ਫਰੈਕਫੋਰਟ :-11 ਅਕਤੂਬਰ ਵਰਲਡ ਸਿੱਖ ਪਾਰਲੀਮੈਂਟ ਦੇ ਕੋਆਰਡੀਨੇਟਰ ਭਾਈ ਹਿੰਮਤ ਸਿੰਘ (ਅਮਰੀਕਾ), ਕੋ-ਕੋਆਰਡੀਨੇਟਰ ਭਾਈ ਗੁਰਚਰਨ ਸਿੰਘ ਗੁਰਾਇਆ, ਭਾਈ ਜਤਿੰਦਰ ਸਿੰਘ (ਜਰਮਨੀ), ਮੁੱਖ ਬੁਲਾਰੇ ਭਾਈ ਜੋਗਾ ਸਿੰਘ, ਜਨਰਲ ਸਕੱਤਰ ਭਾਈ ਮਨਪ੍ਰੀਤ ਸਿੰਘ (ਇੰਗਲੈਂਡ), ਭਾਈ ਮਨਬੀਰ ਸਿੰਘ ਸੰਧੂ, ਭਾਈ ਭਗਤ ਸਿੰਘ (ਕੈਨੇਡਾ), ਭਾਈ ਪ੍ਰਿਤਪਾਲ ਸਿੰਘ (ਸਵਿਟਜ਼ਰਲੈਂਡ), ਭਾਈ ਹਰਜੋਤ ਸਿੰਘ ਸੰਧੂ (ਹਾਲੈਂਡ), ਭਾਈ ਸਤਨਾਮ ਸਿੰਘ ਅਤੇ ਭਾਈ ਸ਼ਿੰਗਾਰਾ ਸਿੰਘ ਮਾਨ (ਫਰਾਂਸ) ਨੇ ਇੱਕ ਸਾਂਝੇ ਬਿਆਨ ਰਾਹੀਂ
ਨਸ਼ਿਆਂ ਵਿਰੁੱਧ ਜ਼ਮੀਨੀ ਪੱਧਰ ‘ਤੇ ਸੰਘਰਸ਼ ਕਰਨ ਵਾਲੇ ਕਾਰਕੁਨ ਪਰਮਿੰਦਰ ਸਿੰਘ ਝੋਟੇ ਦੇ ਸ਼ਰੇਆਮ ਹੋਏ ਕਤਲ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਪਰਲੀਮੈਂਟ ਨੇ ਇਸ ਘਟਨਾ ਨੂੰ ਪੰਜਾਬ ਦੀ ਜ਼ਮੀਰ ਨੂੰ ਝੰਜੋੜਨ ਵਾਲੀ ਕਰਾਰ ਦਿੰਦਿਆਂ ਕਿਹਾ ਹੈ ਕਿ ਜੇਕਰ ਨਸ਼ਿਆਂ ਦੇ ਸੌਦਾਗਰਾਂ ਵਿਰੁੱਧ ਆਵਾਜ਼ ਉਠਾਉਣ ਵਾਲੇ ਲੋਕ ਹੀ ਸੁਰੱਖਿਅਤ ਨਹੀਂ ਹਨ, ਤਾਂ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਦੀ ਦਲਦਲ ਵਿੱਚੋਂ ਕੌਣ ਬਚਾਏਗਾ?
