ਚੰਡੀਗੜ੍ਹ, 19 ਮਾਰਚ Farmers Detained ਪੁਲੀਸ ਨੇ ਚੰਡੀਗੜ੍ਹ ਵਿਚ ਕੇਂਦਰੀ ਮੰਤਰੀਆਂ ਨਾਲ ਮੀਟਿੰਗ ਤੋਂ ਵਾਪਸ ਸ਼ੰਭੂ ਤੇ ਖਨੌਰੀ ਮੋਰਚਿਆਂ ਉਤੇ ਪਰਤਦੇ ਸਮੇਂ ਕਿਸਾਨ ਆਗੂਆਂ ਜਗਜੀਤ ਸਿੰਘ ਡੱਲੇਵਾਲ਼, ਸਰਵਣ ਸਿੰਘ ਪੰਧੇਰ ਅਤੇ ਅਮਿੰਨਿਊ ਕੋਹਾੜ ਤੇ ਹੋਰ ਆਗੂਆਂ ਨੂੰ ਹਿਰਾਸਤ ‘ਚ ਲੈ ਲਿਆ ਹੈ। ਕਿਸਾਨ ਆਗੂਆਂ ਨੂੰ ਪਟਿਆਲਾ ਨੇੜੇ ਕਸਬਾ ਬਹਾਦਰਗੜ੍ਹ ਦੇ ਕਮਾਂਡੋ ਟਰੇਨਿੰਗ ਸੈਂਟਰ ਲਿਜਾਇਆ ਗਿਆ ਹੈ। ਇਸ ਦੌਰਾਨ ਢਾਬੀ ਗੁੱਜਰਾਂ ਬਾਰਡਰ ’ਤੇ ਪੁਲੀਸ ਦਾ ਐਕਸ਼ਨ ਸ਼ੁਰੂ ਹੋ ਗਿਆ ਹੈ। ਇਸ ਦੌਰਾਨ ਉਥੇ ਮੌਜੂਦਾ ਕਿਸਾਨਾਂ ਨਾਲ ਝੜਪ ਦੌਰਾਨ ਹਲਕਾ ਲਾਠੀਚਾਰਜ ਵੀ ਕੀਤਾ ਗਿਆ। ਕਿਸਾਨਾਂ ਖਿਲਾਫ਼ ਪੁਲੀਸ ਦੀ ਇਸ ਕਾਰਵਾਈ ਦਰਮਿਆਨ ਪਟਿਆਲਾ ਵਿਚ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ ਹਨ। ਉਧਰ ਸ਼ੰਭੂ ਬਾਰਡਰ ਉੱਤੇ ਵੀ ਪੁਲੀਸ ਹਰਕਤ ਵਿਚ ਆ ਗਈ ਹੈ। ਪੁਲੀਸ ਨੇ ਕਿਸਾਨਾਂ ਨੂੰ ਹਿਰਾਸਤ ਵਿੱਚ ਲੈਣ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲੀਸ ਨੇ ਸ਼ੰਭੂ ਬਾਰਡਰ ’ਤੇ ਕਿਸਾਨਾਂ ਵੱਲੋਂ ਬਣਾਈ ਗਈ ਮੁੱਖ ਸਟੇਜ ਵੀ ਤੋੜੀ ਦਿੱਤੀ ਹੈ। ਕਈ ਕਿਸਾਨਾਂ ਨੂੰ ਹਿਰਾਸਤ ਵਿੱਚ ਲੈ ਕੇ ਬੱਸਾਂ ਵਿੱਚ ਬਿਠਾਇਆ ਜਾ ਰਿਹਾ ਹੈ।
ਸ਼ੰਭੂ ਤੇ ਖਨੌਰੀ, ਦੋਵਾਂ ਬਾਰਡਰਾਂ ’ਤੇ 500 ਦੇ ਕਰੀਬ ਕਿਸਾਨ ਹਨ ਜਦਕਿ ਪੁਲੀਸ ਦੀ ਨਫਰੀ 5000 ਦੇ ਕਰੀਬ ਹੈ। ਬਹਾਦਰਗੜ੍ਹ ਦੇ ਕਮਾਂਡੋ ਟਰੇਨਿੰਗ ਸੈਂਟਰ ਵਿੱਚ ਕੁਝ ਹੋਰ ਕਿਸਾਨਾਂ ਨੂੰ ਵੀ ਲਿਆਂਦਾ ਗਿਆ ਹੈ।
