👉 ਸ਼੍ਰੋਮਣੀ ਕਮੇਟੀ ਦੇ ਦਫ਼ਤਰ ਤੇ ਸਾਰੇ ਅਦਾਰੇ ਰਹਿਣਗੇ ਬੰਦ- ਐਡਵੋਕੇਟ ਧਾਮੀ
ਨਵੀਂ ਦਿੱਲੀ, 14 ਅਕਤੂਬਰ (ਮਨਪ੍ਰੀਤ ਸਿੰਘ ਖਾਲਸਾ):- ਨਸ਼ੇ ਵੇਚਣ ਵਾਲਿਆਂ ਦਾ ਵਿਰੋਧ ਕਰਨ ਵਾਲੇ ਸਿੱਖ ਸ. ਪਰਵਿੰਦਰ ਸਿੰਘ ਦੇ ਬੀਤੇ ਕੱਲ੍ਹ ਹੋਏ ਕਤਲ ਦੇ ਵਿਰੋਧ ਵਿਚ 15 ਅਕਤੂਬਰ ਨੂੰ ਦਿਤੇ ਗਏ ਪੰਜਾਬ ਬੰਦ ਦੇ ਸੱਦੇ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਮਰਥਨ ਕਰਨ ਦਾ ਐਲਾਨ ਕੀਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਦੀ ਦਲਦਲ ਵਿੱਚੋਂ ਕੱਢਣ ਲਈ ਸੰਘਰਸ਼ ਕਰ ਰਹੇ ਲੋਕਾਂ ਨਾਲ ਸ਼੍ਰੋਮਣੀ ਕਮੇਟੀ ਡੱਟ ਕੇ ਖੜ੍ਹੀ ਹੈ ਅਤੇ ਸ. ਪਰਵਿੰਦਰ ਸਿੰਘ ਦੇ ਪਰਿਵਾਰ ਲਈ ਹਰ ਸੰਭਵ ਸਹਿਯੋਗ ਦੇਣ ਲਈ ਵੀ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਸ ਸਿੱਖ ਨੌਜਵਾਨ ਦੇ ਬੇਰਿਹਮੀ ਨਾਲ ਕੀਤੇ ਗਏ ਕਤਲ ਦੇ ਵਿਰੋਧ ਵਜੋਂ ਭਲਕੇ 15 ਅਕਤੂਬਰ ਨੂੰ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਅਤੇ ਸਮੁੱਚੇ ਅਦਾਰੇ ਬੰਦ ਰੱਖੇ ਜਾਣਗੇ।
ਉਨ੍ਹਾਂ ਕਿਹਾ ਕਿ ਪੰਜਾਬ ਨਸ਼ਿਆਂ ਦੀ ਗੰਭੀਰ ਸਮੱਸਿਆ ਨਾਲ ਜੂਝ ਰਿਹਾ ਹੈ। ਰੋਜ਼ਾਨਾ ਸੈਂਕੜੇ ਨੌਜੁਆਨ ਇਸ ਦਾ ਸ਼ਿਕਾਰ ਹੋ ਰਹੇ ਹਨ ਅਤੇ ਅਨੇਕਾਂ ਘਰ ਉਜੜ ਰਹੇ ਹਨ। ਉਨ੍ਹਾਂ ਕਿਹਾ ਕਿ ਮੀਰੀ ਪੀਰੀ ਖਾਲਸਾ ਮਾਰਚ ਦੌਰਾਨ ਸੰਗਤਾਂ ਨਾਲ ਸੰਵਦ ਸਮੇਂ ਵੱਖ-ਵੱਖ ਪਿੰਡਾਂ ਵਿਚ ਨਸ਼ਿਆਂ ਦੀ ਸ਼ਰੇਆਮ ਵਿਕਰੀ ਸਬੰਧੀ ਸਾਹਮਣੇ ਆਈਆਂ ਗੱਲਾਂ ਨੇ ਸਰਕਾਰ ਦੇ ਨਸ਼ਿਆਂ ਵਿਰੁੱਧ ਕੀਤੇ ਜਾ ਰਹੇ ਦਾਅਵਿਆਂ ’ਤੇ ਗੰਭੀਰ ਸਵਾਲ ਖੜ੍ਹੇ ਕੀਤੇ ਸਨ।
ਉਨ੍ਹਾਂ ਕਿਹਾ ਕਿ ਦੁੱਖ ਦੀ ਗੱਲ ਹੈ ਕਿ ਪੰਜਾਬ ਵਿੱਚ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਲੋਕਾਂ ਨੂੰ ਹੀ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਨਸ਼ਿਆਂ ਦੇ ਕਾਰੋਬਾਰ ਵਿਰੁੱਧ ਸੰਘਰਸ਼ ਕਰਨ ਵਾਲਿਆਂ ਦੀ ਸੁਰੱਖਿਆ ਯਕੀਨੀ ਬਣਾਉਣਾ ਸਰਕਾਰ ਦੀ ਜ਼ਿੰਮੇਵਾਰੀ ਹੈ ਅਤੇ ਨਸ਼ਿਆਂ ਦੇ ਖ਼ਾਤਮੇ ਲਈ ਸਿਰਫ਼ ਐਲਾਨ ਕਰਨ ਦੀ ਬਜਾਏ ਠੋਸ ਅਤੇ ਪ੍ਰਭਾਵਸ਼ਾਲੀ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸਮੂਹ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਵਿਰੁੱਧ ਇਕਜੁਟ ਹੋ ਕੇ ਅਵਾਜ਼ ਬੁਲੰਦ ਕਰਨ ਅਤੇ ਪੰਜਾਬ ਦੀ ਨੌਜੁਆਨ ਪੀੜ੍ਹੀ ਦੇ ਭਵਿੱਖ ਦੀ ਰਾਖੀ ਲਈ ਆਪਣੀ ਜ਼ੁੰਮੇਵਾਰੀ ਨਿਭਾਉਣ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ, ਮੈਂਬਰ ਸ. ਸੁਰਜੀਤ ਸਿੰਘ ਭਿੱਟੇਵੱਡ, ਓਐਸਡੀ ਸ. ਸਤਬੀਰ ਸਿੰਘ, ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਵਧੀਕ ਸਕੱਤਰ ਸ. ਭਗਵੰਤ ਸਿੰਘ ਧੰਗੇੜਾ, ਸ. ਪ੍ਰੀਤਪਾਲ ਸਿੰਘ, ਸ. ਤੇਜਿੰਦਰ ਸਿੰਘ ਪੱਡਾ, ਮੀਤ ਸਕੱਤਰ ਸ. ਗੁਰਦਿਆਲ ਸਿੰਘ, ਸ. ਮਨਜੀਤ ਸਿੰਘ ਤਲਵੰਡੀ, ਸ. ਹਰਭਜਨ ਸਿੰਘ ਵਕਤਾ, ਸ. ਸੁਖਬੀਰ ਸਿੰਘ, ਸ. ਗੁਰਮੀਤ ਸਿੰਘ ਮੁਕਤਸਰੀ, ਸ. ਅਜ਼ਾਦ ਦੀਪ ਸਿੰਘ, ਸ. ਸਤਨਾਮ ਸਿੰਘ ਰਿਆੜ, ਸੁਪ੍ਰੰਟੈਂਡੈਂਟ ਸ. ਨਿਸ਼ਾਨ ਸਿੰਘ ਤੇ ਹੋਰ ਮੌਜੂਦ ਸਨ।
Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।








