👉 ਪਰਮਿੰਦਰ ਸਿੰਘ ਝੋਟੇ ਕਤਲ ਕਾਂਡ ਦੀ ਸੀ.ਬੀ.ਆਈ. ਜਾਂਚ ਤੇ ਮੁੱਖ ਮੰਤਰੀ-ਡੀਜੀਪੀ ਦੇ ਅਸਤੀਫ਼ੇ ਦੀ ਮੰਗ
ਨਵੀਂ ਦਿੱਲੀ 15 ਅਕਤੂਬਰ (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸੀਨੀਅਰ ਮੈਂਬਰ ਬੀਬੀ ਰਣਜੀਤ ਕੌਰ ਨੇ ਪਰਵਿੰਦਰ ਸਿੰਘ ਝੋਟੇ ਦੇ ਕਤਲ ਦੀ ਸਖ਼ਤ ਨਿਖੇਧੀ ਕਰਦਿਆਂ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਨੂੰ ਤਿੱਖੇ ਸ਼ਬਦਾਂ ਵਿੱਚ ਘੇਰਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ ਦਾ ਕਹਿਰ ਰੋਕਣ ਦੇ ਸਰਕਾਰੀ ਦਾਅਵੇ ਜ਼ਮੀਨੀ ਹਕੀਕਤ ਸਾਹਮਣੇ ਖੋਖਲੇ ਸਾਬਤ ਹੋ ਰਹੇ ਹਨ। ਨਸ਼ਿਆਂ ਦਾ ਫੈਲਾਅ ਨੌਜਵਾਨੀ ਨੂੰ ਤਬਾਹ ਕਰਨ ਦੇ ਨਾਲ-ਨਾਲ ਅਪਰਾਧ ਅਤੇ ਅਸੁਰੱਖਿਆ ਨੂੰ ਵੀ ਵਧਾ ਰਿਹਾ ਹੈ, ਜਦਕਿ ਸਰਕਾਰ ਨਸ਼ਿਆਂ ਦੇ ਨੈੱਟਵਰਕ ਅਤੇ ਅਪਰਾਧੀਆਂ ਨੂੰ ਨੱਥ ਪਾਉਣ ਵਿੱਚ ਨਾਕਾਮ ਰਹੀ ਹੈ। ਬੀਬੀ ਰਣਜੀਤ ਕੌਰ ਨੇ ਪਰਵਿੰਦਰ ਸਿੰਘ ਝੋਟੇ ਦੇ ਪਿਤਾ ਦੀਆਂ ਮੁੱਖ ਮੰਗਾਂ ਦਾ ਸਮਰਥਨ ਕਰਦਿਆਂ ਮੰਗ ਕੀਤੀ ਕਿ ਮੁੱਖ ਮੰਤਰੀ ਅਤੇ ਡੀਜੀਪੀ ਤੁਰੰਤ ਆਪਣੇ ਅਹੁਦਿਆਂ ਤੋਂ ਅਸਤੀਫ਼ਾ ਦੇਣ ਅਤੇ ਪੂਰੇ ਕਤਲ ਕਾਂਡ ਦੀ ਨਿਰਪੱਖ ਸੀ.ਬੀ.ਆਈ. ਜਾਂਚ ਕਰਵਾਈ ਜਾਵੇ। ਐਫਆਈਆਰ ਵਿੱਚ ਸਾਰੇ ਮੁਲਜ਼ਮਾਂ ਨੂੰ ਬਾਏ-ਨਾਮ ਸ਼ਾਮਲ ਕੀਤਾ ਜਾਵੇ ਅਤੇ ‘ਆਪ’ ਵਿਧਾਇਕ ਵਿਜੇ ਸਿੰਗਲਾ ਨੂੰ ਵੀ ਮਾਮਲੇ ਵਿੱਚ ਨਾਮਜ਼ਦ ਕੀਤਾ ਜਾਵੇ। ਉਨ੍ਹਾਂ ਐਸ.ਐਸ.ਪੀ., ਡੀ.ਐਸ.ਪੀ. ਅਤੇ ਐਸ.ਐਚ.ਓ. ਦੀ ਭੂਮਿਕਾ ਦੀ ਜਾਂਚ ਕਰਕੇ ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਅਤੇ ਡਿਸਮਿਸਲ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਅਸ਼ਵਨੀ ਕੁਮਾਰ ਦੇ ਗੋਲੀ ਚਲਾਉਣ ਤੋਂ ਪਹਿਲਾਂ ਪਿਛਲੇ ਇੱਕ ਘੰਟੇ ਦੀਆਂ ਸਾਰੀਆਂ ਫੋਨ ਕਾਲਾਂ ਦਾ ਵੇਰਵਾ ਜਨਤਕ ਕੀਤਾ ਜਾਵੇ ਅਤੇ ਇਹ ਸਪੱਸ਼ਟ ਕੀਤਾ ਜਾਵੇ ਕਿ ਉਸ ਨੇ ਇਸ ਦੌਰਾਨ ਕਿਸ-ਕਿਸ ਵਿਅਕਤੀ ਨਾਲ ਗੱਲਬਾਤ ਕੀਤੀ ਸੀ। ਉਨ੍ਹਾਂ ਕਿਹਾ ਕਿ ਇਸ ਕਾਲ ਰਿਕਾਰਡ ਦੀ ਨਿਰਪੱਖ ਜਾਂਚ ਨਾਲ ਮਾਮਲੇ ਨਾਲ ਜੁੜੇ ਕਈ ਅਹਿਮ ਤੱਥ ਸਾਹਮਣੇ ਆ ਸਕਦੇ ਹਨ ਅਤੇ ਕਿਸੇ ਵੀ ਸੰਭਾਵਿਤ ਸਾਜ਼ਿਸ਼ ਜਾਂ ਮਿਲੀਭੁਗਤ ਨੂੰ ਬੇਨਕਾਬ ਕਰਨ ਵਿੱਚ ਮਦਦ ਮਿਲ ਸਕਦੀ ਹੈ। ਉਨ੍ਹਾਂ ਪ੍ਰਦਰਸ਼ਨ ਦੌਰਾਨ ਜ਼ਖ਼ਮੀ ਹੋਏ ਸਾਰੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਦੀ ਵੀ ਮੰਗ ਕੀਤੀ। ਬੀਬੀ ਰਣਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਨਸ਼ਿਆਂ ਦੇ ਸਰੋਤਾਂ, ਤਸਕਰੀ ਦੇ ਨੈੱਟਵਰਕ ਅਤੇ ਅਪਰਾਧੀਆਂ ਖ਼ਿਲਾਫ਼ ਨਿਰਪੱਖ ਤੇ ਸਖ਼ਤ ਕਾਰਵਾਈ ਕਰਨੀ ਪਵੇਗੀ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਪੰਜਾਬ ਦੀ ਨੌਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਅਤੇ ਲੋਕਾਂ ਦੀ ਜਾਨ-ਮਾਲ ਦੀ ਰਾਖੀ ਕਰਨ ਵਿੱਚ ਹੀ ਨਾਕਾਮ ਰਹਿੰਦੀ ਹੈ ਤਾਂ ਉਸਦੀ ਜਵਾਬਦੇਹੀ ਤੈਅ ਕਰਨਾ ਪੰਜਾਬ ਦੇ ਲੋਕਾਂ ਦਾ ਹੱਕ ਹੈ।
Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।






