ਨਵੀਂ ਦਿੱਲੀ, 27 ਸਤੰਬਰ (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਦੇ ਉਪ ਰਾਜਪਾਲ ਸਰਦਾਰ ਤਰਨਜੀਤ ਸਿੰਘ ਸੰਧੂ ਅੱਜ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਨਤਮਸਤਕ ਹੋਏ। ਉਨ੍ਹਾਂ ਨੇ ਗੁਰੂ ਮਹਾਰਾਜ ਦੇ ਚਰਨਾਂ ਵਿੱਚ ਹਾਜ਼ਰੀ ਭਰ ਕੇ ਅਰਦਾਸ ਕੀਤੀ, ਕੀਰਤਨ ਸਰਵਣ ਕੀਤਾ ਅਤੇ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਅਤੇ ਮਾਤਾ ਸਾਹਿਬ ਕੌਰ ਜੀ ਦੇ ਜੋੜਾ ਸਾਹਿਬ ਅਤੇ ਪਵਿੱਤਰ ਸ਼ਸਤਰਾਂ ਦੇ ਦਰਸ਼ਨ ਕੀਤੇ। ਇਸ ਮੌਕੇ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਬਲਦੇਵ ਸਿੰਘ ਜੀ ਵੱਲੋਂ ਉਪ ਰਾਜਪਾਲ ਸਰਦਾਰ ਤਰਨਜੀਤ ਸਿੰਘ ਸੰਧੂ ਨੂੰ ਸਿਰੋਪਾਓ ਭੇਟ ਕੀਤਾ ਗਿਆ। ਤਖ਼ਤ ਸਾਹਿਬ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਗਜੋਤ ਸਿੰਘ ਸੋਹੀ, ਮਹਾਸਚਿਵ ਇੰਦਰਜੀਤ ਸਿੰਘ ਅਤੇ ਉਪ ਪ੍ਰਧਾਨ ਗੁਰਵਿੰਦਰ ਸਿੰਘ ਵੱਲੋਂ ਉਪ ਰਾਜਪਾਲ ਜੀ ਨੂੰ ਕਿਰਪਾਨ ਅਤੇ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਉਪਰੰਤ ਉਨ੍ਹਾਂ ਨੂੰ ਗੁਰਦੁਆਰਾ ਗਾਇਘਾਟ ਸਾਹਿਬ ਦੇ ਦਰਸ਼ਨ ਵੀ ਕਰਵਾਏ ਗਏ। ਸਰਦਾਰ ਜਗਜੋਤ ਸਿੰਘ ਸੋਹੀ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਸਰਦਾਰ ਤਰਨਜੀਤ ਸਿੰਘ ਸੰਧੂ, ਸਰਦਾਰ ਤੇਜਾ ਸਿੰਘ ਸਮੁੰਦਰੀ ਜੀ ਦੇ ਪਰਿਵਾਰ ਨਾਲ ਸੰਬੰਧਤ ਹਨ। ਕੌਮ ਲਈ ਉਨ੍ਹਾਂ ਦੇ ਪਰਿਵਾਰ ਵੱਲੋਂ ਕੀਤੀਆਂ ਗਈਆਂ ਸੇਵਾਵਾਂ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਇਸੇ ਕਾਰਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਪਣਾ ਦਫ਼ਤਰ ਵੀ ਉਸ ਇਮਾਰਤ ਵਿੱਚ ਬਣਾਇਆ ਗਿਆ ਹੈ ਜੋ ਸਰਦਾਰ ਤੇਜਾ ਸਿੰਘ ਸਮੁੰਦਰੀ ਜੀ ਦੇ ਨਾਮ ਨਾਲ ਜਾਣੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਮਾਣਯੋਗ ਉਪ ਰਾਜਪਾਲ ਜੀ ਨੂੰ ਤਖ਼ਤ ਸਾਹਿਬ ਵਿਖੇ ਚੱਲ ਰਹੀਆਂ ਧਾਰਮਿਕ ਅਤੇ ਲੋਕ ਸੇਵਾਵਾਂ ਬਾਰੇ ਵੀ ਜਾਣਕਾਰੀ ਦਿੱਤੀ ਗਈ। ਇਸ ਦੌਰਾਨ ਉਪ ਰਾਜਪਾਲ ਜੀ ਨੇ ਲੰਗਰ ਹਾਲ ਵਿਖੇ ਜਾ ਕੇ ਸੇਵਾ ਵੀ ਕੀਤੀ। ਇਸ ਮੌਕੇ ਤਖ਼ਤ ਸਾਹਿਬ ਦੇ ਸੁਪਰਡੈਂਟ ਦਲਜੀਤ ਸਿੰਘ, ਮੈਨੇਜਰ ਪਪਿੰਦਰ ਸਿੰਘ, ਹਰਜੀਤ ਸਿੰਘ, ਦਲੀਪ ਸਿੰਘ ਪਟੇਲ ਅਤੇ ਲੰਗਰ ਇੰਚਾਰਜ ਤੇਜਿੰਦਰ ਸਿੰਘ ਬੰਟੀ ਸਮੇਤ ਹੋਰ ਸੇਵਾਦਾਰ ਹਾਜ਼ਰ ਸਨ।
Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।








