ਨਵੀਂ ਦਿੱਲੀ 20 ਅਕਤੂਬਰ (ਮਨਪ੍ਰੀਤ ਸਿੰਘ ਖਾਲਸਾ): ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਦੀ ਸੰਪੂਰਨਤਾ ਨੂੰ ਸਮਰਪਿਤ ਜੀ.ਟੀ.ਬੀ. ਕਾਲਜ, ਰਾਜੌਰੀ ਗਾਰਡਨ ਵਿਖੇ ਕਾਲਜ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਵੱਲੋਂ ਸ੍ਰੀ ਸਹਿਜ ਪਾਠ ਆਰੰਭ ਕੀਤੇ ਗਏ। ਇਸ ਮੌਕੇ ਵਿਦਿਆਰਥੀਆਂ ਅਤੇ ਸਟਾਫ਼ ਨੇ ਗੁਰੂ ਸਾਹਿਬ ਦੀ ਮਹਾਨ ਸ਼ਹਾਦਤ ਨੂੰ ਸਿਜਦਾ ਕਰਦਿਆਂ ਗੁਰਬਾਣੀ ਨਾਲ ਜੁੜਨ ਦਾ ਸੰਕਲਪ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸੀਨੀਅਰ ਮੈਂਬਰ ਅਤੇ ਕਾਲਜ ਦੀ ਚੇਅਰਮੈਨ ਬੀਬੀ ਰਣਜੀਤ ਕੌਰ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਸਮੁੱਚੀ ਮਨੁੱਖਤਾ ਲਈ ਧਾਰਮਿਕ ਆਜ਼ਾਦੀ, ਮਨੁੱਖੀ ਅਧਿਕਾਰਾਂ ਅਤੇ ਨਿਰਭੈਤਾ ਦੀ ਅਦੁੱਤੀ ਮਿਸਾਲ ਹੈ। ਉਨ੍ਹਾਂ ਕਿਹਾ ਕਿ ਸ਼ਹੀਦੀ ਸ਼ਤਾਬਦੀ ਦੀ ਸੰਪੂਰਨਤਾ ਮੌਕੇ ਅਜਿਹੇ ਉਪਰਾਲੇ ਨੌਜਵਾਨ ਪੀੜ੍ਹੀ ਨੂੰ ਗੁਰੂ ਸਾਹਿਬ ਦੇ ਜੀਵਨ, ਬਾਣੀ ਅਤੇ ਮਹਾਨ ਵਿਚਾਰਧਾਰਾ ਨਾਲ ਜੋੜਨ ਵਿੱਚ ਅਹਿਮ ਭੂਮਿਕਾ ਨਿਭਾਉਣਗੇ। ਬੀਬੀ ਰਣਜੀਤ ਕੌਰ ਨੇ ਕਿਹਾ ਕਿ ਕਾਲਜ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਵੱਲੋਂ ਸਹਿਜ ਪਾਠ ਆਰੰਭ ਕਰਨਾ ਗੁਰੂ ਸਾਹਿਬ ਦੀ ਸ਼ਹਾਦਤ ਨੂੰ ਸੱਚੀ ਸ਼ਰਧਾਂਜਲੀ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦਾ ਜੀਵਨ ਸਾਨੂੰ ਸੱਚ, ਧਰਮ, ਸੇਵਾ ਅਤੇ ਮਨੁੱਖਤਾ ਦੀ ਰੱਖਿਆ ਲਈ ਹਰ ਕੁਰਬਾਨੀ ਦੇਣ ਦੀ ਪ੍ਰੇਰਣਾ ਦਿੰਦਾ ਹੈ।
Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।







