ਅੰਮ੍ਰਿਤਸਰ, 18 ਮਾਰਚ
ਹਿਮਾਚਲ ਪ੍ਰਦੇਸ਼ ਵਿੱਚ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਪੁਲੀਸ ਦੀ ਮੌਜੂਦਗੀ ਵਿੱਚ ਸਿੱਖ ਨੌਜਵਾਨਾਂ ਦੇ ਵਾਹਨਾਂ ’ਤੇ ਲਗਾਏ ਝੰਡੇ ਅਤੇ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲਿਆਂ ਦੀ ਤਸਵੀਰ ਪਾੜਨ ਅਤੇ ਪੈਰਾਂ ਹੇਠ ਮਧੋਲਣ ਦੇ ਮਾਮਲੇ ਵਿੱਚ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਖ਼ਤ ਨੋਟਿਸ ਲਿਆ ਹੈ। ਉਨ੍ਹਾਂ ਕਿਹਾ ਕਿ ਇਸ ਘਟਨਾ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਇਹ ਮਾਮਲਾ ਹਿਮਾਚਲ ਪ੍ਰਦੇਸ਼ ਸਰਕਾਰ ਕੋਲ ਉਠਾਉਣ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਇਸ ਘਟਨਾ ਤੋਂ ਜਾਪਦਾ ਹੈ ਜਿਵੇਂ ਹਿਮਾਚਲ ਪੁਲੀਸ ਸਥਾਨਕ ਸ਼ਰਾਰਤੀ ਅਨਸਰਾਂ ਦੀ ਕਠਪੁਤਲੀ ਹੈ। ਉਨ੍ਹਾਂ ਸਿੱਖ ਨੌਜਵਾਨਾਂ ਨੂੰ ਹਿਮਾਚਲ ਜਾਣ ਸਮੇਂ ਵਾਹਨਾਂ ਦੇ ਕਾਗਜ਼ ਪੂਰੇ ਰੱਖਣ ਅਤੇ ਇਕੱਲੇ ਸਫ਼ਰ ਕਰਨ ਤੋਂ ਗੁਰੇਜ਼ ਕਰਨ ਦੀ ਅਪੀਲ ਕੀਤੀ। ਜਥੇਦਾਰ ਨੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੂੰ ਕਿਹਾ ਕਿ ਉਹ ਇਨ੍ਹਾਂ ਘਟਨਾਵਾਂ ਦਾ ਨੋਟਿਸ ਲੈਂਦਿਆਂ ਸੂਬੇ ਦੀ ਪੁਲੀਸ ਨੂੰ ਕਾਨੂੰਨ ਅਨੁਸਾਰ ਜ਼ਾਬਤਾ ਕਾਇਮ ਰੱਖਣ ਲਈ ਆਦੇਸ਼ ਜਾਰੀ ਕਰਨ। ਉਨ੍ਹਾਂ ਕਿਹਾ ਕਿ ਕੁਝ ਸ਼ਰਾਰਤੀ ਅਨਸਰ ਹਿਮਾਚਲ ਅਤੇ ਪੰਜਾਬ ਦੀ ਭਾਈਚਾਰਕ ਸਾਂਝ ਨੂੰ ਸੱਟ ਮਾਰਨਾ ਚਾਹੁੰਦੇ ਹਨ ਅਤੇ ਤਣਾਅ ਵਾਲੀ ਸਥਿਤੀ ਬਣਾਉਣਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਇਹ ਸੂਬਾ ਸਰਕਾਰ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਅਜਿਹੇ ਅਨਸਰਾਂ ਨੂੰ ਨੱਥ ਪਾਵੇ।

Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।