ਨਵੀਂ ਦਿੱਲੀ 22 ਅਕਤੂਬਰ (ਮਨਪ੍ਰੀਤ ਸਿੰਘ ਖਾਲਸਾ):- ਕੈਨੇਡਾ ਦੇ ਧਾਰਮਿਕ ਸਥਾਨਾਂ ਵਿੱਚ ਭਾਰਤੀ ਕੌਂਸੁਲਰ ਕੈਂਪਾਂ ਨੂੰ ਲੈ ਕੇ ਤਣਾਅ ਉਸ ਸਮੇਂ ਹੋਰ ਵਧ ਗਿਆ ਹੈ, ਜਦੋਂ ਸਿੱਖਸ ਫਾਰ ਜਸਟਿਸ ਦੇ ਜਨਰਲ ਕੌਂਸਲ ਗੁਰਪਤਵੰਤ ਸਿੰਘ ਪੰਨੂ ਨੇ ਪ੍ਰਧਾਨ ਮੰਤਰੀ ਮਾਰਕ ਕਾਰਨੇ ਦੀ ਸਰਕਾਰ ਨੂੰ ਤਿੱਖੀ ਚੇਤਾਵਨੀ ਦਿੰਦਿਆਂ ਭਾਰਤੀ ਕੌਂਸੁਲਰ ਕੈਂਪਾਂ ਨੂੰ ਰੋਕਣ ਦੀ ਮੰਗ ਕੀਤੀ ਹੈ। 21 ਅਕਤੂਬਰ ਨੂੰ ਪਬਲਿਕ ਸੇਫਟੀ ਮੰਤਰੀ ਗੈਰੀ ਆਨੰਦਸਾਂਗਰੀ ਅਤੇ ਜਸਟਿਸ ਮੰਤਰੀ ਸੀਨ ਫਰੇਜ਼ਰ ਨੂੰ ਭੇਜੇ ਪੱਤਰ ਵਿੱਚ ਐਸਐਫਜੇ ਨੇ ਦੋਸ਼ ਲਾਇਆ ਕਿ ਅਜਿਹੇ ਕੈਂਪ ਕਥਿਤ ਤੌਰ ’ਤੇ ਨਿਗਰਾਨੀ, ਮੁਖਬਰ ਭਰਤੀ, ਖੁਫੀਆ ਜਾਣਕਾਰੀ ਇਕੱਠੀ ਕਰਨ ਅਤੇ ਟ੍ਰਾਂਸਨੈਸ਼ਨਲ ਦਮਨ ਲਈ ਵਰਤੇ ਜਾ ਸਕਦੇ ਹਨ। ਪੰਨੂ ਨੇ 18 ਜੂਨ 2023 ਨੂੰ ਸਰੀ ਵਿੱਚ ਹਰਦੀਪ ਸਿੰਘ ਨਿੱਝਰ ਦੇ ਕਤਲ ਦਾ ਮੁੱਦਾ ਵੀ ਮੁੜ ਉਠਾਉਂਦਿਆਂ ਕਾਰਨੇ ਸਰਕਾਰ ਤੋਂ ਜਵਾਬਦੇਹੀ ਮੰਗੀ ਹੈ। ਐਸਐਫਜੇ ਨੇ ਦਾਅਵਾ ਕੀਤਾ ਕਿ ਖਾਲਿਸਤਾਨ ਰੈਫਰੈਂਡਮ ਨਾਲ ਜੁੜੇ ਇੰਦਰਜੀਤ ਸਿੰਘ ਗੋਸਲ, ਮਨਜਿੰਦਰ ਸਿੰਘ ਅਤੇ ਨਰਿੰਦਰ ਸਿੰਘ ਰੰਧਾਵਾ ਨੂੰ ਅਜੇ ਵੀ ਜਾਨੀ ਖ਼ਤਰਿਆਂ ਸਬੰਧੀ ਆਰਸੀਐਮਪੀ ਵੱਲੋਂ ਡਿਊਟੀ-ਟੂ-ਵਾਰਨ ਨੋਟਿਸ ਮਿਲ ਰਹੇ ਹਨ। ਐਸਐਫਜੇ ਨੇ 25 ਅਕਤੂਬਰ ਤੋਂ ਸਰੀ ਦੇ ਸ਼੍ਰੀ ਲਕਸ਼ਮੀ ਨਾਰਾਇਣ ਮੰਦਰ ਤੋਂ ਬਰੈਂਪਟਨ ਦੇ ਹਿੰਦੂ ਸਭਾ ਮੰਦਰ ਤੱਕ ਭਾਰਤੀ ਕੌਂਸੁਲਰ ਕੈਂਪਾਂ ਦੇ ਵਿਰੋਧ ਦਾ ਸੱਦਾ ਦਿੱਤਾ ਹੈ। ਪੰਨੂ ਨੇ ਕੈਨੇਡੀਅਨ ਸਿੱਖਾਂ ਨੂੰ ਕਾਨੂੰਨ ਤਹਿਤ ਭਾਰਤੀ ਕੌਂਸੁਲਰ ਅਧਿਕਾਰੀਆਂ ਦੀ “ਸਿਟੀਜ਼ਨਜ਼ ਅਰੈਸਟ” ਕਰਨ ਲਈ ਤਾਲਮੇਲ ਕਰਨ ਦੀ ਅਪੀਲ ਵੀ ਕੀਤੀ ਹੈ। ਉਸ ਨੇ ਮੰਦਰਾਂ ਅਤੇ ਗੁਰਦੁਆਰਿਆਂ ਦੇ ਪ੍ਰਬੰਧਕਾਂ ਨੂੰ ਕਿਹਾ ਕਿ ਧਾਰਮਿਕ ਸਥਾਨਾਂ ਨੂੰ ਕਥਿਤ ਜਾਸੂਸੀ ਅਤੇ ਟ੍ਰਾਂਸਨੈਸ਼ਨਲ ਦਮਨ ਦਾ ਕੇਂਦਰ ਨਾ ਬਣਨ ਦਿੱਤਾ ਜਾਵੇ। 15 ਨਵੰਬਰ ਨੂੰ ਬਰੈਂਪਟਨ ਦੇ ਹਿੰਦੂ ਸਭਾ ਮੰਦਰ ਵਿੱਚ ਮੁੜ ਭਾਰਤੀ ਕੌਂਸੁਲਰ ਕੈਂਪ ਲੱਗਣ ਦੀ ਯੋਜਨਾ ਨੇ ਮਾਮਲੇ ਨੂੰ ਹੋਰ ਭਖਾ ਦਿੱਤਾ ਹੈ।
Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।








