Home » ਨਵੀਂ ਦਿੱਲੀ » ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਗੁਰੂ ਨਾਨਕ ਦੇਵ ਜੀ ਦਾ 557ਵਾਂ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਗੁਰੂ ਨਾਨਕ ਦੇਵ ਜੀ ਦਾ 557ਵਾਂ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

SHARE ARTICLE

18 Views

 

👉 ਗੁਰੂ ਨਾਨਕ ਸਾਹਿਬ ਨੇ ਮਨੁੱਖਤਾ ਦੀ ਸੇਵਾ, ਕਿਰਤ ਕਰਨ, ਨਾਮ ਜਪਣ ਤੇ ਵੰਡ ਛਕਣ ਦਾ ਦਿੱਤਾ ਸੰਦੇਸ਼: ਕਾਲਕਾ, ਕਾਹਲੋਂ

ਨਵੀਂ ਦਿੱਲੀ, 24 ਨਵੰਬਰ (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਕਮੇਟੀ ਅਧੀਨ ਵੱਖ-ਵੱਖ ਗੁਰਦੁਆਰਾ ਸਾਹਿਬਾਨ ਵਿਖੇ ਗੁਰਮਤਿ ਸਮਾਗਮ ਕਰਵਾਏ ਗਏ। ਮੁੱਖ ਸਮਾਗਮ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਹੋਇਆ, ਜਿੱਥੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਹਾਜ਼ਰੀ ਭਰੀ ਅਤੇ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ।
ਇਸ ਮੌਕੇ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਸੰਗਤਾਂ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਮਨੁੱਖਤਾ ਦੀ ਸੇਵਾ, ਦਸਾਂ ਨਹੁੰਆਂ ਦੀ ਕਿਰਤ, ਨਾਮ ਜਪਣ, ਕਿਰਤ ਕਰਨ ਅਤੇ ਵੰਡ ਛਕਣ ਦਾ ਸੰਦੇਸ਼ ਦਿੱਤਾ। ਗੁਰੂ ਸਾਹਿਬ ਨੇ ਸੱਚ ਦੇ ਮਾਰਗ ’ਤੇ ਚੱਲਣ ਅਤੇ ਦਸਵੰਧ ਕੱਢ ਕੇ ਲੋੜਵੰਦਾਂ ਦੀ ਸਹਾਇਤਾ ਕਰਨ ਦੀ ਸਿੱਖਿਆ ਦਿੱਤੀ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਨੇ ਔਰਤ ਨੂੰ ਬਰਾਬਰ ਦਾ ਸਤਿਕਾਰ ਦਿੰਦਿਆਂ ਸਮਾਜ ਵਿੱਚ ਉਸ ਦੇ ਉੱਚੇ ਸਥਾਨ ਦਾ ਸੰਦੇਸ਼ ਦਿੱਤਾ। ਆਗੂਆਂ ਨੇ ਦੱਸਿਆ ਕਿ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਨਾਲ-ਨਾਲ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 350ਵੇਂ ਸ਼ਹੀਦੀ ਦਿਹਾੜੇ ਦੇ ਸਮਾਪਤੀ ਸਮਾਗਮਾਂ ਸਬੰਧੀ ਵੀ ਵਿਸ਼ੇਸ਼ ਪ੍ਰੋਗਰਾਮ ਉਲੀਕੇ ਗਏ ਹਨ। 