(ਫਰੈਂਕਫਰਟ) 20 ਮਈ:ਵਰਲਡ ਸਿੱਖ ਪਾਰਲੀਮੈਂਟ ਦੇ ਕੋਆਰਡੀਨੇਟਰ ਭਾਈ ਹਿੰਮਤ ਸਿੰਘ ਅਮਰੀਕਾ, ਕੋ-ਕੋਅਰਡੀਨੇਟਰ ਭਾਈ ਗੁਰਚਰਨ ਸਿੰਘ ਗੁਰਾਇਆ , ਭਾਈ ਜਤਿੰਦਰ ਸਿੰਘ ਜਰਮਨੀ, ਮੁੱਖ ਬੁਲਾਰੇ ਭਾਈ ਜੋਗਾ ਸਿੰਘ, ਜਨਰਲ ਸਕੱਤਰ ਭਾਈ ਮਨਪ੍ਰੀਤ ਸਿੰਘ ਇੰਗਲੈਂਡ, ਭਾਈ ਪਿ੍ਰਤਪਾਲ ਸਿੰਘ ਸਵਿਟਜ਼ਰਲੈਂਡ , ਜਸਵਿੰਦਰ ਸਿੰਘ ਹਾਲੈਡ ਨੇ ਪ੍ਰੈਸ ਦੇ ਨਾਂ ਜਾਰੀ ਬਿਆਨ ਕਰਦਿਆਂ ਹੋਇਆਂ ਕਿਹਾ ਕਿ
ਭਾਰਤੀ ਫੌਜ ਵੱਲੋਂ ਹਾਲ ਹੀ ਵਿੱਚ ‘ਆਪ੍ਰੇਸ਼ਨ ਸਿੰਦੂਰ’ ਬਾਰੇ ਕੀਤੇ ਗਏ ਦਾਅਵਿਆਂ ਨੂੰ ਸਖ਼ਤੀ ਨਾਲ ਰੱਦ ਕਰਦੀ ਹੈ, ਜਿਸ ਵਿੱਚ ਕਿਹਾ ਗਿਆ ਹੈ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ, ਕਥਿਤ ਤੌਰ ‘ਤੇ ਪਾਕਿਸਤਾਨੀ ਫੌਜ ਦੇ ਨਿਸ਼ਾਨੇ ‘ਤੇ ਸੀ। ਇਹ ਬਿਆਨ ਭਾਰਤ ਦੀ ਹਕੂਮਤ ਵੱਲੋਂ ਸਿੱਖਾਂ ਨੂੰ ਆਪਣੇ ਸੌੜੇ ਸਿਆਸੀ ਹਿੱਤਾਂ ਲਈ ਵਰਤਣ ਅਤੇ ਪੰਜਾਬ ਨੂੰ ਜੰਗ ਦਾ ਮੈਦਾਨ ਬਨਾਉਣ ਦੀ ਇੱਕ ਹੋਰ ਕੋਸ਼ਿਸ਼ ਤੋਂ ਵੱਧ ਕੁੱਝ ਨਹੀਂ ਹੈ।
ਭਾਰਤੀ ਫੌਜ ਦਾ ਕਹਿਣਾ ਕਿ ਪਾਕਿਸਤਾਨ ਵੱਲੋਂ ਸ੍ਰੀ ਦਰਬਾਰ ਸਾਹਿਬ ‘ਤੇ ਡਰੋਨਾਂ ਅਤੇ ਮਿਜ਼ਾਈਲਾਂ ਨਾਲ ਹਮਲਾ ਕਰਨ ਦੀ ਖੁਫੀਆ ਜਾਣਕਾਰੀ ਮਿਲੀ ਸੀ, ਨਾ ਸਿਰਫ਼ ਬੇਬੁਨਿਆਦ ਹੈ ਬਲਕਿ ਸਿੱਖ ਮਾਨਸਿਕਤਾ ਨੂੰ ਭੜਕਾਉਣ ਦੀ ਇੱਕ ਸੋਚੀ ਸਮਝੀ ਚਾਲ ਹੈ। ਭਾਰਤੀ ਫੌਜ ਦੇ ਦਾਅਵਿਆਂ ‘ਤੇ ਭਰੋਸਾ ਨਹੀਂ ਕੀਤਾ ਜਾ ਸਕਦਾ, ਖਾਸ ਕਰਕੇ ਜਦੋਂ ਉਨ੍ਹਾਂ ਦਾ ਆਪਣਾ ਇਤਿਹਾਸ ਸਿੱਖ ਕੌਮ ਨਾਲ ਧੋਖੇ ਅਤੇ ਜ਼ੁਲਮਾਂ ਨਾਲ ਭਰਿਆ ਪਿਆ ਹੈ।
