼ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਸੀਆਈਏ ਸਟਾਫ਼ ਤਰਨਤਾਰਨ ਟੀਮ ਨੇ ਥਾਣਾ ਖਾਲੜਾ ਅਧੀਨ ਪੈਂਦੇ ਏਰੀਏ ਵਿਚੋਂ 2 ਨੌਜਵਾਨਾਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ 7 ਕਿਲੋ 749 ਗ੍ਰਾਮ ਹੈਰੋਇਨ, 4 ਨਾਜਾਇਜ਼ ਪਿਸਤੌਲ, ਇੱਕ ਮੋਟਰਸਾਈਕਲ ਅਤੇ ਇੱਕ ਮੋਬਾਈਲ ਫੋਨ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ ਪੀ ਰਿਪੁਦਮਨ ਸਿੰਘ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਜਗਤਬੀਰ ਸਿੰਘ ਪੁੱਤਰ ਦਲਜੀਤ ਸਿੰਘ ਵਾਸੀ ਮਾੜੀ ਮੇਘਾ ਅਤੇ ਰਣਜੀਤ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਨਾਰਲਾ ਵਜੋਂ ਹੋਈ ਹੈ। ਪੁਲਿਸ ਅਨੁਸਾਰ ਦੋਵਾਂ ਦੇ ਪਾਕਿਸਤਾਨ ਸਥਿਤ ਸਮੱਗਲਰਾਂ ਨਾਲ ਸਬੰਧ ਹੋਣ ਅਤੇ ਸਰਹੱਦ ਪਾਰੋਂ ਵੱਖ-ਵੱਖ ਤਰੀਕਿਆਂ ਰਾਹੀਂ ਹੈਰੋਇਨ ਮੰਗਵਾ ਕੇ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਅਤੇ ਕਸਬਿਆਂ ਵਿੱਚ ਸਪਲਾਈ ਕਰਨ ਦੇ ਦੋਸ਼ ਹਨ। ਉਹਨਾਂ ਦੱਸਿਆ ਕਿ ਐੱਸਐੱਸਪੀ ਤਰਨਤਾਰਨ ਸੁਰੇਂਦਰ ਲਾਂਬਾ ਵੱਲੋਂ ਨਸ਼ਿਆਂ ਖ਼ਿਲਾਫ਼ ਇਹ ਮੁਹਿੰਮ ਚਲਾਈ ਜਾ ਰਹੀ ਹੈ। ਡੀਐੱਸਪੀ (ਡੀ) ਸ਼ਿਵਦਰਸ਼ਨ ਸਿੰਘ ਦੀ ਨਿਗਰਾਨੀ ਹੇਠ ਸੀਆਈਏ ਸਟਾਫ਼ ਦੇ ਇੰਚਾਰਜ ਇੰਸਪੈਕਟਰ ਰੁਪਿੰਦਰਪਾਲ ਸਿੰਘ ਦੀ ਅਗਵਾਈ ਵਿੱਚ ਵੱਖ-ਵੱਖ ਟੀਮਾਂ ਤਿਆਰ ਕੀਤੀਆਂ ਗਈਆਂ ਸਨ। ਪੁਲਿਸ ਅਨੁਸਾਰ ਹਿਊਮਨ ਇੰਟੈਲੀਜੈਂਸ ਅਤੇ ਤਕਨੀਕੀ ਇੰਟੈਲੀਜੈਂਸ ਰਾਹੀਂ ਜਾਣਕਾਰੀ ਮਿਲੀ ਸੀ ਕਿ ਉਕਤ ਦੋਵੇਂ ਵਿਅਕਤੀ ਸਰਹੱਦ ਪਾਰੋਂ ਹੈਰੋਇਨ ਦੀਆਂ ਖੇਪਾਂ ਮੰਗਵਾ ਕੇ ਅੱਗੇ ਸਪਲਾਈ ਕਰਦੇ ਹਨ। ਪੁਲਿਸ ਨੂੰ ਇਹ ਵੀ ਜਾਣਕਾਰੀ ਮਿਲੀ ਕਿ ਉਹ ਸਰਹੱਦ ਪਾਰੋਂ ਮੰਗਵਾਈ ਹੈਰੋਇਨ ਲੈ ਕੇ ਹੀਰੋ ਡੀਲਕਸ ਮੋਟਰਸਾਈਕਲ ’ਤੇ ਖਾਲੜਾ ਸਾਈਡ ਤੋਂ ਡਰੇਨ ਵਾਲੇ ਰਸਤੇ ਰਾਹੀਂ ਪਿੰਡ ਮੁਗਲਚੱਕ ਵੱਲ ਆ ਰਹੇ ਹਨ। ਇਸ ਸੂਚਨਾ ਦੇ ਆਧਾਰ ’ਤੇ ਸੀਆਈਏ ਸਟਾਫ਼ ਦੀ ਟੀਮ ਨੇ ਮੁਗਲਚੱਕ ਨੇੜੇ ਵਿਸ਼ੇਸ਼ ਨਾਕਾਬੰਦੀ ਕਰਕੇ ਵਾਹਨਾਂ ਦੀ ਚੈਕਿੰਗ ਸ਼ੁਰੂ ਕੀਤੀ। ਇਸ ਦੌਰਾਨ ਪੁਲਿਸ ਨੇ ਦੋ ਨੌਜਵਾਨਾਂ ਨੂੰ ਕਾਬੂ ਕੀਤਾ। ਪੁਲਿਸ ਮੁਤਾਬਕ ਡੀਐੱਸਪੀ ਭਿੱਖੀਵਿੰਡ ਅਤੁਲ ਸੋਨੀ ਦੀ ਹਾਜ਼ਰੀ ਵਿੱਚ ਕੀਤੀ ਗਈ ਤਲਾਸ਼ੀ ਦੌਰਾਨ ਉਨ੍ਹਾਂ ਕੋਲੋਂ 7 ਕਿਲੋ 749 ਗ੍ਰਾਮ ਹੈਰੋਇਨ, ਮੋਬਾਈਲ ਫੋਨ ਅਤੇ ਹੀਰੋ ਡੀਲਕਸ ਮੋਟਰਸਾਈਕਲ ਬਰਾਮਦ ਹੋਏ। ਇਸ ਸਬੰਧੀ ਥਾਣਾ ਖਾਲੜਾ ਵਿਖੇ ਮੁਕੱਦਮਾ ਨੰਬਰ 247 ਮਿਤੀ 16.09.2026, ਧਾਰਾ 21/61/85 ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਪੁਲਿਸ ਨੇ ਬਾਅਦ ਵਿੱਚ ਇਸ ਮੁਕੱਦਮੇ ਵਿੱਚ ਧਾਰਾ 21(ਸੀ) ਐਨਡੀਪੀਐਸ ਐਕਟ ਦਾ ਵਾਧਾ ਕੀਤਾ। ਪੁਲਿਸ ਅਨੁਸਾਰ ਗ੍ਰਿਫ਼ਤਾਰ ਦੋਵਾਂ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ 3 ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ। ਰਿਮਾਂਡ ਦੌਰਾਨ ਪੁੱਛਗਿੱਛ ਤੋਂ ਬਾਅਦ ਪੁਲਿਸ ਨੇ ਦਾਅਵਾ ਕੀਤਾ ਕਿ ਗ੍ਰਿਫ਼ਤਾਰ ਮੁਲਜ਼ਮ ਰਣਜੀਤ ਸਿੰਘ ਕੋਲੋਂ 4 ਨਾਜਾਇਜ਼ ਪਿਸਤੌਲ ਬਰਾਮਦ ਕੀਤੇ ਗਏ, ਜਿਨ੍ਹਾਂ ਵਿੱਚ 2 ਜ਼ਿਗਾਨਾ ਪਿਸਤੌਲ ਅਤੇ 2 .30 ਬੋਰ ਪਿਸਤੌਲ ਸ਼ਾਮਲ ਹਨ। ਇਸ ਬਰਾਮਦਗੀ ਤੋਂ ਬਾਅਦ ਪੁਲਿਸ ਵੱਲੋਂ ਉਕਤ ਮੁਕੱਦਮੇ ਵਿੱਚ 25 ਅਸਲਾ ਐਕਟ ਦੀ ਧਾਰਾ ਦਾ ਵਾਧਾ ਕਰਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ। ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਦੀ ਅਗਲੀ ਜਾਂਚ ਅਤੇ ਪੁੱਛਗਿੱਛ ਦੌਰਾਨ ਇਸ ਗਿਰੋਹ ਨਾਲ ਸਬੰਧਤ ਹੋਰ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ।*
Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।








