ਨਵੀਂ ਦਿੱਲੀ, 29 ਅਕਤੂਬਰ (ਮਨਪ੍ਰੀਤ ਸਿੰਘ ਖਾਲਸਾ):- ਮਾਨਸਾ ਨੇੜਲੇ ਭੰਮੇ ਕਲਾਂ ਵਿਖੇ ਚਿੱਟੇ ਦੀ ਕਥਿਤ ਓਵਰਡੋਜ਼ ਨਾਲ ਇੱਕ ਨੌਜਵਾਨ ਦੀ ਮੌਤ ਤੋਂ ਬਾਅਦ ਪੁਲਿਸ ਵੱਲੋਂ ਕੀਤੀ ਕਾਰਵਾਈ ਦੀ ਨਿੰਦਾ ਕਰਦਿਆਂ ਪੰਚ ਪ੍ਰਧਾਨੀ ਜਥੇ ਦੇ ਆਗੂ ਭਾਈ ਨਰਾਇਣ ਸਿੰਘ ਚੌੜਾ, ਭਾਈ ਸਤਨਾਮ ਸਿੰਘ ਖੰਡਾ ਅਤੇ ਬਾਬਾ ਹਰਦੀਪ ਸਿੰਘ ਮਹਿਰਾਜ ਨੇ ਕਿਹਾ ਕਿ ਪੁਲਿਸ ਵੱਲੋਂ ਕਥਿਤ ਤੌਰ ’ਤੇ ਤਸੱਦਦ ਕਰਕੇ ਲਾਸ਼ ਆਪਣੇ ਕਬਜ਼ੇ ਵਿੱਚ ਲੈਣ ਅਤੇ ਸੰਘਰਸ਼ ਕਰ ਰਹੇ ਨੌਜਵਾਨਾਂ ’ਤੇ ਇਰਾਦਾ ਕਤਲ ਦੇ ਕੇਸ ਦਰਜ ਕਰਨਾ ਬੇਹੱਦ ਨਿੰਦਣਯੋਗ ਹੈ। ਉਨ੍ਹਾਂ ਮੰਗ ਕੀਤੀ ਕਿ ਗ੍ਰਿਫ਼ਤਾਰ ਨੌਜਵਾਨਾਂ ’ਤੇ ਦਰਜ ਮਾਮਲੇ ਤੁਰੰਤ ਵਾਪਸ ਲਏ ਜਾਣ ਅਤੇ ਪੂਰੇ ਮਾਮਲੇ ਦੀ ਨਿਰਪੱਖ ਜਾਂਚ ਕਰਵਾਈ ਜਾਵੇ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਸਰਕਾਰ ਦੇ ਦਾਅਵਿਆਂ ਦੇ ਬਾਵਜੂਦ ਪੰਜਾਬ ਵਿੱਚ ਨਸ਼ੇ ਕਾਰਨ ਹੋ ਰਹੀਆਂ ਮੌਤਾਂ ਅਤੇ ਨਸ਼ਾ ਵਿਰੋਧੀ ਆਵਾਜ਼ ਉਠਾਉਣ ਵਾਲਿਆਂ ਖ਼ਿਲਾਫ਼ ਕਾਰਵਾਈ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਖੜ੍ਹੇ ਕਰਦੀ ਹੈ। ਆਗੂਆਂ ਨੇ ਭਗਵੰਤ ਮਾਨ ਸਰਕਾਰ ਨੂੰ ਪਿਛਲੀਆਂ ਸਰਕਾਰਾਂ ਦੇ ਹਸ਼ਰ ਤੋਂ ਸਬਕ ਲੈਣ ਦੀ ਚਿਤਾਵਨੀ ਦਿੰਦਿਆਂ ਕਿਹਾ ਕਿ ਸਰਕਾਰੀ ਜਬਰ ਨਾਲ ਲੋਕਾਂ ਦੀ ਆਵਾਜ਼ ਨੂੰ ਦਬਾਇਆ ਨਹੀਂ ਜਾ ਸਕਦਾ। ਉਨ੍ਹਾਂ ਪੰਜਾਬ ਵਾਸੀਆਂ ਨੂੰ ਮਾਨਸਾ ਮੋਰਚੇ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਕਰਕੇ ਸਹਿਯੋਗ ਦੇਣ ਦੀ ਅਪੀਲ ਕੀਤੀ।
Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।








