ਨਵੀਂ ਦਿੱਲੀ 25 ਅਕਤੂਬਰ (ਮਨਪ੍ਰੀਤ ਸਿੰਘ ਖਾਲਸਾ):- ਅਖੰਡ ਕੀਰਤਨੀ ਜਥਾ ਦਿੱਲੀ ਦੇ ਮੁੱਖ ਸੇਵਾਦਾਰ ਭਾਈ ਅਰਵਿੰਦਰ ਸਿੰਘ ਰਾਜਾ ਦੇ ਮਾਤਾ ਸਰਦਾਰਨੀ ਰਣਜੀਤ ਕੌਰ, ਜੋ ਬੀਤੀ 20 ਅਕਤੂਬਰ ਨੂੰ ਅਕਾਲ ਚਲਾਣਾ ਕਰ ਗਏ ਸਨ, ਨਮਿਤ ਗੁਰਦੁਆਰਾ ਰਕਾਬ ਗੰਜ ਸਾਹਿਬ ਵਿਖੇ ਹੋਈ ਅੰਤਿਮ ਅਰਦਾਸ ਵਿੱਚ ਹਜ਼ਾਰਾਂ ਸੰਗਤਾਂ ਨੇ ਸ਼ਮੂਲੀਅਤ ਕਰਕੇ ਮਾਤਾ ਜੀ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਮੌਕੇ ਧਾਰਮਿਕ, ਸਮਾਜਿਕ ਅਤੇ ਪੰਥਕ ਖੇਤਰ ਨਾਲ ਸਬੰਧਤ ਸ਼ਖ਼ਸੀਅਤਾਂ ਤੋਂ ਇਲਾਵਾ ਦੂਰ-ਦੁਰਾਡੇ ਤੋਂ ਪੁੱਜੀਆਂ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਮਾਤਾ ਜੀ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕੀਤੀ। ਇਸ ਤੋਂ ਪਹਿਲਾਂ ਮਾਤਾ ਜੀ ਦੀ ਯਾਦ ਵਿੱਚ ਗੁਰਦੁਆਰਾ ਭਾਈ ਜੋਗਾ ਸਿੰਘ ਵਿਖੇ ਵੀਰਵਾਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ ਸਨ, ਜਿਨ੍ਹਾਂ ਦੀ ਸਮਾਪਤੀ ਸ਼ਨੀਵਾਰ ਨੂੰ ਹੋਈ। ਗੁਰਦੁਆਰਾ ਰਕਾਬ ਗੰਜ ਸਾਹਿਬ ਵਿਖ਼ੇ ਸਵੇਰੇ 6 ਵਜੇ ਤੋਂ 11:30 ਵਜੇ ਤੱਕ ਆਸਾ ਕੀ ਵਾਰ ਅਤੇ ਗੁਰਬਾਣੀ ਕੀਰਤਨ ਦਾ ਪ੍ਰਵਾਹ ਚੱਲਿਆ, ਜਿਸ ਉਪਰੰਤ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਸਾਹਿਬ ਵੱਲੋਂ ਅਰਦਾਸ ਕੀਤੀ ਗਈ। ਸਮਾਗਮ ਵਿੱਚ ਪਹੁੰਚੀਆਂ ਸੰਗਤਾਂ ਲਈ ਗੁਰੂ ਕਾ ਅਤੁੱਟ ਲੰਗਰ ਵਰਤਾਇਆ ਗਿਆ। ਅੰਤਿਮ ਅਰਦਾਸ ਉਪਰੰਤ ਭਾਈ ਅਰਵਿੰਦਰ ਸਿੰਘ ਰਾਜਾ ਨੇ ਮਾਤਾ ਰਣਜੀਤ ਕੌਰ ਨੂੰ ਯਾਦ ਕਰਦਿਆਂ ਭਾਵੁਕ ਹੁੰਦੇ ਹੋਏ ਕਿਹਾ ਕਿ ਮਾਤਾ ਜੀ ਦਾ ਜੀਵਨ ਗੁਰਬਾਣੀ, ਸੇਵਾ, ਸਿਮਰਨ ਅਤੇ ਪਰਿਵਾਰਕ ਸੰਸਕਾਰਾਂ ਨੂੰ ਸਮਰਪਿਤ ਰਿਹਾ। ਉਨ੍ਹਾਂ ਕਿਹਾ ਕਿ ਮਾਤਾ ਜੀ ਨੇ ਸਾਰੀ ਉਮਰ ਪਰਿਵਾਰ ਨੂੰ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨਾਲ ਜੋੜ ਕੇ ਰੱਖਿਆ ਅਤੇ ਹਰ ਔਖੀ ਘੜੀ ਵਿੱਚ ਹੌਸਲਾ, ਸਬਰ ਅਤੇ ਚੜ੍ਹਦੀ ਕਲਾ ਦਾ ਸੰਦੇਸ਼ ਦਿੱਤਾ। ਉਨ੍ਹਾਂ ਦੀ ਸਾਦਗੀ, ਨਿਮਰਤਾ ਅਤੇ ਗੁਰਸਿੱਖੀ ਜੀਵਨ-ਜਾਚ ਪਰਿਵਾਰ ਅਤੇ ਨਜ਼ਦੀਕੀ ਸੰਗਤ ਲਈ ਹਮੇਸ਼ਾਂ ਪ੍ਰੇਰਣਾ ਦਾ ਸਰੋਤ ਰਹੇਗੀ। ਭਾਈ ਅਰਵਿੰਦਰ ਸਿੰਘ ਰਾਜਾ ਨੇ ਕਿਹਾ ਕਿ ਮਾਤਾ ਜੀ ਦਾ ਸਰੀਰਕ ਵਿਛੋੜਾ ਪਰਿਵਾਰ ਲਈ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਹੈ, ਪਰ ਉਨ੍ਹਾਂ ਵੱਲੋਂ ਦਿੱਤੇ ਸੰਸਕਾਰ ਅਤੇ ਗੁਰਬਾਣੀ ਨਾਲ ਜੁੜਨ ਦੀ ਪ੍ਰੇਰਣਾ ਸਦਾ ਪਰਿਵਾਰ ਦੇ ਜੀਵਨ ਦਾ ਹਿੱਸਾ ਬਣੀ ਰਹੇਗੀ। ਇਸ ਮੌਕੇ ਸਮੂਹ ਸੰਗਤ ਵੱਲੋਂ ਮਾਤਾ ਜੀ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕੀਤੀ ਗਈ। ਅੰਤ ਵਿੱਚ ਪਰਿਵਾਰ ਵੱਲੋਂ ਅੰਤਿਮ ਅਰਦਾਸ ਵਿੱਚ ਹਾਜ਼ਰੀ ਭਰਨ ਵਾਲੀਆਂ ਸਮੂਹ ਸੰਗਤਾਂ, ਰਿਸ਼ਤੇਦਾਰਾਂ, ਸਨੇਹੀਆਂ ਅਤੇ ਪੰਥਕ ਸ਼ਖ਼ਸੀਅਤਾਂ ਦਾ ਦਿਲੋਂ ਧੰਨਵਾਦ ਕੀਤਾ ਗਿਆ।
Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।








