ਨਵੀਂ ਦਿੱਲੀ, 5 ਜੂਨ (ਮਨਪ੍ਰੀਤ ਸਿੰਘ ਖਾਲਸਾ): ਗੁਰਦੁਆਰਾ ਡੇਰਾ ਬਾਬਾ ਕਰਮ ਸਿੰਘ ਯਮੁਨਾ ਪਾਰ ਵਿਖੇ ਗੁਰਬਾਣੀ ਪ੍ਰਚਾਰ ਸੁਸਾਇਟੀ (ਝੀਲ) ਵੱਲੋਂ ਗੁਰਮਤਿ ਕੈਂਪ ਲਗਾਇਆ ਗਿਆ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੀਡੀਆ ਸੈਲ ਦੇ ਚੇਅਰਮੈਨ ਸਰਦਾਰ ਸੁਖਵਿੰਦਰ ਸਿੰਘ ਬੱਬਰ ਨੇ ਵਿਸ਼ੇਸ਼ ਤੌਰ ਤੇ ਪੁੱਜਕੇ ਬੱਚਿਆ ਦੀ ਹੌਸਲਾ ਅਫਜ਼ਾਈ ਕੀਤੀ।
ਇਸ ਮੌਕੇ ਗੱਲਬਾਤ ਕਰਦਿਆਂ ਸਰਦਾਰ ਸੁਖਵਿੰਦਰ ਸਿੰਘ ਬੱਬਰ ਨੇ ਦੱਸਿਆ ਕਿ ਪਿਛਲੇ 23 ਸਾਲਾਂ ਤੋਂ ਗੁਰਬਾਦੀ ਪ੍ਰਚਾਰ ਸੁਸਾਇਟੀ (ਝੀਲ) ਵੱਲੋਂ ਇਸ ਅਸਥਾਨ ’ਤੇ ਗੁਰਮਤਿ ਕੈਂਪ ਲਗਾ ਕੇ ਬੱਚਿਆਂ ਨੂੰ ਗੁਰਬਾਣੀ ਤੇ ਗੁਰਸਿੱਖੀ ਜੀਵਨ ਨਾਲ ਜੋੜਨ ਦੇ ਉਪਰਾਲੇ ਕੀਤੇ ਜਾ ਰਹੇ ਹਨ ਜਿਹਨਾਂ ਦੀ ਜਿੰਨੀ ਵੀ ਸ਼ਲਾਘਾ ਕੀਤੀ ਜਾਵੇ ਥੋੜ੍ਹੀ ਹੈ। ਉਹਨਾਂ ਕਿਹਾ ਕਿ ਇਸ ਸੰਸਥਾ ਵੱਲੋਂ 2003 ਤੋਂ ਇਹ ਸੇਵਾ ਕੀਤੀ ਜਾ ਰਹੀ ਹੈ ਤੇ ਇਸ ਵਿਚ ਸਿਰਫ ਬੱਚੇ ਹੀ ਨਹੀਂ ਬਲਕਿ ਵਡੇਰੀ ਉਮਰ ਦੇ ਲੋਕ ਵੀ ਗੁਰਸਿੱਖੀ ਜੀਵਨ ਨਾਲ ਜੁੜਨਾ ਸਿੱਖ ਰਹੇ ਹਨ। ਉਹਨਾਂ ਕਿਹਾ ਕਿ ਇਹ ਵੀ ਬਹੁਤ ਖੁਸ਼ੀ ਤੇ ਮਾਣ ਵਾਲੀ ਗੱਲ ਹੈ ਕਿ ਇਸ ਕੈਂਪ ਵਿਚ ਸਿੱਖਲਾਈ ਹਾਸਲ ਕਰ ਕੇ ਕੁਝ ਸ਼ਖਸੀਅਤਾਂ ਅੱਜ ਆਪ ਅਧਿਆਪਕ ਬਣ ਕੇ ਇਸ ਗੁਰਮਤਿ ਕੈਂਪ ਵਿਚ ਬੱਚਿਆਂ ਨੂੰ ਸਿੱਖਲਾਈ ਦੇ ਰਹੇ ਹਨ। ਉਹਨਾਂ ਕਿਹਾ ਕਿ ਇਹ ਵੀ ਬਹੁਤ ਮਾਣ ਵਾਲੀ ਗੱਲ ਹੈ ਕਿ ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਿਰਫ ਦਿੱਲੀ ਹੀ ਨਹੀਂ ਬਲਕਿ ਦੇਸ਼ ਦੇ ਵੱਖ-ਵੱਖ ਭਾਗਾਂ ਵਿਚ ਵੀ ਅਜਿਹੇ ਗੁਰਮਤਿ ਕੈਂਪ ਲਗਾ ਕੇ ਵਿਦਿਆਰਥੀਆਂ ਨੂੰ ਗੁਰਬਾਣੀ ਨਾਲ ਜੋੜਨ ਦੇ ਉਪਰਾਲੇ ਕੀਤੇ ਹਨ। ਉਹਨਾਂ ਕਿਹਾ ਕਿ ਇਹਨਾਂ ਕੈਂਪਾਂ ਵਿਚ ਸਿਰਫ ਗੁਰਬਾਣੀ ਹੀ ਨਹੀਂ ਸਿਖਾਈ ਜਾ ਰਹੀ ਬਲਕਿ ਪੂਰਨ ਗੁਰਮਤਿ ਅਨੁਸਾਰ ਜੀਵਨ ਜਿਉਣਾ ਵੀ ਸਿਖਾਇਆ ਜਾ ਰਿਹਾ ਹੈ ਅਤੇ ਕੀਰਤਨ ਕਰਨ ਵਾਸਤੇ ਤਬਲਾ, ਹਰਮੋਨੀਅਮ ਤੇ ਹੋਰ ਸਾਜ਼ਾਂ ਦੀ ਸਿਖਲਾਈ ਵੀ ਦਿੱਤੀ ਜਾ ਰਹੀ ਹੈ।

Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।