ਅੰਮ੍ਰਿਤਸਰ, 8 ਅਪ੍ਰੈਲ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਅਗਵਾਈ ਵਿਚ ਅੱਜ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਹੋਈ। ਇਕੱਤਰਤਾ ਵਿਚ ਜਥੇਦਾਰ ਕੁਲਦੀਪ ਸਿੰਘ ਗੜਗੱਜ ਦੇ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਮਲਕੀਤ ਸਿੰਘ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜੋਗਿੰਦਰ ਸਿੰਘ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪੰਜ ਪਿਆਰਾ ਗਿਆਨੀ ਮੰਗਲ ਸਿੰਘ ਹਾਜ਼ਰ ਹਨ। ਇਕੱਤਰਤਾ ਵੱਖ ਵੱਖ ਮਤੇ ਪਾਸ ਕੀਤੇ ਗਏ। ਇਕੱਤਰਤਾ ਵਿਚ ਫੈਸਲਾ ਕੀਤਾ ਗਿਆ ਕਿ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਇਕਬਾਲ ਸਿੰਘ ਨੂੰ ਪਹਿਲਾਂ ਮਿਤੀ 32 ਹਾੜ ਨਾਨਕਸ਼ਾਹੀ ਸੰਮਤ 556 ਮੁਤਬਿਕ 15 ਜੁਲਾਈ 2024 ਨੂੰ ਮਤਾ ਨੰਬਰ 04 ਰਾਹੀਂ ਸ੍ਰੀ ਅਕਾਲ ਤਖ਼ਤ ਸਾਹਿਬ ਪਾਸੋਂ ਬੀਤੇ ਵਿਚ ਉਨ੍ਹਾਂ ਵਲੋਂ ਕੀਤੀਆਂ ਗਲਤੀਆਂ ਲਈ ਤਨਖਾਹ ਲਗਾਈ ਗਈ ਸੀ, ਜਿਸ ਵਿਚ ਉਨ੍ਹਾਂ ਨੇ ਭੁੱਲ ਬਖਸ਼ਾਈ ਸੀ ਪਰੰਤੂ ਉਸ ਤੋਂ ਬਾਅਦ ਵੀ ਉਨ੍ਹਾਂ ਦੇ ਖਿਲਾਫ਼ ਸ੍ਰੀ ਅਕਾਲ ਤਖ਼ਤ ਸਾਹਿਬ ਪਾਸ ਸ਼ਿਕਾਇਤਾਂ ਆ ਰਹੀਆਂ ਹਨ ਅਤੇ ਬਹੁਤ ਗੰਭੀਰ ਇਲਜ਼ਾਮ ਲੱਗੇ ਹਨ। ਇਸ ਲਈ ਜਦੋਂ ਤੱਕ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋ ਕੇ ਆਪਣਾ ਪੱਖ ਨਹੀਂ ਰੱਖਦੇ ਤੇ ਲੱਗੇ ਇਲਜ਼ਾਮਾਂ ਤੋਂ ਸੁਰਖਰੂ ਨਹੀਂ ਹੋ ਜਾਂਦੇ ਉਦੋਂ ਤੱਕ ਉਹ ਪੰਥਕ ਸਰਗਰਮੀਆਂ ਅਤੇ ਸਮਾਗਮਾਂ ਵਿਚ ਸ਼ਮੂਲੀਅਤ ਤੋਂ ਗੁਰੇਜ਼ ਕਰਨ। ਇਨ੍ਹਾਂ ਦੀਆਂ ਪੰਥਕ ਸੇਵਾਵਾਂ ’ਤੇ ਰੋਕ ਲਗਾ ਦਿੱਤੀ ਗਈ ਹੈ।

Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।