27 ਨਵੰਬਰ ਨੂੰ ਗੁਰਦੁਆਰਾ ਸੀਸਗੰਜ ਸਾਹਿਬ ਵਿਖੇ ਕਵੀ ਦਰਬਾਰ ਕਰਵਾਇਆ ਜਾਵੇਗਾ, ਜਦਕਿ 29 ਨਵੰਬਰ ਨੂੰ ਗੁਰੂ ਕੇ ਤਾਲ, ਆਗਰਾ ਤੋਂ ਨਗਰ ਕੀਰਤਨ ਦਿੱਲੀ ਪਹੁੰਚੇਗਾ। ਉਨ੍ਹਾਂ ਸੰਗਤਾਂ ਨੂੰ ਨਗਰ ਕੀਰਤਨ ਦਾ ਥਾਂ-ਥਾਂ ਭਰਵਾਂ ਸਵਾਗਤ ਕਰਨ ਦੀ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ 30 ਨਵੰਬਰ ਤੋਂ 6 ਦਸੰਬਰ ਤੱਕ ਗੁਰੂ ਸਾਹਿਬ ਦੀਆਂ ਪਵਿੱਤਰ ਨਿਸ਼ਾਨੀਆਂ ਦੇ ਦਰਸ਼ਨਾਂ ਲਈ ਦਿੱਲੀ ਦੇ ਵੱਖ-ਵੱਖ ਇਲਾਕਿਆਂ ਵਿੱਚ ਨਗਰ ਕੀਰਤਨ ਸਜਾਏ ਜਾਣਗੇ। 7 ਦਸੰਬਰ ਨੂੰ ਵਰਲਡ ਸਿੱਖ ਕਨਕਲੇਵ ਕਰਵਾਈ ਜਾਵੇਗੀ, ਜਿਸ ਵਿੱਚ ਦੁਨੀਆ ਭਰ ਵਿੱਚ ਨਾਮਣਾ ਖੱਟਣ ਵਾਲੀਆਂ ਸਿੱਖ ਸ਼ਖ਼ਸੀਅਤਾਂ ਨੂੰ ਸਨਮਾਨਿਤ ਕੀਤਾ ਜਾਵੇਗਾ। ਇਸ ਤੋਂ ਇਲਾਵਾ 12 ਤੋਂ 14 ਦਸੰਬਰ ਤੱਕ ਲਾਲ ਕਿਲ੍ਹੇ ਵਿਖੇ ਵਿਸ਼ੇਸ਼ ਸਮਾਗਮ ਅਤੇ ਲਾਈਟ ਐਂਡ ਸਾਊਂਡ ਸ਼ੋਅ ਕਰਵਾਏ ਜਾਣਗੇ। 14 ਦਸੰਬਰ ਨੂੰ ਗੁਰਦੁਆਰਾ ਸੀਸਗੰਜ ਸਾਹਿਬ ਤੋਂ ਗੁਰਦੁਆਰਾ ਰਕਾਬਗੰਜ ਸਾਹਿਬ ਤੱਕ ਨਗਰ ਕੀਰਤਨ ਸਜਾਇਆ ਜਾਵੇਗਾ ਅਤੇ 15 ਦਸੰਬਰ ਨੂੰ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਵਿਸ਼ੇਸ਼ ਦੀਵਾਨ ਸਜਾਏ ਜਾਣਗੇ। ਇਸ ਮੌਕੇ ਆਗੂਆਂ ਨੇ ਬਾਬਾ ਬਚਨ ਸਿੰਘ ਜੀ ਕਾਰ ਸੇਵਾ ਵਾਲਿਆਂ ਵੱਲੋਂ ਕੀਤੀਆਂ ਜਾ ਰਹੀਆਂ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਦੱਸਿਆ ਕਿ ਗੁਰਦੁਆਰਾ ਬੰਗਲਾ ਸਾਹਿਬ ਅਤੇ ਗੁਰਦੁਆਰਾ ਸੀਸਗੰਜ ਸਾਹਿਬ ਦੇ ਕਲਸ਼ਾਂ ’ਤੇ ਸੋਨਾ ਲਗਾਉਣ ਦੀ ਸੇਵਾ ਮੁੜ ਸ਼ੁਰੂ ਕੀਤੀ ਜਾ ਰਹੀ ਹੈ, ਜਿਸ ਦੀ ਜ਼ਿੰਮੇਵਾਰੀ ਬਾਬਾ ਬਚਨ ਸਿੰਘ ਜੀ ਨੂੰ ਸੌਂਪੀ ਜਾ ਰਹੀ ਹੈ। ਉਨ੍ਹਾਂ ਸੰਗਤਾਂ ਨੂੰ ਇਸ ਸੇਵਾ ਵਿੱਚ ਵੱਧ-ਚੜ੍ਹ ਕੇ ਯੋਗਦਾਨ ਪਾਉਣ ਦੀ ਅਪੀਲ ਕੀਤੀ।

khireyapunjab
Author: khireyapunjab

Leave a Reply

Your email address will not be published. Required fields are marked *

Latest News