ਅੰਮ੍ਰਿਤਸਰ, 4 ਜੂਨ
ਜੂਨ 1984 ਸਾਕਾ ਨੀਲਾ ਤਾਰਾ ਫੌਜੀ ਹਮਲੇ ਦੀ 41ਵੀਂ ਵਰ੍ਹੇਗੰਢ ਦੇ ਸਬੰਧ ਵਿੱਚ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਥੇ ਸ੍ਰੀ ਅਕਾਲ ਤਖਤ ਵਿਖੇ ਅਖੰਡ ਪਾਠ ਆਰੰਭ ਕੀਤੇ ਗਏ ਹਨ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸ਼੍ਰੋਮਣੀ ਕਮੇਟੀ ਮੈਂਬਰ ਤੇ ਹੋਰ ਹਾਜ਼ਰ ਸਨ। ਅਖੰਡ ਪਾਠ ਦੇ ਭੋਗ 6 ਜੂਨ ਨੂੰ ਪਾਏ ਜਾਣਗੇ। ਰਵਾਇਤ ਮੁਤਾਬਕ ਸ੍ਰੀ ਅਕਾਲ ਤਖਤ ਦੇ ਜਥੇਦਾਰ ਵੱਲੋਂ ਸਿੱਖ ਕੌਮ ਦੇ ਨਾਂ ਸੰਦੇਸ਼ ਜਾਰੀ ਕੀਤਾ ਜਾਵੇਗਾ ਅਤੇ ਸ਼ਹੀਦ ਪਰਿਵਾਰਾਂ ਨੂੰ ਸਨਮਾਨਿਤ ਕੀਤਾ ਜਾਵੇਗਾ।
ਹਾਲਾਂਕਿ ਐਤਕੀਂ ਦਮਦਮੀ ਟਕਸਾਲ ਤੇ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਸ੍ਰੀ ਅਕਾਲ ਤਖਤ ਦੇ ਮੌਜੂਦਾ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦਾ ਵਿਰੋਧ ਕੀਤਾ ਜਾ ਰਿਹਾ ਹੈ। ਸਿੱਖ ਜਥੇਬੰਦੀਆਂ ਨੇ ਐਲਾਨ ਕੀਤਾ ਹੈ ਕਿ ਜੇਕਰ ਜਥੇਦਾਰ ਗੜਗੱਜ ਸਿੱਖ ਕੌਮ ਦੇ ਨਾਂ ਸੰਦੇਸ਼ ਜਾਰੀ ਕਰਦੇ ਹਨ ਅਤੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਸਨਮਾਨਿਤ ਕਰਦੇ ਹਨ ਤਾਂ ਉਹ ਇਸ ਦਾ ਵਿਰੋਧ ਕਰਨਗੇ। ਉਨ੍ਹਾਂ ਦਾ ਕਹਿਣਾ ਹੈ ਕਿ ਜਥੇਦਾਰ ਗੜਗੱਜ ਕੌਮ ਦੇ ਪ੍ਰਵਾਨਿਤ ਜਥੇਦਾਰ ਨਹੀਂ ਹਨ, ਜਿਸ ਨਾਲ ਸਥਿਤੀ ਤਣਾਅਪੂਰਨ ਹੋ ਸਕਦੀ ਹੈ।
ਉਧਰ ਸ਼੍ਰੋਮਣੀ ਕਮੇਟੀ ਵੱਲੋਂ ਪੰਥਕ ਸੰਕਟ ਦੇ ਹੱਲ ਲਈ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਕੋਈ ਹੱਲ ਲੱਭਿਆ ਜਾ ਸਕੇ। ਇਸ ਦੌਰਾਨ ਸ੍ਰੀ ਹਰਿਮੰਦਰ ਸਾਹਿਬ, ਇਸ ਦੇ ਆਲੇ ਦੁਆਲੇ ਅਤੇ ਸ਼ਹਿਰ ਵਿੱਚ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਜਾ ਰਹੇ ਹਨ।

Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।