ਪ੍ਰਾਪਤ ਜਾਣਕਾਰੀ ਅਨੁਸਾਰ, ਇੱਕ ਮੈਡੀਕਲ ਸਟੋਰ ਉੱਤੇ ਕਥਿਤ ਤੌਰ ‘ਤੇ ਨਸ਼ੀਲੇ ਪਦਾਰਥ ਵੇਚੇ ਜਾਣ ਦਾ ਵਿਰੋਧ ਕਰਨ ਦੌਰਾਨ, ਮੈਡੀਕਲ ਸਟੋਰ ਦੇ ਸੰਚਾਲਕ ਅਸ਼ਵਨੀ ਕੁਮਾਰ ਵੱਲੋਂ ਪਰਮਿੰਦਰ ਸਿੰਘ ਝੋਟੇ ਨੂੰ ਲੋਕਾਂ ਦੇ ਸਾਹਮਣੇ ਗੋਲੀ ਮਾਰ ਦਿੱਤੀ ਗਈ। ਵਰਲਡ ਸਿੱਖ ਪਾਰਲੀਮੈਂਟ ਦਾ ਮੰਨਣਾ ਹੈ ਕਿ ਇਹ ਕੇਵਲ ਇੱਕ ਵਿਅਕਤੀ ਦਾ ਕਤਲ ਨਹੀਂ, ਸਗੋਂ ਨਸ਼ਿਆਂ ਵਿਰੁੱਧ ਉੱਠ ਰਹੀ ਲੋਕ ਆਵਾਜ਼ ਨੂੰ ਦਹਿਸ਼ਤ ਰਾਹੀਂ ਚੁੱਪ ਕਰਵਾਉਣ ਦੀ ਬੇਹੱਦ ਗੰਭੀਰ ਅਤੇ ਘਿਨੌਣੀ ਕੋਸ਼ਿਸ਼ ਹੈ।
ਵਰਲਡ ਸਿੱਖ ਪਾਰਲੀਮੈਂਟ ਨੇ ਪੰਜਾਬ ਦੇ ਮੌਜੂਦਾ ਹਾਲਾਤਾਂ ‘ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ, “ਦੇਸ਼ ਪੰਜਾਬ ਅੱਜ ਇੱਕ ਅਜਿਹੇ ਗੰਭੀਰ ਸੰਕਟ ਵਿੱਚੋਂ ਗੁਜ਼ਰ ਰਿਹਾ ਹੈ, ਜਿੱਥੇ ਨਸ਼ਿਆਂ ਦਾ ਜਾਲ ਸਾਡੀ ਜਵਾਨੀ, ਪਰਿਵਾਰਾਂ ਅਤੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਤਬਾਹ ਕਰ ਰਿਹਾ ਹੈ। ਪੰਜਾਬ ਦੇ ਪਿਛਲੇ ਕਈ ਦਹਾਕਿਆਂ ਦੇ ਇਤਿਹਾਸ ਵੱਲ ਨਜ਼ਰ ਮਾਰੀਏ ਤਾਂ ਇਹ ਸਪੱਸ਼ਟ ਹੈ ਕਿ ਭਾਰਤੀ ਹਕੂਮਤ ਦੀਆਂ ਨੀਤੀਆਂ ਨੇ ਪੰਜਾਬ ਨੂੰ ਹਮੇਸ਼ਾ ਡੂੰਘੇ ਸੰਕਟ ਵਿੱਚ ਧੱਕਿਆ ਹੈ। ਪਹਿਲਾਂ ਪੰਜਾਬ ਦੇ ਅਣਖੀਲੇ ਨੌਜਵਾਨਾਂ ਨੂੰ ਝੂਠੇ ਪੁਲਿਸ ਮੁਕਾਬਲਿਆਂ ਵਿੱਚ ਸ਼ਹੀਦ ਕੀਤਾ ਗਿਆ, ਜੇਲ੍ਹਾਂ ਵਿੱਚ ਡੱਕਿਆ ਗਿਆ ਜਾਂ ਜਲਾਵਤਨ ਕੀਤਾ ਗਿਆ, ਅਤੇ ਹੁਣ ਰਹਿੰਦੀ ਜਵਾਨੀ ਨੂੰ ਨਸ਼ਿਆਂ ਦੀ ਭਿਆਨਕ ਮਾਰ ਹੇਠ ਲਿਆਂਦਾ ਗਿਆ ਹੈ।”
