ਜਰਮਨੀ 19 ਜੁਲਾਈ (ਖਿੜਿਆ ਪੰਜਾਬ) ਵਰਲਡ ਸਿੱਖ ਪਾਰਲੀਮੈਂਟ ਨੇ ਮਨੁੱਖੀ ਅਧਿਕਾਰਾਂ ਅਤੇ ਸਿੱਖ ਸਿਧਾਂਤਾਂ ਦੇ ਰਾਖੇ, ਸਿਦਕੀ ਤੇ ਸਿਰੜੀ, ਪੰਥ-ਪੰਜਾਬ ਲਈ ਜੂਝਣ ਵਾਲੇ ਸ੍ਰ: ਜਸਪਾਲ ਸਿੰਘ ਹੇਰਾਂ ਦੇ ਬੇਵਕਤੀ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦੀ ਹੈ। ‘ਪਹਿਰੇਦਾਰ’ ਅਖਬਾਰ ਦੇ ਸੰਸਥਾਪਕ ਅਤੇ ਸੰਪਾਦਕ, 67 ਸਾਲਾ ਸ੍ਰ: ਜਸਪਾਲ ਸਿੰਘ ਹੇਰਾਂ ਦੇ ਜਾਣ ਨਾਲ ਪੰਜਾਬੀ ਪੱਤਰਕਾਰੀ ਅਤੇ ਸਿੱਖ ਕੌਮ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।
ਸ੍ਰ: ਜਸਪਾਲ ਸਿੰਘ ਹੇਰਾਂ ਨੂੰ ਹਾਲ ਹੀ ਦੇ ਸਾਲਾਂ ਵਿੱਚ ਸਿਹਤ ਦੀਆਂ ਗੰਭੀਰ ਚੁਣੌਤੀਆਂ ਦਾ ਸਾਹਮਣਾ ਕਰਨਾ ਪਿਆ ਸੀ । ਵਰਲਡ ਸਿੱਖ ਪਾਰਲੀਮੈਂਟ ਦੇ ਵਰਲਡ ਸਿੱਖ ਪਾਰਲੀਮੈਂਟ ਦੇ ਕੋਆਰਡੀਨੇਟਰ ਭਾਈ ਹਿੰਮਤ ਸਿੰਘ ਅਮਰੀਕਾ, ਕੋ-ਕੋਅਰਡੀਨੇਟਰ ਭਾਈ ਗੁਰਚਰਨ ਸਿੰਘ ਗੁਰਾਇਆ ਜਰਮਨੀ, ਮੁੱਖ ਬੁਲਾਰੇ ਭਾਈ ਜੋਗਾ ਸਿੰਘ, ਜਨਰਲ ਸਕੱਤਰ ਭਾਈ ਮਨਪ੍ਰੀਤ ਸਿੰਘ ਇੰਗਲੈਂਡ, ਜਰਮਨੀ ਤੋਂ ਭਾਈ ਗੁਰਪਾਲ ਸਿੰਘ, ਭਾਈ ਜਤਿੰਦਰ ਸਿੰਘ, ਹਾਲੈਂਡ ਤੋਂ ਭਾਈ ਜਸਵਿੰਦਰ ਸਿੰਘ, ਭਾਈ ਹਰਜੀਤ ਸਿੰਘ, ਹਰਜੋਤ ਸਿੰਘ ਸੰਧੂ, ਫਰਾਂਸ ਤੋਂ ਭਾਈ ਸਤਨਾਮ ਸਿੰਘ, ਭਾਈ ਸ਼ਿਗਾਰਾ ਸਿੰਘ ਮਾਨ ਅਤੇ ਭਾਈ ਕੁਲਦੀਪ ਸਿੰਘ ਬੈਲਜੀਅਮ ਨੇ ਕਿਹਾ ਕਿ ਭਾਈ ਜਸਪਾਲ ਸਿੰਘ ਹੇਰਾਂ ਅਨੇਕਾਂ ਚੁਣੌਤੀਆਂ ਦੇ ਬਾਵਜੂਦ ਉਹ ਆਪਣੀ ਪੱਤਰਕਾਰੀ ਰਾਹੀਂ ਸਿੱਖੀ ਕਦਰਾਂ-ਕੀਮਤਾਂ ਦੀ ਰਾਖੀ ਅਤੇ ਪੰਥ ਦੇ ਬੋਲ ਬਾਲੇ ਦੇ ਕਰਨ ਦੇ ਆਪਣੇ ਮਿਸ਼ਨ ਵਿੱਚ ਅਡੋਲ ਰਹੇ। ਸੰਨ 2000 ਵਿੱਚ ਸਥਾਪਿਤ, ‘ਪਹਿਰੇਦਾਰ’ ਅਖਬਾਰ ਹੇਰਾਂ ਸਾਹਿਬ ਲਈ ਸਿਰਫ਼ ਇੱਕ ਅਖ਼ਬਾਰ ਨਹੀਂ ਸੀ ਬਲਕਿ ਸਿੱਖ ਸਿਧਾਂਤਾਂ ਅਤੇ ਗੁਰੂ ਗ੍ਰੰਥ ਸਾਹਿਬ ਦੀਆਂ ਸਿੱਖਿਆਵਾਂ ਨੂੰ ਵਿਸ਼ਵ ਭਰ ਵਿੱਚ ਫੈਲਾਉਣ ਦਾ ਇੱਕ ਮਿਸ਼ਨ ਸੀ। ਉਹ ਪੰਥ ਦੀ ਚੜ੍ਹਦੀ ਕਲਾ ਅਤੇ ਸਿੱਖ ਕੌਮ ਦੀ ਅਜ਼ਾਦੀ ਦੇ ਮੁਦੱਈ ਸਨ ਅਤੇ ਇਹਨਾਂ ਵਿਸ਼ਿਆਂ ਉੱਤੇ ਬੇਬਾਕ ਹੋ ਕੇ ਲਿਖਦੇ ਸਨ । ਉਹਨਾਂ ਨੂੰ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਕਰਨ ਕਰਕੇ ਬਾਦਲ ਸਰਕਾਰ ਅਤੇ ਕਾਂਗਰਸ ਸਰਕਾਰ ਦੋਵਾਂ ਤੋਂ ਜ਼ੁਲਮ ਦਾ ਸਾਹਮਣਾ ਕਰਨਾ ਪਿਆ। 2015 ਵਿੱਚ, ਉਹਨਾਂ ਨੂੰ ਭਾਈ ਸੂਰਤ ਸਿੰਘ ਦੀ ਭੁੱਖ ਹੜਤਾਲ ਦੌਰਾਨ ਬਾਦਲ ਸਰਕਾਰ ਨੇ ਗ੍ਰਿਫਤਾਰ ਕਰ ਲਿਆ ਸੀ । ਮੌਜੂਦਾ ਬੀ ਜੇ ਪੀ ਸਰਕਾਰ ਨੇ ਉਹਨਾਂ ਦੀਆਂ ਗਤੀਵਿਧੀਆਂ ਉੱਤੇ ਅੱਖ ਰੱਖਣ ਲਈ ਉਹਨਾਂ ਦੇ ਫੋਨ ਦੀ ‘ਪੈਗਾਸਿਸ’ ਰਾਹੀਂ ਨਿਗਰਾਨੀ ਵੀ ਕੀਤੀ ਜਾਂਦੀ ਰਹੀ ਸੀ ਜਿਸ ਤੋਂ ਹੇਰਾਂ ਸਾਹਿਬ ਦੀ ਸੋਚ ਤੋਂ ਸਰਕਾਰਾਂ ਨੂੰ ਲਗਦੇ ਡਰ ਦਾ ਪਤਾ ਲਗਦਾ ਹੈ । ਸ੍ਰ: ਜਸਪਾਲ ਸਿੰਘ ਹੇਰਾਂ ਦਾ ਤੁਰ ਜਾਣਾ ਮਨੁੱਖੀ ਅਧਿਕਾਰਾਂ ਅਤੇ ਸਿੱਖ ਪੰਥ ਨੂੰ ਸਮਰਪਿਤ ਸੰਸਥਾਵਾਂ ਲਈ ਨਾ ਪੂਰਾ ਹੋਣ ਵਾਲਾ ਘਾਟਾ ਹੈ। ਵਰਲਡ ਸਿੱਖ ਪਾਰਲੀਮੈਂਟ ਭਾਈ ਹੇਰਾਂ ਦੇ ਮਿਸ਼ਨ ਅਤੇ ਵਿਰਾਸਤ ਨੂੰ ਕਾਇਮ ਰੱਖਣ ਨੂੰ ਯਕੀਨੀ ਬਣਾਉਣ ਲਈ ‘ਪਹਿਰੇਦਾਰ’ ਅਖਬਾਰ ਦਾ ਸਮਰਥਨ ਕਰਨਾ ਜਾਰੀ ਰੱਖਣ ਦੀ ਮਹੱਤਤਾ ‘ਤੇ ਜ਼ੋਰ ਦਿੰਦੀ ਹੈ।
ਵਰਲਡ ਸਿੱਖ ਪਾਰਲੀਮੈਂਟ ਸ੍ਰ: ਜਸਪਾਲ ਸਿੰਘ ਹੇਰਾਂ ਦੇ ਪਰਿਵਾਰ ਦੀ ਇਸ ਦੁੱਖ ਦੀ ਘੜੀ ਵਿੱਚ ਸ਼ਰੀਕ ਹੈ ਅਤੇ ਸਾਡੀ ਗੁਰੂ ਚਰਨਾਂ ਵਿੱਚ ਅਰਦਾਸ ਹੈ ਕਿ ਸ੍ਰ: ਜਸਪਾਲ ਸਿੰਘ ਹੇਰਾਂ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ।
Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।