ਅੰਮ੍ਰਿਤਸਰ, 26 ਫ਼ਰਵਰੀ-
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿਕਲੀਗਰ ਤੇ ਵਣਜਾਰੇ ਸਿੱਖ ਬੱਚਿਆਂ ਦੀਆਂ ਸਕੂਲ/ਕਾਲਜ਼ ਦੀਆਂ ਫੀਸਾਂ ਲਈ 13 ਲੱਖ 44 ਹਜ਼ਾਰ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਸ਼੍ਰੋਮਣੀ ਕਮੇਟੀ ਵੱਲੋਂ ਇਹ ਰਾਸ਼ੀ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਸ. ਸੁਰਜੀਤ ਸਿੰਘ ਭਿੱਟੇਵੱਡ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਸ. ਸੁਖਵਰਸ਼ ਸਿੰਘ ਪੰਨੂ ਤੇ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ ਨੇ ਰਾਏਪੁਰ ਅਤੇ ਛੱਤੀਸਗੜ੍ਹ ਦੇ ਵੱਖ-ਵੱਖ ਥਾਵਾਂ ’ਤੇ ਪੜ੍ਹਦੇ 111 ਸਿਕਲੀਗਰ ਤੇ ਵਣਜਾਰੇ ਸਿੱਖ ਬੱਚਿਆਂ ਦੀਆਂ ਫੀਸਾਂ ਦੇ ਰੂਪ ਵਿਚ ਸਕੂਲਾਂ ਨੂੰ ਸੌਂਪੀ। ਜ਼ਿਕਰਯੋਗ ਹੈ ਕਿ ਸ਼੍ਰੋਮਣੀ ਕਮੇਟੀ ਵੱਲੋਂ ਸਿਕਲੀਗਰ ਸਿੱਖ ਬੱਚਿਆਂ ਨੂੰ ਸਵੈ-ਨਿਰਭਰ ਬਣਾਉਣ ਲਈ ਹਰ ਸਾਲ ਬੱਚਿਆਂ ਦੀਆਂ ਸਕੂਲ ਫੀਸਾਂ ਭਰਨ ਦਾ ਫੈਸਲਾ ਕੀਤਾ ਹੋਇਆ ਹੈ। ਇਸੇ ਤਹਿਤ ਸ਼੍ਰੋਮਣੀ ਕਮੇਟੀ ਵੱਲੋਂ ਵੱਖ-ਵੱਖ ਵਿਦਿਅਕ ਅਦਾਰਿਆਂ ਨੂੰ ਇਹ ਫੀਸਾਂ ਭੇਜੀਆਂ ਗਈਆਂ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਰਾਏਪੁਰ ਤੇ ਛੱਤੀਸਗੜ੍ਹ ਦੇ ਵੱਖ-ਵੱਖ ਸਕੂਲਾਂ ਕਾਲਜਾਂ ਵਿੱਚ ਜਾ ਕੇ ਇਥੇ ਪੜ੍ਹ ਰਹੇ ਸਿਕਲੀਗਰ ਤੇ ਵਣਜਾਰੇ ਸਿੱਖ ਬੱਚਿਆਂ ਦੀਆਂ ਫੀਸਾਂ ਸਿੱਧੇ ਤੌਰ ’ਤੇ ਸਕੂਲਾਂ ਤੇ ਕਾਲਜਾਂ ਨੂੰ ਸੌਂਪੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਬੀਤੇ ’ਚ ਸ਼੍ਰੋਮਣੀ ਕਮੇਟੀ ਵੱਲੋਂ ਕੀਤੇ ਗਏ ਫੈਸਲੇ ਅਨੁਸਾਰ ਸਾਲ ਭਰ ਦੀਆਂ ਫੀਸਾਂ ਇਕੋ ਸਮੇਂ ਖੁਦ ਜਾ ਕੇ ਜਮ੍ਹਾਂ ਕਰਵਾਈਆਂ ਜਾਂਦੀਆਂ ਹਨ, ਤਾਂ ਜੋ ਇਸ ਦੀ ਸੁਜੋਗ ਵਰਤੋਂ ਯਕੀਨੀ ਬਣੀ ਰਹੇ। ਉਨ੍ਹਾਂ ਕਿਹਾ ਕਿ ਇਹ ਫੀਸਾਂ ਦੇਣ ਦਾ ਮੰਤਵ ਸਿਕਲੀਗਰ ਸਿੱਖ ਬੱਚਿਆਂ ਨੂੰ ਸਵੈ-ਨਿਰਭਰ ਬਣਾਉਣ ਲਈ ਸਿਖਿਅਤ ਕਰਨਾ ਹੈ, ਤਾਂ ਜੋ ਭਵਿੱਖ ਵਿਚ ਉਹ ਆਪਣੇ ਪੈਰਾਂ ’ਤੇ ਖੜ੍ਹੇ ਹੋ ਸਕਣ। ਇਸ ਮੌਕੇ ਉਨ੍ਹਾਂ ਨਾਲ ਇੰਚਾਰਜ ਸ. ਗੁਰਮੀਤ ਸਿੰਘ ਸ਼ੈਣੀ ਤੇ ਗੁਰਦੁਆਰਾ ਇੰਸਪੈਕਟਰ ਸ. ਮੋਹਨਦੀਪ ਸਿੰਘ ਵੀ ਮੌਜੂਦ ਸਨ।

Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।