ਨਵੀਂ ਦਿੱਲੀ 25 ਸੰਤਬਰ (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਮਤਿ ਮਰਿਆਦਾ ਅਤੇ ਗੁਰੂ ਸਾਹਿਬ ਵੱਲੋਂ ਦਰਸਾਈਆਂ ਕੀਰਤਨ ਪਰੰਪਰਾਵਾਂ ਅਨੁਸਾਰ ਸੇਵਾ ਨਿਭਾਉਣ ਵਾਲੇ ਰਾਗੀ ਸਿੰਘਾਂ ਨੂੰ ਮਾਣ-ਸਤਿਕਾਰ ਦੇਣ ਲਈ ਵਿਸ਼ੇਸ਼ ਉਪਰਾਲਾ ਕੀਤਾ ਗਿਆ ਹੈ। ਕਮੇਟੀ ਦੇ ਧਰਮ ਪ੍ਰਚਾਰ ਮੁਖੀ ਜਸਪ੍ਰੀਤ ਸਿੰਘ ਕਰਮਸਰ ਨੇ ਦੱਸਿਆ ਕਿ ਇਸ ਤਹਿਤ ਕਰਵਾਏ ਗਏ ਸਨਮਾਨ ਸਮਾਰੋਹ ਦੌਰਾਨ ਸੰਸਾਰ ਭਰ ਵਿੱਚ ਕੀਰਤਨ ਦੀ ਸੇਵਾ ਨਿਭਾਉਣ ਵਾਲੇ ਸ਼੍ਰੋਮਣੀ ਕੀਰਤਨੀਆਂ ਨੂੰ ਕੁੱਲ 11 ਲੱਖ ਰੁਪਏ ਦੀ ਸਨਮਾਨ ਰਾਸ਼ੀ ਨਾਲ ਸਨਮਾਨਿਤ ਕੀਤਾ ਗਿਆ। ਇਸੇ ਲੜੀ ਤਹਿਤ ਦਿੱਲੀ ਕਮੇਟੀ ਨਾਲ ਸੇਵਾ ਨਿਭਾ ਰਹੇ ਰਾਗੀ ਸਿੰਘਾਂ ਦੀ ਹੌਸਲਾ-ਅਫ਼ਜ਼ਾਈ ਲਈ ਪੰਜ ਮੈਂਬਰੀ ਕਮੇਟੀ ਦਾ ਗਠਨ ਕਰਕੇ ਚੋਣ ਕੀਤੀ ਗਈ ਅਤੇ ਚੁਣੇ ਗਏ ਰਾਗੀ ਸਿੰਘਾਂ ਨੂੰ ਸਵਾ ਲੱਖ ਰੁਪਏ ਦੀ ਸਨਮਾਨ ਰਾਸ਼ੀ ਅਤੇ ‘ਸ਼੍ਰੋਮਣੀ ਕੀਰਤਨੀਏ’ ਐਵਾਰਡ ਪ੍ਰਦਾਨ ਕੀਤੇ ਗਏ। ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਦਿੱਲੀ ਕਮੇਟੀ ਦੇ ਸਮੂਹ ਰਾਗੀ ਸਿੰਘ ਅੱਜ ਕਮੇਟੀ ਦਫ਼ਤਰ ਵਿਖੇ ਇਕੱਠੇ ਹੋਏ ਅਤੇ ਧਰਮ ਪ੍ਰਚਾਰ ਮੁਖੀ ਜਸਪ੍ਰੀਤ ਸਿੰਘ ਕਰਮਸਰ ਨੂੰ ਸਨਮਾਨਿਤ ਕੀਤਾ। ਰਾਗੀ ਸਿੰਘਾਂ ਨੇ ਕਿਹਾ ਕਿ ਕੀਰਤਨ ਦੀ ਸੇਵਾ ਨਾਲ ਜੁੜੇ ਸੇਵਾਦਾਰਾਂ ਨੂੰ ਉਤਸ਼ਾਹਿਤ ਕਰਨ ਲਈ ਕੀਤੇ ਜਾ ਰਹੇ ਅਜਿਹੇ ਉਪਰਾਲੇ ਸੇਵਾ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਦੇ ਹਨ। ਇਸ ਮੌਕੇ ਕਰਮਸਰ ਨੇ ਕਿਹਾ ਕਿ ਗੁਰੂ ਘਰ ਦੀ ਕੀਰਤਨ ਪਰੰਪਰਾ ਅਤੇ ਗੁਰਮਤਿ ਮਰਿਆਦਾ ਅਨੁਸਾਰ ਸੇਵਾ ਨਿਭਾਉਣ ਵਾਲੇ ਰਾਗੀ ਸਿੰਘਾਂ ਨੂੰ ਬਣਦਾ ਮਾਣ-ਸਤਿਕਾਰ ਦੇਣ ਦੀ ਇਹ ਪ੍ਰਕਿਰਿਆ ਅੱਗੇ ਵੀ ਜਾਰੀ ਰੱਖਣ ਦੇ ਯਤਨ ਕੀਤੇ ਜਾਣਗੇ।
Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।








