ਖਾਲੜਾ 6 ਅਕਤੂਬਰ (ਗੁਰਪ੍ਰੀਤ ਸਿੰਘ) ਰਾਜਸਥਾਨ ਵਿੱਚ ਰਾਜਸਥਾਨ ਪੁਲਿਸ ਵੱਲੋਂ ਸ੍ਰੀ ਗੰਗਾਨਗਰ ਦੇ ਗੁਰਦੂਆਰਾ ਬਾਬਾ ਦੀਪ ਸਿੰਘ ਜੀ ਵਿੱਚ ਦਾਖਲ ਹੋ ਕੇ ਭੰਨਤੋੜ ਕਰਨ ਅਤੇ ਗੁਰਦੂਆਰੇ ਨਾਲ ਸੰਬੰਧਤ ਸਿੱਖ ਆਗੂ ਤੇਜਿੰਦਰਪਾਲ ਸਿੰਘ ਟਿੰਮਾ ਦੀ ਗ੍ਰਿਫਤਾਰੀ ਨਾਲ ਸਿੱਖ ਕੌਮ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਰਾਜਸਥਾਨ ਪੁਲਿਸ ਵੱਲੋ ਗੁਰੂਦੁਆਰਾ ਵਿੱਚ ਭੰਨਤੋੜ ਕਰਨ ਅਤੇ ਉੱਘੇ ਸਿੱਖ ਆਗੂ ਨੂੰ ਝੂਠੇ ਕੇਸ ਵਿੱਚ ਗ੍ਰਿਫਤਾਰ ਕਰਨ ਨਾਲ ਸਿੱਖ ਕੌਮ ਦੀਆਂ ਧਾਰਮਿਕ ਭਾਵਨਾਵਾਂ ਨੂੰ ਗਹਿਰੀ ਠੇਸ ਪੁੱਜੀ ਹੈ। ਸ੍ਰੀ ਅਕਾਲ ਤਖਤ ਸਾਹਿਬ ਦੇ ਪਹਿਲੇ ਜਥੇਦਾਰ, ਗੁਰਦੂਆਰਾ ਸੁਧਾਰ ਲਹਿਰ ਦੇ ਮੋਢੀ ਜਥੇਦਾਰ ਤੇਜਾ ਸਿੰਘ ਭੁੱਚਰ ਦੇ ਪੋਤਰੇ ਸੁਰਜੀਤ ਸਿੰਘ ਭੁੱਚਰ ਨੇ ਦੱਸਿਆ ਕਿ ਪੰਜਾਬ ਵਿੱਚ ਬੀ ਜੇ ਪੀ ਦੇ ਲੀਡਰ ਕਹਿੰਦੇ ਹਨ ਕਿ ਆਗਾਮੀ ਵਿਧਾਨ ਸਭਾ ਚੋਣਾਂ ਵਿਚ ਭਾਜਪਾ ਦੀ ਸਰਕਾਰ ਬਣਨ ਤੇ ਮਹਾਰਾਜਾ ਰਣਜੀਤ ਸਿੰਘ ਵਰਗਾ ਰਾਜ ਲਿਆਵਾਂਗੇ ਪਰ ਦੂਸਰੇ ਪਾਸੇ ਭਾਜਪਾ ਸਰਕਾਰ ਵਾਲੇ ਸੂਬੇ ਵਿੱਚ ਗੁਰਦੂਆਰਾ ਸਾਹਿਬ ਵਿਚ ਸਰੇਆਮ ਗੁੰਡਾਗਰਦੀ ਕੀਤੀ ਜਾ ਰਹੀ ਹੈ। ਮਹਾਰਾਜਾ ਰਣਜੀਤ ਸਿੰਘ ਦੇ ਰਾਜ ਵਿੱਚ ਸਭ ਧਰਮਾਂ ਦਾ ਸਤਿਕਾਰ ਕੀਤਾ ਜਾਂਦਾ ਸੀ। ਵਾਰ ਵਾਰ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਸ੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਨੂੰ ਕੇਂਦਰ ਸਰਕਾਰ ਕੋਲ ਜੋਰਦਾਰ ਆਵਾਜ਼ ਉਠਾਉਣੀ ਚਾਹੀਦੀ ਹੈ ਤਾਂਕਿ ਅੱਗੇ ਤੋਂ ਅਜਿਹੇ ਮੰਦਭਾਗੇ ਘਟਨਾਕ੍ਰਮ ਨਾ ਵਾਪਰਨ।
Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।