ਇਹ ਉਹੀ ਭਾਰਤੀ ਫੌਜ ਹੈ ਜਿਸ ਨੇ ਜੂਨ 1984 ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਟੈਂਕਾਂ ਅਤੇ ਤੋਪਾਂ ਨਾਲ ਹਮਲਾ ਕਰਕੇ ਹਜ਼ਾਰਾਂ ਨਿਰਦੋਸ਼ ਸਿੱਖ ਸ਼ਰਧਾਲੂਆਂ ਦਾ ਕਤਲੇਆਮ ਕੀਤਾ ਅਤੇ ਸਿੱਖਾਂ ਦੇ ਸਭ ਤੋਂ ਪਵਿੱਤਰ ਅਸਥਾਨ ਦੀ ਬੇਅਦਬੀ ਕੀਤੀ। ਉਹ ਹਿੰਦੁਤਵੀ ਤਾਕਤਾਂ ਜੋ 1984 ਵਿੱਚ ਸਾਡੇ ਤਖ਼ਤ ਨੂੰ ਢਾਹੁਣ ਲਈ ਜ਼ਿੰਮੇਵਾਰ ਸਨ, ਅਤੇ ਉਹ ਲੋਕ ਜਿਨ੍ਹਾਂ ਨੇ ਹਮਲੇ ਤੋਂ ਬਾਅਦ ਮਠਿਆਈਆਂ ਵੰਡੀਆਂ ਸਨ ਤੇ ਉਹ ਪਾਰਟੀ ਜਿਸ ਨੇ ਕਾਂਗਰਸ ਸਰਕਾਰ ਨੂੰ ਹਮਲ ਕਰਨ ਲਈ ਉਕਸਾਇਆ ਵੀ ਸੀ ਤੇ ਹਮਲੇ ਤੋਂ ਬਾਅਦ ਵਧਾਈ ਵੀ ਦਿੱਤੀ ਸੀ, ਅੱਜ ਕਿਸ ਮੂੰਹ ਨਾਲ ਇਹ ਦਾਅਵਾ ਕਰ ਰਹੀਆਂ ਹਨ ਕਿ ਉਨ੍ਹਾਂ ਨੇ ਸ੍ਰੀ ਦਰਬਾਰ ਸਾਹਿਬ ਨੂੰ ਪਾਕਿਸਤਾਨ ਤੋਂ ਬਚਾਇਆ ਹੈ? ਇਹ ਬਿਆਨ ਸਿੱਖਾਂ ਦੇ ਜ਼ਖ਼ਮਾਂ ‘ਤੇ ਲੂਣ ਛਿੜਕਣ ਦੇ ਬਰਾਬਰ ਹੈ।
ਸ੍ਰੀ ਦਰਬਾਰ ਸਾਹਿਬ ਦੀ ਰਾਖੀ ਲਈ ਹਮੇਸ਼ਾਂ ਸਿੱਖ ਆਪ ਜੂਝਦੇ ਰਹੇ ਹਨ ਅਤੇ ਹਰ ਧਾੜਵੀ ਨੂੰ ਮੂੰਹ ਤੋੜਵਾਂ ਜਵਾਬ ਦਿੰਦੇ ਰਹੇ ਹਨ । ਅੱਜ ਸਿੱਖ ਭਾਰਤੀ ਸਰਕਾਰ ਅਤੇ ਫ਼ੌਜ ਨੂੰ ਸਿੱਖਾਂ ਦੇ ਦੁਸ਼ਮਣ ਅਤੇ ਹਮਲਾਵਰ ਤਸੱਵਰ ਕਰਦੇ ਹਨ ।
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਪਾਕਿਸਤਾਨ ਵੱਲੋਂ ਹਮਲਾ ਕਰਨ ਦੇ ਬਿਰਤਾਂਤ ਪਿੱਛੇ ਭਾਰਤ ਸਰਕਾਰ ਦੀ ਮਨਸ਼ਾ ਹਿੰਦੂਆਂ ਨੂੰ ਪਿੱਛੇ ਰੱਖ ਕੇ ਸਿੱਖਾਂ ਅਤੇ ਮੁਸਲਮਾਨਾਂ ਵਿਚਕਾਰ ਪਾੜਾ ਪਾਉਣਾ ਅਤੇ ਦੁਸ਼ਮਣੀ ਪੈਦਾ ਕਰਨਾ ਹੈ, ਤਾਂ ਜੋ ਭਾਰਤ ਸਰਕਾਰ ਇਹਨਾਂ ਦੋ ਦੋਸਤ ਕੌਮਾਂ ਨੂੰ ਲੜਾ ਕੇ ਆਪਣਾ ਮਕਸਦ ਹੱਲ ਕਰ ਸਕੇ । ਪਰ ਸ਼ਾਇਦ ਜੰਗ ਦੇ ਜਨੂੰਨ ਵਿੱਚ ਉਹ ਭੁੱਲ ਗਏ ਹਨ ਕਿ ਇਸ ਪਵਿੱਤਰ ਅਸਥਾਨ ਦੀ ਨੀਂਹ ਸਾਈਂ ਮੀਆਂ ਮੀਰ ਜੀ ਵਰਗੇ ਮੁਸਲਮਾਨ ਫਕੀਰ ਨੇ ਰੱਖੀ ਸੀ । ਸਿੱਖ ਕੌਮ ਭਾਈ ਮਰਦਾਨਾ ਜੀ, ਬਾਬਾ ਫਰੀਦ ਜੀ ਅਤੇ ਪੀਰ ਬੁੱਧੂ ਸ਼ਾਹ ਵਰਗਿਆਂ ਦੀ ਗੁਰੂ ਘਰ ਨਾਲ ਸਾਂਝ ਨੂੰ ਕਦੇ ਨਹੀਂ ਭੁਲਾ ਸਕਦੇ ਹਨ।
ਅੱਜ ਪੂਰੀ ਦੁਨੀਆ ਵਿੱਚ ਭਾਰਤ ਸਰਕਾਰ ਦੇ ਦਾਅਵਿਆਂ ਨੂੰ ਸ਼ੱਕ ਦੀ ਨਿਗ੍ਹਾ ਨਾਲ ਦੇਖਿਆ ਜਾਂਦਾ ਹੈ। ਹਾਲ ਹੀ ਦੇ ਕਈ ਮਾਮਲਿਆਂ ਵਿੱਚ ਇਹ ਸਾਬਤ ਹੋਇਆ ਹੈ ਕਿ ਭਾਰਤੀ ਮੀਡੀਆ, ਸਰਕਾਰੀ ਸ਼ਹਿ ‘ਤੇ, ਇੱਕਪਾਸੜ ਅਤੇ ਝੂਠਾ ਪ੍ਰਚਾਰ ਕਰਨ ਵਿੱਚ ਮੋਹਰੀ ਰਿਹਾ ਹੈ। ਇਹ ਕੋਈ ਲੁਕੀ ਛਿਪੀ ਗੱਲ ਨਹੀਂ ਕਿ ਭਾਰਤ ਸਰਕਾਰ ਸਿੱਖਾਂ ਨੂੰ ਬਲੀ ਦਾ ਬੱਕਰਾ ਬਣਾ ਕੇ ਆਪਣੇ ਮਨਸੂਬੇ ਪੂਰੇ ਕਰਨਾ ਚਾਹੁੰਦੀ ਹੈ।
ਵਰਲਡ ਸਿੱਖ ਪਾਰਲੀਮੈਂਟ ਭਾਰਤ ਸਰਕਾਰ ਨੂੰ ਚੇਤਾਵਨੀ ਦਿੰਦੀ ਹੈ ਕਿ ਉਹ ਅਜਿਹੀਆਂ ਘਿਨਾਉਣੀਆਂ ਚਾਲਾਂ ਤੋਂ ਬਾਜ਼ ਆਵੇ ਅਤੇ ਸਿੱਖ ਕੌਮ ਨੂੰ ਕਮਜ਼ੋਰ ਸਮਝਣ ਦੀ ਗਲਤੀ ਨਾ ਕਰੇ। ਸਿੱਖ ਭਾਰਤ ਅਤੇ ਵਿਦੇਸ਼ਾਂ ਵਿੱਚ ਅਜਿਹੀਆਂ ਕੋਸ਼ਿਸ਼ਾਂ ਦਾ ਡੱਟ ਕੇ ਵਿਰੋਧ ਕਰਨਗੇ ਜੋ ਸਿੱਖਾਂ ਨੂੰ ਗੁੰਮਰਾਹ ਕਰਨ ਜਾਂ ਵਰਤਣ ਲਈ ਕੀਤੀਆਂ ਜਾਂਦੀਆਂ ਹਨ। ਗੁਰੂ ਦਾ ਖਾਲਸਾ ਹਮੇਸ਼ਾਂ ਚੜ੍ਹਦੀ ਕਲਾ ਵਿੱਚ ਰਹਿੰਦੇ ਹੋਏ ਆਪਣੇ ਹੱਕਾਂ ਅਤੇ ਆਪਣੇ ਧਾਰਮਿਕ ਸਥਾਨਾਂ ਦੀ ਰਾਖੀ ਲਈ ਵਚਨਬੱਧ ਹੈ ਅਤੇ ਭਾਰਤ ਸਰਕਾਰ ਦੇ ਨਾਪਾਕ ਮਨਸੂਬਿਆਂ ਦਾ ਮੂੰਹ ਤੋੜਵਾਂ ਜਵਾਬ ਦਿੰਦਾ ਰਹੇਗਾ।
Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।