ਸੂਤਰਾਂ ਮੁਤਾਬਕ ਪੁਲੀਸ ਨੇ ਇਸ ਕਾਰਵਾਈ ਨੂੰ ਮੁਹਾਲੀ ਜ਼ਿਲ੍ਹੇ ਵਿਚ ਉਦੋਂ ਅੰਜਾਮ ਦਿੱਤਾ ਜਦੋਂ ਕਿਸਾਨ ਆਗੂ ਮੀਟਿੰਗ ਤੋਂ ਬਾਅਦ ਪਟਿਆਲਾ ਪਰਤ ਰਹੇ ਸਨ। ਇਸ ਸਬੰਧੀ ਸੋਸ਼ਲ ਮੀਡੀਆ ਉਤੇ ਵਾਇਰਲ ਹੋ ਰਹੀ ਵੀਡੀਓ ਵਿਚ ਕਿਸਾਨ ਕਾਰਕੁਨਾਂ ਦੀ ਪੁਲੀਸ ਨਾਲ ਧੱਕਾਮੁੱਕੀ ਵੀ ਹੋ ਰਹੀ ਹੈ।
ਹਿਰਾਸਤ ’ਚ ਲਏ ਗਏ ਕਿਸਾਨ ਆਗੂਆਂ ’ਚ ਡੱਲੇਵਾਲ਼ ਤੇ ਪੰਧੇਰ ਤੋਂ ਇਲਾਵਾ ਕਾਕਾ ਸਿੰਘ ਕੋਟੜਾ, ਮਨਜੀਤ ਸਿੰਘ ਰਾਏ ਅਤੇਂ ਓਂਕਾਰ ਸਿੰਘ ਸਮੇਤ ਕੁਝ ਹੋਰਨਾਂ ਦੇ ਨਾਮ ਵੀ ਸ਼ਾਮਲ ਹਨ। ਸਮਝਿਆ ਜਾਂਦਾ ਹੈ ਕਿ ਹਿਰਾਸਤ ਵਿਚ ਲਏ ਗਏ ਆਗੂਆਂ ਨੂੰ ਪਟਿਆਲਾ ਲਿਆਂਦਾ ਜਾ ਰਿਹਾ ਹੈ।
ਗ਼ੌਰਤਲਬ ਹੈ ਕਿ ਅੱਜ ਸਵੇਰੇ ਕਿਸਾਨ ਆਗੂਆਂ ਦੇ ਗੱਲਬਾਤ ਲਈ ਚੰਡੀਗੜ੍ਹ ਰਵਾਨਾ ਹੋਣ ਤੋਂ ਬਾਅਦ ਹੀ ਪੰਜਾਬ ਪੁਲੀਸ ਨੇ ਪਟਿਆਲਾ ਤੇ ਸੰਗਰੂਰ ਜ਼ਿਲ੍ਹਿਆਂ ਵਿਚ ਭਾਰੀ ਫੋਰਸ ਤਾਇਨਾਤ ਕਰ ਦਿੱਤੀ ਸੀ। ਬਨੂੜ ਨੇੜੇ ਨਾਕਾ ਲਾ ਕੇ ਪਟਿਆਲਾ ਵੱਲ ਜਾਣ ਵਾਲੇ ਲੋਕਾਂ ਨੂੰ ਰੋਕ ਦੇ ਪੁੱਛਗਿੱਛ ਕੀਤੀ ਜਾ ਰਹੀ ਸੀ। ਇਸ ਤੋਂ ਇਲਾਵਾ ਸ਼ੰਭੂ ਬਾਰਡਰ ਨੇੜੇ ਇੰਟਰਨੈੱਟ ਸੇਵਾਵਾਂ ਬੰਦ ਕੀਤੇ ਜਾਣ ਦੀਆਂ ਰਿਪੋਰਟਾਂ ਵੀ ਆਈਆਂ।
ਦੂਜੇ ਪਾਸੇ ਕਿਸਾਨ ਆਗੂਆਂ ਵੱਲੋਂ ਖ਼ਦਸ਼ਾ ਜ਼ਾਹਰ ਕੀਤਾ ਜਾ ਰਿਹਾ ਹੈ ਕਿ ਪੁਲੀਸ ਵੱਲੋਂ ਬਾਰਡਰਾਂ ’ਤੇ ਕਾਇਮ ਕਿਸਾਨ ਮੋਰਚਿਆਂ ਉਤੇ ਹਮਲਾ ਕੀਤਾ ਜਾ ਸਕਦਾ ਹੈ, ਪਰ ਦੂਜੇ ਪਾਸੇ ਪੁਲੀਸ ਸੂਤਰਾਂ ਵੱਲੋਂ ਅਜਿਹੀ ਕਿਸੇ ਸੰਭਾਵਨਾ ਨੂੰ ਨਕਾਰਿਆ ਜਾ ਰਿਹਾ ਹੈ।

Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।