ਜਰਮਨੀ 24 ਅਪ੍ਰੈਲ 2025 – ਵਰਲਡ ਸਿੱਖ ਪਾਰਲੀਮੈਂਟ, ਪੰਜਾਬ ਪੁਲਿਸ ਦੁਆਰਾ ਨੌਜਵਾਨਾਂ ‘ਤੇ ਕਥਿਤ ਤੌਰ ‘ਤੇ ਝੂਠੇ ਇਲਜ਼ਾਮ ਲਗਾ ਕੇ ਗ੍ਰਿਫਤਾਰ ਕਰਨ ਅਤੇ ਭਾਰਤ ਸਰਕਾਰ ਦੀਆਂ ਸਿੱਖ ਵਿਰੋਧੀ ਨੀਤੀਆਂ ਤਹਿਤ ਵਿਦੇਸ਼ਾਂ ਵਿੱਚ ਵਸਦੇ ਆਜ਼ਾਦੀ ਪਸੰਦ ਸਿੱਖਾਂ ਨੂੰ ਬਦਨਾਮ ਕਰਨ ਅਤੇ ਨਿਸ਼ਾਨਾ ਬਣਾਉਣ ਦੀਆਂ ਕਾਰਵਾਈਆਂ ਦੀ ਸਖ਼ਤ ਨਿਖੇਧੀ ਕਰਦੀ ਹੈ।
ਪਿਛਲੇ ਦਿਨੀਂ ਪੰਜਾਬ ਪੁਲਸ ਦੇ ਡੀ ਜੀ ਪੀ ਗੌਰਵ ਯਾਦਵ ਵੱਲੋਂ ਇੱਕ ਪ੍ਰੈਸ ਕਾਨਫਰੰਸ ਦੌਰਾਨ ਪੰਜਾਬ ਵਿੱਚ ਸਿੱਖ ਨੌਜਵਾਨਾਂ ਨੂੰ ਭਾਰੀ ਮਾਤਾਰਾ ਵਿੱਚ ਹਥਿਆਰਾਂ ਨਾਲ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਸੀ ਤੇ ਨਾਲ ਇਹ ਵੀ ਕਿਹਾ ਸੀ ਕਿ ਉਹਨਾਂ ਨੌਜਵਾਨਾਂ ਨੂੰ ਵਿਦੇਸ਼ ਵਸਦੇ ਸਿੱਖਾਂ ਵੱਲੋਂ ਨਿਯੰਤਰਤ ਕੀਤਾ ਜਾ ਰਿਹਾ ਸੀ । ਖਾਸ ਤੌਰ ‘ਤੇ, ਫਰਾਂਸ ਵਾਸੀ ਅਤੇ ਵਰਲਡ ਸਿੱਖ ਪਾਰਲੀਮੈਂਟ ਦੇ ਮੈਂਬਰ, ਭਾਈ ਸਤਨਾਮ ਸਿੰਘ ‘ਤੇ ਪੰਜਾਬ ਪੁਲਿਸ ਮੁਖੀ ਵੱਲੋਂ ਬੇਬੁਨਿਆਦ ਦੋਸ਼ ਲਗਾਏ ਗਏ ਸਨ ।
ਪਿਛਲੇ ਕੁਝ ਸਮੇਂ ਤੋਂ ਭਾਰਤ ਸਰਕਾਰ ਵੱਲੋਂ ਸਿੱਖ ਵਿਰੋਧੀ ਪਾਲਿਸੀ ਤਹਿਤ ਪੰਜਾਬ ਵਿੱਚ ਨੌਜਵਾਨਾਂ ਨੂੰ ਬਿਨਾਂ ਕਿਸੇ ਠੋਸ ਸਬੂਤ ਦੇ ਝੂਠੇ ਮਾਮਲਿਆਂ ਵਿੱਚ ਫਸਾਇਆ ਜਾ ਰਿਹਾ ਹੈ ਅਤੇ ਝੂਠੇ ਪੁਲਿਸ ਮੁਕਾਬਲਿਆਂ ਦਾ ਸ਼ਿਕਾਰ ਵੀ ਬਣਾਇਆ ਜਾ ਰਿਹਾ ਹੈ । ਇਸ ਦੇ ਨਾਲ ਹੀ, ਭਾਰਤ ਸਰਕਾਰ ਉਨ੍ਹਾਂ ਸਿੱਖਾਂ ਨੂੰ ਯੋਜਨਾਬੱਧ ਢੰਗ ਨਾਲ ਨਿਸ਼ਾਨਾ ਬਣਾ ਰਹੀ ਹੈ ਜੋ ਵਿਦੇਸ਼ਾਂ ਵਿੱਚ ਰਹਿ ਕੇ ਸ਼ਾਂਤੀਪੂਰਵਕ ਢੰਗ ਨਾਲ ਮਨੁੱਖੀ ਅਧਿਕਾਰਾਂ ਅਤੇ ਸਿੱਖ ਕੌਮ ਦੀ ਸਵੈ-ਨਿਰਣੇ ਦੀ ਗੱਲ ਕਰਦੇ ਹਨ, ਉਨ੍ਹਾਂ ਨੂੰ ਬਦਨਾਮ ਕਰਨ ਅਤੇ ਉਨ੍ਹਾਂ ਦੀ ਆਵਾਜ਼ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਭਾਈ ਸਤਨਾਮ ਸਿੰਘ, ਜੋ ਫਰਾਂਸ ਵਿੱਚ ਵਸਦੇ ਹਨ, ਇੱਕ ਸਤਿਕਾਰਤ ਭਾਈਚਾਰਕ ਆਗੂ ਹਨ ਜੋ ਨਾ ਸਿਰਫ਼ ਸਿੱਖ ਕੌਮ ਦੀ ਬਿਹਤਰੀ ਲਈ ਕੰਮ ਕਰਦੇ ਹਨ ਬਲਕਿ ਸਿੱਖਾਂ ਦੇ ਆਜ਼ਾਦੀ ਦੇ ਹੱਕਾਂ ਦੇ ਵੀ ਜ਼ੋਰਦਾਰ ਹਮਾਇਤੀ ਹਨ। ਉਹ ਨੌਜਵਾਨਾਂ ਨੂੰ ਸਕਾਰਾਤਮਕ ਗਤੀਵਿਧੀਆਂ ਵੱਲ ਪ੍ਰੇਰਿਤ ਕਰਨ ਲਈ ਕਬੱਡੀ ਟੂਰਨਾਮੈਂਟਾਂ ਵਰਗੇ ਉਸਾਰੂ ਉਪਰਾਲੇ ਵੀ ਕਰਦੇ ਹਨ। 2014 ਤੋਂ ਯੂਰਪੀਅਨ ਸਪੋਰਟਸ ਆਫ ਕੱਬਡੀ ਫੈਡਰੇਸ਼ਨ ਰਾਹੀਂ ਪੂਰੇ ਯੂਰਪ ਵਿੱਚ ਕਬੱਡੀ ਟੂਰਨਾਮੈਂਟ ਕਰਵਾਉਂਦੇ ਰਹਿੰਦੇ ਹਨ । ਅਜਿਹੇ ਸਮਾਜ ਸੇਵੀ ਅਤੇ ਆਪਣੇ ਹੱਕਾਂ ਲਈ ਅਵਾਜ਼ ਉਠਾਉਣ ਵਾਲੇ ਵਿਅਕਤੀ ‘ਤੇ ਬੇਬੁਨਿਆਦ ਦੋਸ਼ ਲਗਾਉਣਾ ਬੇਹੱਦ ਨਿੰਦਣਯੋਗ ਹੈ ਅਤੇ ਇਹ ਸਿੱਧ ਕਰਦਾ ਹੈ ਕਿ ਭਾਰਤ ਸਰਕਾਰ ਆਪਣੇ ਖਿਲਾਫ ਆਵਾਜ਼ਾਂ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ।
ਵਰਲਡ ਸਿੱਖ ਪਾਰਲੀਮੈਂਟ ਇਸ ਗੱਲ ‘ਤੇ ਜ਼ੋਰ ਦਿੰਦੀ ਹੈ ਕਿ ਸ਼ਾਂਤੀਪੂਰਵਕ ਢੰਗ ਨਾਲ ਆਪਣੇ ਵਿਚਾਰ ਪ੍ਰਗਟਾਉਣਾ ਅਤੇ ਸਿੱਖਾਂ ਦੇ ਜਾਇਜ਼ ਦੇ ਹੱਕਾਂ ਲਈ ਆਵਾਜ਼ ਉਠਾਉਣਾ ਹਰ ਕਿਸੇ ਦਾ ਬੁਨਿਆਦੀ ਅਧਿਕਾਰ ਹੈ। ਸਿੱਖ ਕਾਰਕੁਨਾਂ, ਭਾਵੇਂ ਉਹ ਪੰਜਾਬ ਵਿੱਚ ਹੋਣ ਜਾਂ ਵਿਦੇਸ਼ ਵਿੱਚ, ਨੂੰ ਦਬਾਉਣ ਅਤੇ ਡਰਾਉਣ ਲਈ ਸਰਕਾਰੀ ਤੰਤਰ ਦੀ ਦੁਰਵਰਤੋਂ ਨੂੰ ਤੁਰੰਤ ਬੰਦ ਕੀਤਾ ਜਾਣਾ ਚਾਹੀਦਾ ਹੈ। ਅਸੀਂ ਭਾਈ ਸਤਨਾਮ ਸਿੰਘ ਅਤੇ ਹੋਰਨਾਂ ਸਾਰੇ ਸਿੱਖਾਂ ਨਾਲ ਹੋ ਰਹੀਆਂ ਅਜਿਹੀਆਂ ਕਾਰਵਾਈਆਂ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦੇ ਹਾਂ ।
ਵਰਲਡ ਸਿੱਖ ਪਾਰਲੀਮੈਂਟ ਦੁਨੀਆ ਭਰ ਦੀਆਂ ਸਮੂਹ ਮਨੁੱਖੀ ਅਧਿਕਾਰ ਜਥੇਬੰਦੀਆਂ ਅਤੇ ਦੇਸ਼-ਵਿਦੇਸ਼ ਵਿੱਚ ਵਸਦੇ ਆਜ਼ਾਦੀ-ਪਸੰਦ ਸਿੱਖਾਂ ਨੂੰ ਪੁਰਜ਼ੋਰ ਅਪੀਲ ਕਰਦੀ ਹੈ ਕਿ ਉਹ ਭਾਰਤ ਸਰਕਾਰ ਦੁਆਰਾ ਸਿੱਖਾਂ ਵਿਰੁੱਧ ਬੇਬੁਨਿਆਦ ਦੋਸ਼ਾਂ ਦੇ ਆਧਾਰ ‘ਤੇ ਵਿੱਢੀ ਗਈ ਇਸ ਨਿਸ਼ਾਨਾ ਬਣਾਉਣ ਦੀ ਮੁਹਿੰਮ ਦਾ ਡੱਟ ਕੇ ਵਿਰੋਧ ਕਰਨ ਅਤੇ ਇਸ ਅਨਿਆਂ ਵਿਰੁੱਧ ਆਵਾਜ਼ ਬੁਲੰਦ ਕਰਨ।
ਇਸ ਦੇ ਨਾਲ ਹੀ, ਵਰਲਡ ਸਿੱਖ ਪਾਰਲੀਮੈਂਟ ਇਹ ਬਿਲਕੁਲ ਸਪੱਸ਼ਟ ਕਰ ਦੇਣਾ ਚਾਹੁੰਦੀ ਹੈ ਕਿ ਭਾਰਤ ਸਰਕਾਰ ਦੀਆਂ ਇਹ ਦਮਨਕਾਰੀ ਨੀਤੀਆਂ ਸਿੱਖ ਕੌਮ ਨੂੰ ਉਸਦੇ ਆਜ਼ਾਦੀ ਦੇ ਨਿਸ਼ਾਨੇ ਤੋਂ ਭਟਕਾਉਣ ਵਿੱਚ ਕਦਾਚਿਤ ਸਫਲ ਨਹੀਂ ਹੋਣਗੀਆਂ। ਬਲਕਿ, ਸਰਕਾਰ ਦੀਆਂ ਅਜਿਹੀਆਂ ਘਿਨਾਉਣੀਆਂ ਹਰਕਤਾਂ ਸਿੱਖਾਂ ਦੇ ਇਸ ਵਿਸ਼ਵਾਸ ਨੂੰ ਹੋਰ ਦ੍ਰਿੜ੍ਹ ਕਰਦੀਆਂ ਹਨ ਕਿ ਉਹਨਾਂ ਦਾ ਸੁਰੱਖਿਅਤ, ਸਨਮਾਨਜਨਕ ਅਤੇ ਧਾਰਮਿਕ ਆਜ਼ਾਦੀ ਵਾਲਾ ਜੀਵਨ ਕੇਵਲ ਉਹਨਾਂ ਦੇ ਆਪਣੇ ਆਜ਼ਾਦ ਘਰ, ਖਾਲਸਾ ਰਾਜ ਦੀ ਸਥਾਪਨਾ ਨਾਲ ਹੀ ਸੰਭਵ ਹੈ।

Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।