ਨਵੀਂ ਦਿੱਲੀ, 6 ਜੂਨ (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਹੈ ਕਿ ਦਿੱਲੀ ਕਮੇਟੀ ਦੀ ਮੌਜੂਦਾ ਟੀਮ ਦੇ ਸ਼ਲਾਘਾਯੋਗ ਕੰਮ ਨੂੰ ਵੇਖਦੇ ਹੋਏ ਮੈਂਬਰਾਂ ਵੱਲੋਂ ਪਰਮਜੀਤ ਸਿੰਘ ਸਰਨਾ ਤੇ ਮਨਜੀਤ ਸਿੰਘ ਜੀ.ਕੇ. ਦੀ ਪਾਰਟੀ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਵਿਚ ਸ਼ਾਮਲ ਹੋਣ ਨਾਲ ਦੋਵੇਂ ਸਰਨਾ ਭਰਾ ਤੇ ਜੀ.ਕੇ. ਬੁਰੀ ਤਰ੍ਹਾਂ ਬੌਖਲਾ ਗਏ ਹਨ। ਜਾਰੀ ਕੀਤੇ ਇਕ ਬਿਆਨ ਵਿਚ ਸਰਦਾਰ ਕਾਲਕਾ ਤੇ ਸਰਦਾਰ ਕਾਹਲੋਂ ਨੇ ਕਿਹਾ ਕਿ ਸਰਨਾ ਭਰਾਵਾਂ ਤੇ ਮਨਜੀਤ ਸਿੰਘ ਜੀ.ਕੇ. ਦੇ ਬਹੁ ਗਿਣਤੀ ਸਮਰਥਕ ਮੈਂਬਰਾਂ ਨੇ ਜਦੋਂ ਵੇਖ ਲਿਆ ਕਿ ਇਹ ਲੋਕ ਝੂਠੀ ਤੇ ਗੁੰਮਰਾਹਕੁੰਨ ਰਾਜਨੀਤੀ ਕਰਦੇ ਹਨ ਤਾਂ ਮੈਂਬਰਾਂ ਨੇ ਖੁਦ ਹੀ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਦੀ ਲੀਡਰਸ਼ਿਪ ਕੋਲ ਪਹੁੰਚ ਕਰ ਕੇ ਪਾਰਟੀ ਵਿਚ ਸ਼ਾਮਲ ਹੋਣਾ ਸ਼ੁਰੂ ਕਰ ਦਿੱਤਾ। ਉਹਨਾਂ ਕਿਹਾ ਕਿ ਬਹੁ ਗਿਣਤੀ ਮੈਂਬਰ ਤਾਂ ਪਾਰਟੀ ਵਿਚ ਸ਼ਾਮਲ ਹੋ ਗਏ ਹਨ ਤੇ ਜਿਹੜੇ ਰਹਿੰਦੇ ਹਨ, ਉਹ ਵੀ ਪਾਰਟੀ ਵਿਚ ਸ਼ਾਮਲ ਹੋਣ ਲਈ ਉਤਾਵਲੇ ਹਨ ਤੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਦੇ ਸੰਪਰਕ ਵਿਚ ਹਨ। ਉਹਨਾਂ ਕਿਹਾ ਕਿ ਆਪਣੀ ਸਿਆਸੀ ਜ਼ਮੀਨ ਜਾਂਦੀ ਵੇਖ ਕੇ ਦੋਵੇਂ ਸਰਨਾ ਭਰਾਵਾਂ ਤੇ ਮਨਜੀਤ ਸਿੰਘ ਜੀ.ਕੇ. ਬੌਖਲਾ ਗਏ ਹਨ ਤੇ ਬੇਮਤਲਬ ਦੇ ਪੁੱਠੇ ਸਿੱਧੇ ਬਿਆਨ ਜਾਰੀ ਕਰ ਰਹੇ ਹਨ। ਉਹਨਾਂ ਕਿਹਾ ਕਿ ਇਹ ਤਿੰਨੋਂ ਦਿੱਲੀ ਦੀ ਸਿੱਖ ਸਿਆਸਤ ਦੇ ਪਹਿਲੇ ਅਜਿਹੇ ਲੋਕ ਹਨ ਜਿਹਨਾਂ ਨੇ ਦਿੱਲੀ ਗੁਰਦੁਆਰਾ ਐਕਟ ਦੀ ਉਲੰਘਣਾ ਕਰ ਕੇ ਆਪਣੇ ਪਰਿਵਾਰਕ ਮੈਂਬਰਾਂ ਦੇ ਨਾਂ ’ਤੇ ਕਮੇਟੀ ਨਾਲ ਵਪਾਰ ਕੀਤਾ ਜੋ ਸਾਰਾ ਰਿਕਾਰਡ ਦਾ ਹਿੱਸਾ ਹੈ ਤੇ ਇਸ ਮਾਮਲੇ ਦੀ ਜਾਂਚ ਸ਼ੁਰੂ ਹੋ ਚੁੱਕੀ ਹੈ। ਇਸ ਗੱਲ ਦੇ ਨਾਲ-ਨਾਲ ਇਹਨਾਂ ਨੂੰ ਇਹ ਵੀ ਡਰ ਸਤਾ ਰਿਹਾ ਹੈ ਕਿ ਜਦੋਂ ਸਾਰੀ ਸੱਚਾਈ ਸਾਹਮਣੇ ਆਈ ਤਾਂ ਇਹਨਾਂ ਦੀ ਮੈਂਬਰੀ ਚਲੀ ਜਾਵੇਗੀ। ਅਜਿਹੇ ਵਿਚ ਇਹਨਾਂ ਨੇ ਅਵਾ ਤਵਾ ਬਿਆਨਬਾਜ਼ੀ ਸ਼ੁਰੂ ਕਰ ਦਿੱਤੀ ਹੈ ਤੇ ਇਹਨਾਂ ਨੂੰ ਖੁਦ ਨੂੰ ਸਮਝ ਨਹੀਂ ਆਉਂਦਾ ਕਿ ਅਸੀਂ ਕੀ ਬਿਆਨ ਦੇ ਰਹੇ ਹਾਂ।

Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।