
ਡੈਨਹਾਗ 25 ਨਵੰਬਰ (ਸੰਦੀਪ ਸਿੰਘ ਖਾਲੜਾ) ਧੰਨ ਧੰਨ ਬਾਬਾ ਦੀਪ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਗੁਰਦੁਆਰਾ ਸਿੰਘ ਸਭਾ, ਡੈਨਹਾਗ, ਹਾਲੈਂਡ ਵਿਖੇ ਬੀਬੀਆਂ ਵੱਲੋਂ ਬਹੁਤ ਹੀ ਸ਼ਰਧਾ ਅਤੇ ਉਤਸ਼ਾਹ ਨਾਲ ਕਰਵਾਇਆ ਗਿਆ। 15 ਨਵੰਬਰ 2026 ਨੂੰ ਕਰਵਾਏ ਗਏ ਇਸ ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਸ਼ਮੂਲੀਅਤ ਕਰਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ।
ਸਮਾਗਮ ਦੀ ਆਰੰਭਤਾ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਨਾਲ ਹੋਈ, ਜਿਸ ਦੀ ਸੇਵਾ ਸਮੂਹ ਬੀਬੀਆਂ ਦੇ ਜੱਥੇ ਵੱਲੋਂ ਨਿਭਾਈ ਗਈ। ਉਪਰੰਤ ਸਥਾਨਕ ਕੀਰਤਨੀ ਜੱਥਿਆਂ ਵੱਲੋਂ ਗੁਰਬਾਣੀ ਦਾ ਰਸਭਿੰਨਾ ਕੀਰਤਨ ਕੀਤਾ ਗਿਆ ਅਤੇ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ ਗਿਆ।
ਇਸ ਮੌਕੇ ਵਿਸ਼ੇਸ਼ ਤੌਰ ’ਤੇ ਪਹੁੰਚੇ ਰਾਗੀ ਜੱਥਾ ਭਾਈ ਮਨਜੀਤ ਸਿੰਘ ਜੀ ਪਠਾਨਕੋਟ ਵਾਲਿਆਂ ਨੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਉਨ੍ਹਾਂ ਨੇ ਗੁਰਬਾਣੀ ਦੇ ਰਸਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਸਾਹਿਬਾਨ ਵੱਲੋਂ ਦਰਸਾਏ ਸਿੱਖੀ ਸਿਧਾਂਤਾਂ ਅਤੇ ਸ਼ਹਾਦਤਾਂ ਦੇ ਮਹਾਨ ਇਤਿਹਾਸ ਨਾਲ ਜੋੜਿਆ।
ਜ਼ਿਕਰਯੋਗ ਹੈ ਕਿ ਇਸ ਸਮਾਗਮ ਦਾ ਮੁੱਖ ਉਦੇਸ਼ ਬਾਬਾ ਦੀਪ ਸਿੰਘ ਜੀ ਦੀ ਲਾਸਾਨੀ ਸ਼ਹਾਦਤ ਨੂੰ ਯਾਦ ਕਰਨਾ ਅਤੇ ਗੁਰਮਤਿ ਵਿਚਾਰਾਂ ਦਾ ਪ੍ਰਚਾਰ ਤੇ ਪ੍ਰਸਾਰ ਕਰਨਾ ਸੀ। ਸਮੂਹ ਬੀਬੀਆਂ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਕੀਤੇ ਗਏ ਇਸ ਉਪਰਾਲੇ ਦੀ ਸੰਗਤਾਂ ਵੱਲੋਂ ਭਰਪੂਰ ਸ਼ਲਾਘਾ ਕੀਤੀ ਗਈ। ਅੰਤ ਵਿੱਚ ਗੁਰੂ ਘਰ ਦੀਆਂ ਸੰਗਤਾਂ ਦਾ ਧੰਨਵਾਦ ਕੀਤਾ ਗਿਆ ਅਤੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।
ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਹਾਜ਼ਰੀ ਭਰ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ। ਸਮਾਗਮ ਦੌਰਾਨ ਸਮੂਹ ਬੀਬੀਆਂ ਦੇ ਜੱਥੇ ਵੱਲੋਂ ਵਿਸ਼ੇਸ਼ ਸੇਵਾਵਾਂ ਨਿਭਾਈਆਂ ਗਈਆਂ, ਜਿਸ ਵਿੱਚ ਬੀਬੀ ਕਲਵਿੰਦਰ ਕੌਰ ਜੀ ਗਾਖਲ, ਬੀਬੀ ਬਲਵਿੰਦਰ ਕੌਰ, ਬੀਬੀ ਸੁਰਿੰਦਰ ਕੌਰ, ਬੀਬੀ ਸ਼ਲਿੰਦਰ ਕੌਰ, ਰਾਣੀ ਮਾਤਾ ਜੀ ਅਤੇ ਸਮੂਹ ਬੀਬੀਆਂ ਦੇ ਜੱਥੇ ਨੇ ਆਪਣਾ ਅਹਿਮ ਯੋਗਦਾਨ ਪਾਇਆ। ਇਸ ਤੋਂ ਇਲਾਵਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਮੂਹ ਮੈਂਬਰ ਅਤੇ ਟਰੱਸਟੀ ਸਾਹਿਬਾਨ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ। ਸਮੂਹ ਸੰਗਤਾਂ, ਸੇਵਾਦਾਰਾਂ ਅਤੇ ਪ੍ਰਬੰਧਕਾਂ ਦੇ ਸਹਿਯੋਗ ਨਾਲ ਇਹ ਸਮਾਗਮ ਬਹੁਤ ਹੀ ਸੁਚੱਜੇ ਅਤੇ ਸ਼ਰਧਾਪੂਰਵਕ ਢੰਗ ਨਾਲ ਸੰਪੰਨ ਹੋਇਆ।







