ਮੁੱਖ ਖੇਤੀਬਾੜੀ ਅਫ਼ਸਰ ਡਾ. ਹਰਪਾਲ ਸਿੰਘ ਪਨੂੰ ਨੇ ਕਣਕ ਵਿੱਚ ਤਣੇ ਦੀ ਗੁਲਾਬੀ ਸੁੰਡੀ ਅਤੇ ਸੈਨਿਕ ਸੁੰਡੀ (ਆਰਮੀ ਵਰਮ) ਦੀ ਰੋਕਥਾਮ ਲਈ ਕਿਸਾਨ ਭਰਾਵਾਂ ਨੂੰ ਦਿੱਤੇ ਸੁਝਾਅ
ਤਰਨ ਤਾਰਨ, 03 ਦਸੰਬਰ (ਗੁਰਪ੍ਰੀਤ ਸਿੰਘ ਸੈਡੀ)
ਜਿਲਾ ਤਰਨਤਾਰਨ ਦੇ ਮੁੱਖ ਖੇਤੀਬਾੜੀ ਅਫ਼ਸਰ ਡਾ. ਹਰਪਾਲ ਸਿੰਘ ਪਨੂੰ ਨੇ ਪੈ੍ਸ ਰਾਹੀਂ ਕਣਕ ਵਿੱਚ ਤਣੇ ਦੀ ਗੁਲਾਬੀ ਸੁੰਡੀ ਅਤੇ ਸੈਨਿਕ ਸੁੰਡੀ (ਆਰਮੀ ਵਰਮ) ਦੀ ਰੋਕਥਾਮ ਲਈ ਕਿਸਾਨ ਭਰਾਵਾਂ ਨੂੰ ਸੁਝਾਅ ਦਿੱਤੇ। ਉਹਨਾ ਕਿਹਾ ਕਿ ਤਣੇ ਦੀ ਗੁਲਾਬੀ ਸੁੰਡੀ ਮਾਰਚ-ਅਪ੍ਰੈਲ ਤੋਂ ਨਵੰਬਰ ਤੱਕ ਝੋਨੇ – ਬਾਸਮਤੀ ਤੇ ਪਲਦੀ ਹੈ। ਇਸ ਤੋਂ ਬਾਅਦ ਇਹ ਕਣਕ ਤੇ ਚਲੀ ਜਾਂਦੀ ਹੈ। ਇਹ ਉੱਗਦੀ ਕਣਕ ਦਾ ਜ਼ਿਆਦਾ ਨੁਕਸਾਨ ਕਰਦੀ ਹੈ। ਇਹ ਸੁੰਡੀ ਗੋਭ ਵਿੱਚ ਵੜ ਜਾਂਦੀ ਅਤੇ ਤਣੇ ਨੂੰ ਅੰਦਰੋਂ – ਅੰਦਰ ਖਾਂਦੀ ਹੈ। ਇਸ ਨਾਲ ਬੂਟੇ ਪੀਲੇ ਪੈ ਕੇ ਸੁੱਕ ਜਾਂਦੇ ਹਨ ਅਤੇ ਅਖੀਰ ਵਿੱਚ ਮਰ ਜਾਂਦੇ ਹਨ।
ਜੇਕਰ ਪਿਛਲੀ ਝੋਨੇ – ਬਾਸਮਤੀ ਦੀ ਫਸਲ਼ ਉਪਰ ਤਣੇ ਦੀ ਗੁਲਾਬੀ ਸੁੰਡੀ ਦਾ ਹਮਲਾ ਜ਼ਿਆਦਾ ਹੋਵੇ ਤਾਂ ਅਗੇਤੀ ਬਿਜਾਈ ਤੋਂ ਗੁਰੇਜ਼ ਕਰੋ। ਕਣਕ ਨੂੰ ਦਿਨੇ ਪਾਣੀ ਲਗਾੳ ਤਾਂ ਜੋ ਪੰਛੀ ਵੱਧ ਤੋ ਵੱਧ ਸੁੰਡੀਆਂ ਚੁੱਗ ਸਕਣ।
ਇਸ ਦੀ ਰੋਕਥਾਮ ਲਈ ਜੇਕਰ ਹਮਲਾ ਜ਼ਿਆਦਾ ਹੋਵੇ ਤਾਂ 7 ਕਿਲੋ ਮੋਰਟੈਲ ਰੀਜੈਂਟ 0.3 ਜੀ (ਫਿਪਰੋਨਿਲ) ਜਾਂ 1 ਲਿਟਰ ਡਰਸਬਾਨ 20 ਈ ਸੀ (ਕਲੋਰਪਾਈਰੀਫਾਸ) ਨੂੰ 20 ਕਿਲੋ ਸਲਾਬੀ ਮਿੱਟੀ ਨਾਲ ਰਲਾ ਕੇ ਪ੍ਰਤੀ ਏਕੜ ਦੇ ਹਿਸਾਬ ਨਾਲ ਪਹਿਲਾ ਪਾਣੀ ਲਗਾਉਂਣ ਤੋ ਪਹਿਲਾਂ ਛੱਟਾ ਦੇਵੋ। ਇਸ ਦੇ ਬਦਲ ਵਿੱਚ 50 ਮਿਲੀਲਿਟਰ ਪ੍ਰਤੀ ਏਕੜ ਕੋਰਾਜਨ 18.5 ਐਸ ਸੀ (ਕਲੋਰਐਂਟਰਾਨਿਲੀਪਰੋਲ) ਨੂੰ 80-100 ਲਿਟਰ ਪਾਣੀ ਵਿੱਚ ਘੋਲ ਕੇ ਨੈਪਸੈਕ ਪੰਪ ਨਾਲ ਛਿੜਕਾਅ ਕਰੋ।
ਸੈਨਿਕ ਸੁੰਡੀ (ਆਰਮੀ ਵਰਮ)- ਵੇਖਣ ਵਿੱਚ ਆਇਆ ਹੈ ਕਿ ਕੁੱਝ ਥਾਵਾਂ ਤੇ ਕਣਕ ਤੇ ਸੈਨਿਕ ਸੁੰਡੀ ਦਾ ਹਮਲਾ ਹੋਇਆ ਹੈ। ਇਹ ਸੁੰਡੀ ਕਣਕ ਦੀ ਫਸਲ਼ ਦੇ ਪੱਤਿਆਂ ਤੇ ਬਹੁਤ ਬੁਰੀ ਤਰਾਂ ਹਮਲਾ ਕਰਦੀ ਹੈ । ਇਸ ਦੀ ਰੋਕਥਾਮ ਲਈ 40 ਮਿਲੀਲਿਟਰ ਕੋਰਾਜਨ 18.5 ਐਸ ਸੀ (ਕਲੋਰਐਂਟਰਾਨਿਲੀਪਰੋਲ*) ਜਾਂ 400 ਮਿਲੀਲਿਟਰ ਏਕਾਲਕਸ 25 ਈ ਸੀ (ਕੁਇਨਲਫ਼ਾਸ) ਨੂੰ 80-100 ਲਿਟਰ ਪਾਣੀ ਵਿੱਚ ਘੋਲ ਕੇ ਪ੍ਰਤੀ 20 ਏਕੜ ਨੈਪਸੈਕ ਪੰਪ ਨਾਲ ਛਿੜਕਾਅ ਕਰੋ। ਮੋਟਰ ਵਾਲੇ ਪੰਪ ਲਈ 30 ਲਿਟਰ ਪਾਣੀ ਹੀ ਕਾਫੀ ਹੈ। ਚੰਗੇ ਨਤੀਜੇ ਲੈਣ ਲਈ ਛਿੜਕਾਅ ਸ਼ਾਮ ਵੇਲੇ ਕਰੋ। ਇਹ ਕੀਟਨਾਸ਼ਕਾਂ ਚੇਪੇ ਦੀ ਰੋਕਥਾਮ ਵੀ ਕਰਦੀਆਂ ਹਨ। ਇਸ ਦੇ ਬਦਲ ਵਿੱਚ 7 ਕਿਲੋ ਮੋਰਟੈਲ/ਰੀਜੈਂਟ 0.3 ਜੀ (ਫਿਪਰੋਨਿਲ) ਜਾਂ 1 ਲਿਟਰ ਡਰਸਬਾਨ 20 ਈ ਸੀ (ਕਲੋਰਪਾਈਰੀਫ਼ਾਸ) ਨੂੰ 20 ਕਿਲੋ ਸਲਾਬੀ ਮਿੱਟੀ ਨਾਲ ਰਲਾ ਕੇ ਪ੍ਰਤੀ ਏਕੜ ਦੇ ਹਿਸਾਬ ਨਾਲ ਪਹਿਲਾ ਪਾਣੀ ਲਗਾਉਣ ਤੋ ਪਹਿਲਾਂ ਛੱਟਾ ਦੇਵੋ।
ਵਧੇਰੇ ਜਾਣਕਾਰੀ ਲਈ ਕਿਸਾਨ ਵੀਰ ਜਿਲਾ ਅਤੇ ਬਲਾਕ ਖੇਤੀਬਾੜੀ ਦਫਤਰਾਂ ਵਿਖੇ ਸੰਪਰਕ ਕਰ ਸਕਦੇ ਹਨ।
———————
Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।