Home » ਸੰਸਾਰ » ਜਰਮਨੀ » ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਦੇ ਮੂੰਹ ’ਚੋਂ ਕੱਢਣ ਵਾਲਾ ਝੋਟਾ ਖ਼ੁਦ ਮੌਤ ਦੇ ਮੂੰਹ ਵਿੱਚ:ਪੰਥਕ ਜਥੇਬੰਦੀਆਂ ਜਰਮਨੀ

ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਦੇ ਮੂੰਹ ’ਚੋਂ ਕੱਢਣ ਵਾਲਾ ਝੋਟਾ ਖ਼ੁਦ ਮੌਤ ਦੇ ਮੂੰਹ ਵਿੱਚ:ਪੰਥਕ ਜਥੇਬੰਦੀਆਂ ਜਰਮਨੀ

SHARE ARTICLE

20 Views

 

👉 ਨਸ਼ਾ ਤਸਕਰਾਂ ਦੇ ਵਧਦੇ ਹੌਸਲੇ ਸਰਕਾਰ ਤੇ ਪ੍ਰਸ਼ਾਸਨ ਦੀ ਕਾਰਗੁਜ਼ਾਰੀ ’ਤੇ ਵੱਡਾ ਸਵਾਲ

ਜਰਮਨੀ  ਅਕਤੂਬਰ (ਮਨਪ੍ਰੀਤ ਸਿੰਘ ਖਾਲਸਾ):- ਪੰਜਾਬ ਵਿੱਚ ਨਸ਼ਿਆਂ ਦੇ ਕਹਿਰ ਨੇ ਇੱਕ ਵਾਰ ਫਿਰ ਸਮਾਜ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਨਸ਼ਿਆਂ ਖ਼ਿਲਾਫ਼ ਡਟ ਕੇ ਆਵਾਜ਼ ਬੁਲੰਦ ਕਰਨ ਵਾਲੇ ਭਾਈ ਪਲਵਿੰਦਰ ਸਿੰਘ ਝੋਟਾ ਨਾਲ ਵਾਪਰੀ ਮੰਦਭਾਗੀ ਘਟਨਾ ’ਤੇ ਜਰਮਨੀ ਦੀਆਂ ਵੱਖ-ਵੱਖ ਪੰਥਕ ਜਥੇਬੰਦੀਆਂ ਨੇ ਗਹਿਰਾ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਕਿਹਾ ਕਿ ਜਿਹੜਾ ਵਿਅਕਤੀ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਦੀ ਦਲਦਲ ਵਿੱਚੋਂ ਬਾਹਰ ਕੱਢਣ ਲਈ ਨਸ਼ਾ ਤਸਕਰਾਂ ਦਾ ਸਾਹਮਣਾ ਕਰ ਰਿਹਾ ਸੀ, ਅੱਜ ਉਸੇ ਨੂੰ ਨਸ਼ਾ ਵਪਾਰੀਆਂ ਦੀ ਹਿੰਸਾ ਦਾ ਸ਼ਿਕਾਰ ਹੋਣਾ ਪਿਆ ਹੈ। ਪੰਥਕ ਆਗੂਆਂ ਨੇ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ ਦਾ ਛੇਵਾਂ ਦਰਿਆ ਪਿਛਲੇ ਇੱਕ ਦਹਾਕੇ ਤੋਂ ਵੱਧ ਸਮੇਂ ਤੋਂ ਪੰਜਾਬ ਦੀ ਜਵਾਨੀ, ਪਰਿਵਾਰਾਂ ਦੀ ਖੁਸ਼ਹਾਲੀ ਅਤੇ ਆਰਥਿਕ ਢਾਂਚੇ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕਰ ਰਿਹਾ ਹੈ। ਹਰ ਰੋਜ਼ ਨਸ਼ਿਆਂ ਨਾਲ ਜੁੜੀਆਂ ਮੌਤਾਂ ਅਤੇ ਹੋਰ ਦਿਲ ਕੰਬਾਊ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਤਸਕਰੀ ਅਤੇ ਵਿਕਰੀ ’ਤੇ ਪ੍ਰਭਾਵਸ਼ਾਲੀ ਢੰਗ ਨਾਲ ਰੋਕ ਨਾ ਲੱਗਣਾ ਸਰਕਾਰ ਅਤੇ ਪ੍ਰਸ਼ਾਸਨ ਦੀ ਕਾਰਗੁਜ਼ਾਰੀ ’ਤੇ ਗੰਭੀਰ ਸਵਾਲ ਖੜ੍ਹੇ ਕਰਦਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਨਸ਼ਾ ਤਸਕਰਾਂ ਦੇ ਹੌਸਲੇ ਇੰਨੇ ਵੱਧ ਚੁੱਕੇ ਹਨ ਕਿ ਨਸ਼ਿਆਂ ਖ਼ਿਲਾਫ਼ ਆਵਾਜ਼ ਉਠਾਉਣ ਵਾਲੇ ਲੋਕਾਂ ਦੀ ਜਾਨ ਵੀ ਸੁਰੱਖਿਅਤ ਨਹੀਂ ਰਹੀ। ਜਥੇਬੰਦੀਆਂ ਨੇ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਵਾਲਿਆਂ ਦੀ ਸੁਰੱਖਿਆ ਵੀ ਸਰਕਾਰ ਦੀ ਜ਼ਿੰਮੇਵਾਰੀ ਹੈ ਅਤੇ ਨਸ਼ਿਆਂ ਦੇ ਪੂਰੇ ਨੈੱਟਵਰਕ ਨੂੰ ਜੜ੍ਹ ਤੋਂ ਖ਼ਤਮ ਕਰਨ ਲਈ ਸਖ਼ਤ ਕਦਮ ਚੁੱਕਣੇ ਚਾਹੀਦੇ ਹਨ।
