ਨਵੀਂ ਦਿੱਲੀ, 22 ਅਕਤੂਬਰ (ਮਨਪ੍ਰੀਤ ਸਿੰਘ ਖਾਲਸਾ):- ਪੰਜਾਬੀ ਗਾਇਕ ਤੇ ਅਦਾਕਾਰ ਦਿਲਜੀਤ ਦੋਸਾਂਝ ਵੱਲੋਂ 30 ਅਕਤੂਬਰ ਨੂੰ ਦਿੱਲੀ ਦੇ ਜਵਾਹਰਲਾਲ ਨਹਿਰੂ ਸਟੇਡੀਅਮ ਵਿਖੇ ਕੀਤੇ ਜਾਣ ਵਾਲੇ ਪ੍ਰੋਗਰਾਮ ਨੂੰ ਦਿੱਲੀ ਪੁਲਿਸ ਨੇ ਸੁਰੱਖਿਆ ਚਿੰਤਾਵਾਂ ਅਤੇ ਤਿਉਹਾਰੀ ਸੀਜ਼ਨ ਦੌਰਾਨ ਵਧੀਆਂ ਸੁਰੱਖਿਆ ਲੋੜਾਂ ਦਾ ਹਵਾਲਾ ਦਿੰਦਿਆਂ ਮਨਜ਼ੂਰੀ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਦਿਲਜੀਤ ਦੇ ਇਸ ਪ੍ਰੋਗਰਾਮ ਨੂੰ ਲੈ ਕੇ ਪਹਿਲਾਂ ਤੋਂ ਹੀ ਵਿਵਾਦ ਬਣਿਆ ਹੋਇਆ ਸੀ ਇਸ ਪ੍ਰੋਗਰਾਮ ਦੀ ਪਹਿਲਾਂ ਤਰੀਕ 1 ਨਵੰਬਰ ਸੀ । ਸਾਹਮਣੇ ਆਈਆਂ ਰਿਪੋਰਟਾਂ ਮੁਤਾਬਕ ਸਭ ਤੋਂ ਪਹਿਲਾਂ ਗੁਰਪਤਵੰਤ ਸਿੰਘ ਪਨੂੰ ਵੱਲੋਂ ਦਿਲਜੀਤ ਦੇ ਪ੍ਰੋਗਰਾਮ ਦਾ ਵਿਰੋਧ ਕੀਤਾ ਗਿਆ ਅਤੇ ਇਸ ਵਿੱਚ ਵਿਘਨ ਪਾਉਣ ਸਬੰਧੀ ਗੱਲ ਕਹੀ ਗਈ ਸੀ ਕਿਉਕਿ 1 ਨਵੰਬਰ 1984 ਨੂੰ ਦਿੱਲੀ ਅਤੇ ਹੋਰ ਰਾਜਾ ਅੰਦਰ ਸਿੱਖਾਂ ਦਾ ਕਤਲੇਆਮ ਸ਼ੁਰੂ ਹੋਇਆ ਸੀ । ਇਸ ਤੋਂ ਬਾਅਦ ਦਿੱਲੀ ਦੇ ਕੁਝ ਸਿੱਖ ਆਗੂਆਂ ਅਤੇ ਸਿੱਖ ਭਾਈਚਾਰੇ ਵੱਲੋਂ ਵੀ ਦਿਲਜੀਤ ਦੇ ਪ੍ਰੋਗਰਾਮ ’ਤੇ ਇਤਰਾਜ਼ ਜਤਾਏ ਜਾਣ ਦੀਆਂ ਗੱਲਾਂ ਸਾਹਮਣੇ ਆਈਆਂ ਸਨ । ਜਿਸ ਉਪਰੰਤ ਤਰੀਕ ਬਦਲ ਕੇ 30 ਅਕਤੂਬਰ ਕਰ ਦਿੱਤੀ ਗਈ ਸੀ ਹਾਲਾਂਕਿ ਦਿੱਲੀ ਪੁਲਿਸ ਨੇ ਆਪਣੇ ਅਧਿਕਾਰਤ ਫੈਸਲੇ ਵਿੱਚ ਪ੍ਰੋਗਰਾਮ ਨੂੰ ਮਨਜ਼ੂਰੀ ਨਾ ਦੇਣ ਦਾ ਕਾਰਨ ਸੁਰੱਖਿਆ ਚਿੰਤਾਵਾਂ ਅਤੇ ਤਿਉਹਾਰੀ ਸੀਜ਼ਨ ਦੌਰਾਨ ਸੁਰੱਖਿਆ ਪ੍ਰਬੰਧਾਂ ਨੂੰ ਦੱਸਿਆ ਹੈ। ਪੁਲਿਸ ਵੱਲੋਂ ਇਹ ਸਪੱਸ਼ਟ ਨਹੀਂ ਕੀਤਾ ਗਿਆ ਕਿ ਪਹਿਲਾਂ ਸਾਹਮਣੇ ਆਏ ਵਿਰੋਧ ਜਾਂ ਕਿਸੇ ਵਿਸ਼ੇਸ਼ ਧਮਕੀ ਨੇ ਫੈਸਲੇ ਨੂੰ ਪ੍ਰਭਾਵਿਤ ਕੀਤਾ ਜਾਂ ਨਹੀਂ। ਦਿਲਜੀਤ ਦੋਸਾਂਝ ਦਾ ਇਹ ਪ੍ਰੋਗਰਾਮ ‘ਔਰਾ ਵਰਲਡ ਟੂਰ’ ਤਹਿਤ ਭਾਰਤ ਵਿੱਚ ਉਨ੍ਹਾਂ ਦੇ ਦੌਰੇ ਦੀ ਸ਼ੁਰੂਆਤ ਹੋਣਾ ਸੀ। ਇਸ ਤੋਂ ਬਾਅਦ ਇੰਦੌਰ, ਅਹਿਮਦਾਬਾਦ, ਮੁੰਬਈ, ਬੈਂਗਲੁਰੂ, ਲਖਨਊ ਅਤੇ ਚੰਡੀਗੜ੍ਹ ਵਿੱਚ ਵੀ ਉਨ੍ਹਾਂ ਦੇ ਪ੍ਰੋਗਰਾਮ ਹੋਣੇ ਤੈਅ ਸਨ।
Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।








