65 Views
ਜਥੇਦਾਰ ਗੁਰਦੇਵ ਸਿੰਘ ਕਾਉਂਕੇ ਕਤਲ ਮਾਮਲਾ: ਹਾਈ ਕੋਰਟ ਵੱਲੋਂ ਪੰਜਾਬ ਸਰਕਾਰ ਤੇ ਸਬੰਧਤ ਤਤਕਾਲੀ ਪੁਲਿਸ ਅਧਿਕਾਰੀਆਂ ਨੂੰ ਨੋਟਿਸ
-ਸ਼੍ਰੋਮਣੀ ਕਮੇਟੀ ਦੇ ਸਹਿਯੋਗ ਨਾਲ ਜਥੇਦਾਰ ਕਾਉਂਕੇ ਦੇ ਪਰਿਵਾਰ ਵੱਲੋਂ ਹਾਈ ਕੋਰਟ ’ਚ ਪਾਈ ਗਈ ਸੀ ਪਟੀਸ਼ਨ
ਚੰਡੀਗੜ੍ਹ, 5 ਫ਼ਰਵਰੀ-ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਜਥੇਦਾਰ ਗੁਰਦੇਵ ਸਿੰਘ ਕਾਉਂਕੇ ਦੇ ਕਤਲ ਮਾਮਲੇ ਵਿੱਚ ਪੰਜਾਬ ਪੁਲਿਸ ਦੇ ਸਬੰਧਤ ਤਤਕਾਲੀ ਅਧਿਕਾਰੀਆਂ ਅਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ 9 ਅਪ੍ਰੈਲ 2024 ਨੂੰ ਅਗਲੀ ਸੁਣਵਾਈ ਤੈਅ ਕੀਤੀ ਹੈ। ਮਾਨਯੋਗ ਉੱਚ ਅਦਾਲਤ ਵਿੱਚ ਜਥੇਦਾਰ ਕਾਉਂਕੇ ਦੇ ਪਰਿਵਾਰ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਇਹ ਪਟੀਸ਼ਨ ਸੀਨੀਅਰ ਐਡਵੋਕਟ ਸ. ਪੂਰਨ ਸਿੰਘ ਹੁੰਦਲ ਰਾਹੀਂ ਦਾਇਰ ਕੀਤੀ ਗਈ ਸੀ।
ਇਸ ਬਾਰੇ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਮੈਂਬਰ ਅਤੇ ਕਾਨੂੰਨੀ ਵਿੰਗ ਦੇ ਮੁਖੀ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਨੇ ਦੱਸਿਆ ਕਿ ਜਥੇਦਾਰ ਗੁਰਦੇਵ ਸਿੰਘ ਕਾਉਂਕੇ ਦੇ ਕਤਲ ਸਬੰਧੀ ਸਾਬਕਾ ਆਈਪੀਐੱਸ ਬੀਪੀ ਤਿਵਾੜੀ ਦੀ ਰਿਪੋਰਟ ਸਾਹਮਣੇ ਆਉਣ ਮਗਰੋਂ ਮਾਨਯੋਗ ਉੱਚ ਅਦਾਲਤ ਵਿੱਚ ਪਾਈ ਪਟੀਸ਼ਨ ’ਤੇ ਅੱਜ ਅਹਿਮ ਸੁਣਵਾਈ ਹੋਈ ਹੈ, ਜਿਸ ਤਹਿਤ ਪੰਜਾਬ ਸਰਕਾਰ ਅਤੇ ਸਬੰਧਤ ਪੁਲਿਸ ਅਧਿਕਾਰੀਆਂ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿੱਚ ਤਤਕਾਲੀ ਪੁਲਿਸ ਅਫ਼ਸਰਾਂ ਵੱਲੋਂ ਮਾਨਯੋਗ ਉੱਚ ਅਦਾਲਤ ਅੰਦਰ ਉਸ ਸਮੇਂ ਗਲਤ ਹਲਫਨਾਮੇ ਦਾਇਰ ਕਰਕੇ ਇਹ ਕਿਹਾ ਗਿਆ ਸੀ ਕਿ ਜਥੇਦਾਰ ਕਾਉਂਕੇ ਪੁਲਿਸ ਹਿਰਾਸਤ ਵਿੱਚ ਨਹੀਂ ਹਨ। ਇਸ ਨੂੰ ਚੁਣੌਤੀ ਦਿੰਦਿਆਂ ਜਥੇਦਾਰ ਕਾਉਂਕੇ ਦੇ ਪਰਿਵਾਰ ਰਾਹੀਂ ਪਾਈ ਪਟੀਸ਼ਨ ’ਤੇ ਉੱਚ ਅਦਾਲਤ ਨੇ ਮਾਮਲੇ ’ਤੇ ਸੁਣਵਾਈ ਸ਼ੁਰੂ ਕਰਦਿਆਂ ਨੋਟਿਸ ਜਾਰੀ ਕੀਤੇ ਹਨ। ਇਸ ਮਾਮਲੇ ਦੀ ਅਗਲੀ ਸੁਣਵਾਈ 9 ਅਪ੍ਰੈਲ 2024 ਨਿਰਧਾਰਿਤ ਕੀਤੀ ਗਈ ਹੈ।
ਐਡਵੋਕੇਟ ਸਿਆਲਕਾ ਨੇ ਦੱਸਿਆ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਕਾਨੂੰਨੀ ਮਾਹਰਾਂ ਦੀ 5-ਮੈਂਬਰੀ ਕਮੇਟੀ ਬਣਾ ਕੇ ਪੈਰਵਾਈ ਦੀ ਜੁੰਮੇਵਾਰੀ ਸੌਂਪੀ ਸੀ, ਜਿਸ ਤਹਿਤ ਕਾਰਵਾਈ ਅੱਗੇ ਵਧਾਈ ਜਾ ਰਹੀ ਹੈ।
Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।