ਵਰਲਡ ਸਿੱਖ ਪਾਰਲੀਮੈਂਟ ਨੇ ਸਪੱਸ਼ਟ ਕੀਤਾ ਕਿ ਪੰਜਾਬ ਵਿੱਚ ਨਸ਼ਿਆਂ ਦਾ ਇੰਨੇ ਵੱਡੇ ਪੱਧਰ ਉੱਤੇ ਫੈਲਣਾ ਸਿਰਫ਼ ਕੁਝ ਵਿਅਕਤੀਆਂ ਦੀ ਅਪਰਾਧਿਕ ਸਰਗਰਮੀ ਨਹੀਂ, ਸਗੋਂ ਇਹ ਸਰਕਾਰਾਂ ਦੀਆਂ ਨੀਤੀਆਂ, ਪ੍ਰਸ਼ਾਸਨਿਕ ਨਾਕਾਮੀਆਂ ਅਤੇ ਸਿਆਸੀ ਤੇ ਪੁਲਿਸ ਸਰਪ੍ਰਸਤੀ ਦਾ ਨਤੀਜਾ ਹੈ।
ਜਦੋਂ ਨਸ਼ਿਆਂ ਦੇ ਵਪਾਰੀ ਬੇਖ਼ੌਫ਼ ਹੋ ਜਾਣ ਅਤੇ ਇਨਸਾਫ਼ ਦੀ ਆਵਾਜ਼ ਉਠਾਉਣ ਵਾਲੇ ਡਰ ਦੇ ਸਾਏ ਹੇਠ ਜੀਣ ਲਈ ਮਜਬੂਰ ਹੋਣ, ਤਾਂ ਸਮੁੱਚੇ ਰਾਜ ਪ੍ਰਬੰਧ ਹੀ ਕਟਿਹਰੇ ਵਿੱਚ ਖੜ੍ਹਾ ਹੋ ਜਾਂਦਾ ਹੈ ।
ਜੇਕਰ ਭਗਵੰਤ ਮਾਨ ਸਰਕਾਰ ਵੱਲੋਂ ਪਰਮਿੰਦਰ ਸਿੰਘ ਝੋਟੇ ਦੇ ਕਾਤਲ ਅਸ਼ਵਨੀ ਨੂੰ ਤੁਰੰਤ ਮਿਸਾਲੀ ਸਜ਼ਾ ਨਾ ਦਿੱਤੀ, ਨਸ਼ਾ-ਤਸਕਰਾਂ ਦੀ ਪੁਸ਼ਤ-ਪਨਾਹੀ ਕਰਨ ਵਾਲੇ ਸਿਆਸੀ ਤੇ ਪ੍ਰਸ਼ਾਸਨਿਕ ਮਗਰਮੱਛਾਂ ਨੂੰ ਨੰਗਾ ਨਾ ਕੀਤਾ, ਅਤੇ ਨਸ਼ਿਆਂ ਖ਼ਿਲਾਫ਼ ਜੂਝ ਰਹੇ ਹਰ ਕਾਰਕੁਨ ਦੀ ਸੁਰੱਖਿਆ ਯਕੀਨੀ ਨਾ ਬਣਾਈ ਤੇ ਜੇਕਰ ਹਕੂਮਤ ਆਪਣੀ ਇਸ ਮੁੱਢਲੀ ਜ਼ਿੰਮੇਵਾਰੀ ਤੋਂ ਭੱਜਦੀ ਹੈ, ਤਾਂ ਉਸਦੀ ਇਸ ਅਪਰਾਧੀ ਚੁੱਪ ਨੂੰ ਕਾਤਲਾਂ ਅਤੇ ਨਸ਼ੇ ਦੇ ਸੌਦਾਗਰਾਂ ਨਾਲ ਸਿੱਧੀ ਮਿਲੀਭੁਗਤ ਹੀ ਮੰਨਿਆ ਜਾਵੇਗਾ!
ਅੰਤ ਵਿੱਚ, ਵਰਲਡ ਸਿੱਖ ਪਾਰਲੀਮੈਂਟ ਨੇ ਸਮੁੱਚੇ ਪੰਜਾਬੀਆਂ ਨੂੰ ਅਪੀਲ ਕੀਤੀ ਹੈ ਕਿ ਇਹ ਸਮਾਂ ਚੁੱਪ ਰਹਿਣ ਦਾ ਨਹੀਂ ਹੈ। ਪੰਜਾਬ ਨੂੰ ਨਸ਼ਿਆਂ ਤੋਂ ਮੁਕਤ ਕਰਵਾਉਣਾ ਪੰਜਾਬ ਦੀ ਹੋਂਦ, ਅਣਖ ਅਤੇ ਭਵਿੱਖ ਨੂੰ ਬਚਾਉਣ ਦਾ ਸੰਘਰਸ਼ ਹੈ। ਹਰ ਇਨਸਾਫ਼ਪਸੰਦ, ਅਣਖੀਲੇ ਅਤੇ ਜਾਗਦੀ ਜ਼ਮੀਰ ਵਾਲੇ ਪੰਜਾਬੀ ਨੂੰ ਆਪਸੀ ਵਖਰੇਵਿਆਂ ਤੋਂ ਉੱਪਰ ਉੱਠ ਕੇ, ਲੋਕਤੰਤਰੀ ਅਤੇ ਸ਼ਾਂਤਮਈ ਢੰਗ ਨਾਲ ਆਪਣੀ ਆਵਾਜ਼ ਸਰਕਾਰ ਅਤੇ ਨਸ਼ਿਆਂ ਵਿਰੁੱਧ ਬੁਲੰਦ ਕਰਨੀ ਚਾਹੀਦੀ ਹੈ।
Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।