ਜਰਮਨੀ ਦੀਆਂ ਪੰਥਕ ਜਥੇਬੰਦੀਆਂ ਨੇ ਭਾਈ ਪਲਵਿੰਦਰ ਸਿੰਘ ਝੋਟਾ ਨਾਲ ਵਾਪਰੀ ਘਟਨਾ ਦੀ ਨਿਰਪੱਖ ਜਾਂਚ ਕਰਵਾਉਣ, ਦੋਸ਼ੀਆਂ ਨੂੰ ਤੁਰੰਤ ਕਾਬੂ ਕਰਨ ਅਤੇ ਉਨ੍ਹਾਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਸਿਰਫ਼ ਨਸ਼ਾ ਵੇਚਣ ਵਾਲੇ ਛੋਟੇ ਪੱਧਰ ਦੇ ਵਿਅਕਤੀਆਂ ਖ਼ਿਲਾਫ਼ ਕਾਰਵਾਈ ਕਾਫ਼ੀ ਨਹੀਂ, ਬਲਕਿ ਨਸ਼ਿਆਂ ਦੀ ਸਪਲਾਈ ਦੇ ਪਿੱਛੇ ਕੰਮ ਕਰ ਰਹੇ ਪੂਰੇ ਨੈੱਟਵਰਕ ਨੂੰ ਬੇਨਕਾਬ ਕਰਨਾ ਲਾਜ਼ਮੀ ਹੈ। ਇਸ ਸਬੰਧੀ ਸਿੱਖ ਫੈਡਰੇਸ਼ਨ ਜਰਮਨੀ ਦੇ ਭਾਈ ਗੁਰਮੀਤ ਸਿੰਘ ਖਨਿਆਣ, ਭਾਈ ਗੁਰਦਿਆਲ ਸਿੰਘ ਲਾਲੀ, ਭਾਈ ਸੁਖਦੇਵ ਸਿੰਘ ਹੇਰਾਂ ਅਤੇ ਭਾਈ ਅਮਰਜੀਤ ਸਿੰਘ ਮੰਗੂਪੁਰ, ਬੱਬਰ ਖਾਲਸਾ ਜਰਮਨੀ ਦੇ ਜਥੇਦਾਰ ਰੇਸ਼ਮ ਸਿੰਘ ਬੱਬਰ, ਭਾਈ ਰਜਿੰਦਰ ਸਿੰਘ ਬੱਬਰ ਅਤੇ ਭਾਈ ਅਵਤਾਰ ਸਿੰਘ ਬੱਬਰ, ਦਲ ਖਾਲਸਾ ਇੰਟਰਨੈਸ਼ਨਲ ਜਰਮਨੀ ਦੇ ਭਾਈ ਹਰਮੀਤ ਸਿੰਘ ਅਤੇ ਭਾਈ ਅੰਗਰੇਜ਼ ਸਿੰਘ, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਜਰਮਨੀ ਦੇ ਭਾਈ ਹੀਰਾ ਸਿੰਘ ਮੱਤੇਵਾਲ ਅਤੇ ਸਿੱਖ ਫੈਡਰੇਸ਼ਨ ਇੰਟਰਨੈਸ਼ਨਲ ਜਰਮਨੀ ਦੇ ਭਾਈ ਲਖਵਿੰਦਰ ਸਿੰਘ ਮੱਲ੍ਹੀ ਨੇ ਸਾਂਝੇ ਤੌਰ ’ਤੇ ਭਾਈ ਪਲਵਿੰਦਰ ਸਿੰਘ ਝੋਟਾ ਨਾਲ ਵਾਪਰੀ ਘਟਨਾ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਪੰਥਕ ਆਗੂਆਂ ਨੇ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਆਪਣੀ ਜਾਨ ਤੱਕ ਜੋਖ਼ਮ ਵਿੱਚ ਪਾਉਣ ਵਾਲੇ ਲੋਕਾਂ ਨੂੰ ਇਕੱਲਾ ਨਹੀਂ ਛੱਡਿਆ ਜਾ ਸਕਦਾ। ਸਰਕਾਰ ਨੂੰ ਨਸ਼ਿਆਂ ਖ਼ਿਲਾਫ਼ ਸਿਰਫ਼ ਬਿਆਨਬਾਜ਼ੀ ਦੀ ਬਜਾਏ ਜ਼ਮੀਨੀ ਪੱਧਰ ’ਤੇ ਸਖ਼ਤ ਅਤੇ ਨਿਰਣਾਇਕ ਕਾਰਵਾਈ ਕਰਨੀ ਪਵੇਗੀ, ਤਾਂ ਜੋ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਇਸ ਕਾਲੇ ਧੰਦੇ ਦੀ ਮਾਰ ਤੋਂ ਬਚਾਇਆ ਜਾ ਸਕੇ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News