ਨਵੀਂ ਦਿੱਲੀ, 3 ਅਕਤੂਬਰ (ਮਨਪ੍ਰੀਤ ਸਿੰਘ ਖਾਲਸਾ): ਇੰਦਿਰਾਪੁਰਮ ਗੁਰਦੁਆਰਾ ਕਮੇਟੀ ਅਤੇ ਸੰਗਤ ਦੇ ਸਹਿਯੋਗ ਨਾਲ ਆਕਸੀਜਨ ਮੈਨ ਗੁਰਪ੍ਰੀਤ ਸਿੰਘ ਰੰਮੀ ਅਤੇ ਉਨ੍ਹਾਂ ਦੀ ਟੀਮ ਵੱਲੋਂ ਵਿਸ਼ਾਲ ਕੀਰਤਨ ਸਮਾਗਮ ਕਰਵਾਇਆ ਗਿਆ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਵਿਸ਼ੇਸ਼ ਤੌਰ ’ਤੇ ਹਾਜ਼ਰੀ ਭਰੀ। ਵੱਡੀ ਗਿਣਤੀ ਵਿੱਚ ਸੰਗਤ ਨੇ ਗੁਰਬਾਣੀ ਕੀਰਤਨ ਅਤੇ ਗੁਰਮਤਿ ਵਿਚਾਰਾਂ ਦਾ ਸਰਵਣ ਕਰਦਿਆਂ ਗੁਰੂ ਚਰਨਾਂ ਵਿੱਚ ਸ਼ਰਧਾ ਅਰਪਿਤ ਕੀਤੀ। ਸਮਾਗਮ ਵਿੱਚ ਭਾਈ ਗਗਨਦੀਪ ਸਿੰਘ ਜੀ ਅਤੇ ਭਾਈ ਹਰਿੰਦਰ ਸਿੰਘ ਜੀ ਨਿਰਵੈਰ ਖਾਲਸਾ ਜਥਾ ਯੂਕੇ ਨੇ ਗੁਰਬਾਣੀ ਕੀਰਤਨ ਰਾਹੀਂ ਸੰਗਤ ਨੂੰ ਨਿਹਾਲ ਕੀਤਾ, ਜਦਕਿ ਗੁਰਦੁਆਰਾ ਸੀਸ ਗੰਜ ਸਾਹਿਬ ਦੇ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਹਰਨਾਮ ਸਿੰਘ ਜੀ ਖਾਲਸਾ ਨੇ ਗੁਰਮਤਿ ਵਿਚਾਰਾਂ ਰਾਹੀਂ ਗੁਰੂ ਸਾਹਿਬ ਦੀਆਂ ਸਿੱਖਿਆਵਾਂ ’ਤੇ ਚੱਲਣ ਦਾ ਸੰਦੇਸ਼ ਦਿੱਤਾ। ਸਰਦਾਰ ਹਰਮੀਤ ਸਿੰਘ ਕਾਲਕਾ ਨੇ ਗੁਰਪ੍ਰੀਤ ਸਿੰਘ ਰੰਮੀ ਅਤੇ ਉਨ੍ਹਾਂ ਦੀ ਟੀਮ ਦੇ ਸੇਵਾ ਭਾਵ, ਸਮਰਪਣ ਅਤੇ ਸੁਚੱਜੇ ਪ੍ਰਬੰਧਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਮਾਗਮ ਦਾ ਸਥਾਨ ਆਖਰੀ ਸਮੇਂ ਬਦਲਣ ਦੇ ਬਾਵਜੂਦ ਟੀਮ ਨੇ ਮਹਿਜ਼ ਇੱਕ ਦਿਨ ਵਿੱਚ ਸਾਰੇ ਪ੍ਰਬੰਧ ਮੁਕੰਮਲ ਕਰ ਲਏ। ਉਨ੍ਹਾਂ ਕਿਹਾ ਕਿ ਵੱਡੀ ਗਿਣਤੀ ਵਿੱਚ ਸੰਗਤ ਲਈ ਬੈਠਣ, ਲੰਗਰ ਅਤੇ ਹੋਰ ਸਹੂਲਤਾਂ ਦੇ ਪੁਖਤਾ ਪ੍ਰਬੰਧ ਕਰਨਾ ਨੌਜਵਾਨ ਸੇਵਾਦਾਰਾਂ ਦੀ ਮਿਹਨਤ, ਆਪਸੀ ਤਾਲਮੇਲ ਅਤੇ ਸੇਵਾ ਭਾਵਨਾ ਦਾ ਪ੍ਰਗਟਾਵਾ ਹੈ। ਉਨ੍ਹਾਂ ਕਿਹਾ ਕਿ ਦਿੱਲੀ ਕਮੇਟੀ ਦਿੱਲੀ-ਐਨਸੀਆਰ ਦੀ ਸੰਗਤ ਨਾਲ ਹਰ ਸਮੇਂ ਖੜ੍ਹੀ ਹੈ ਅਤੇ ਭਵਿੱਖ ਵਿੱਚ ਵੀ ਅਜਿਹੇ ਗੁਰਮਤਿ ਸਮਾਗਮਾਂ ਲਈ ਹਰ ਸੰਭਵ ਸਹਿਯੋਗ ਦਿੱਤਾ ਜਾਵੇਗਾ। ਇਸ ਮੌਕੇ ਦਿੱਲੀ ਕਮੇਟੀ ਮੈਂਬਰ ਭੂਪਿੰਦਰ ਸਿੰਘ ਭੁੱਲਰ, ਸੁਖਵਿੰਦਰ ਸਿੰਘ ਬੱਬਰ ਅਤੇ ਭੂਪਿੰਦਰ ਸਿੰਘ ਗਿੰਨੀ ਵੀ ਮੌਜੂਦ ਰਹੇ। ਗੁਰਪ੍ਰੀਤ ਸਿੰਘ ਰੰਮੀ ਅਤੇ ਉਨ੍ਹਾਂ ਦੀ ਟੀਮ ਵੱਲੋਂ ਸਮਾਗਮ ਵਿੱਚ ਪਹੁੰਚੇ ਮਹਿਮਾਨਾਂ ਦਾ ਸਵਾਗਤ ਅਤੇ ਸਨਮਾਨ ਕੀਤਾ ਗਿਆ। ਪੂਰੇ ਸਮਾਗਮ ਦੌਰਾਨ ਗੁਰਬਾਣੀ ਕੀਰਤਨ ਦੀਆਂ ਮਧੁਰ ਧੁਨਾਂ ਨਾਲ ਮਾਹੌਲ ਗੁਰਮਈ ਬਣਿਆ ਰਿਹਾ ਅਤੇ ਸੰਗਤ ਨੇ ਸ਼ਰਧਾ ਤੇ ਉਤਸ਼ਾਹ ਨਾਲ ਹਾਜ਼ਰੀ ਭਰ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ।
Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।








